ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
- ਰਾਜਨੀਤੀ
- (Asia/Kolkata)
ਹਰਵਿੰਦਰ ਕੌਰ ਖੁੱਡੀ ਕਲਾਂ / ਮੰਗਤ ਸਿੰਘ ਸੈਦਪੁਰ
ਚੰਡੀਗੜ੍ਹ, 12 ਨਵੰਬਰ
: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਮ ਆਦਮੀ ਪਾਰਟੀ ਨੇ ਬੀਤੇ ਕੱਲ੍ਹ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਹੋਈ ਅਹਿਮ ਬੈਠਕ ਤੋਂ ਬਾਅਦ ਜਾਰੀ ਕੀਤੀ ਗਈ ਇਸ ਸੂਚੀ ਵਿੱਚ 31 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਕੌਮੀ ਸਕੱਤਰ ਪੰਕਜ ਕੁਮਾਰ ਗੁਪਤਾ ਵੱਲੋਂ ਜਾਰੀ ਇਸ ਸੂਚੀ ਦੇ ਨਾਲ ਹੀ 'ਆਪ' ਵੱਲੋਂ ਪੰਜਾਬ ਦੀਆਂ ਕੁੱਲ 117 ਸੀਟਾਂ ਵਿੱਚੋਂ ਹੁਣ ਤੱਕ 71 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦਕਿ 46 ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ।
ਪਾਰਟੀ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਮੁਤਾਬਕ ਪੀਏਸੀ ਦੀ ਮੀਟਿੰਗ ਵਿੱਚ ਦਿਨ ਭਰ ਚੱਲੇ ਵਿਚਾਰ-ਵਟਾਂਦਰੇ ਦੌਰਾਨ ਵੱਖ-ਵੱਖ ਸਰਵੇਖਣ ਰਿਪੋਰਟਾਂ ਤੋਂ ਮਿਲੀ ਫੀਡਬੈਕ ਦੀ ਬਾਰੀਕੀ ਨਾਲ ਸਮੀਖਿਆ ਕਰਨ ਤੋਂ ਬਾਅਦ ਹੀ ਟਿਕਟਾਂ ਦੀ ਵੰਡ 'ਤੇ ਮੋਹਰ ਲਗਾਈ ਗਈ ਹੈ। ਇਸ ਦੂਜੀ ਸੂਚੀ ਵਿੱਚ ਪਾਰਟੀ ਨੇ ਕਈ ਵੱਡੇ ਚਿਹਰਿਆਂ, ਮੌਜੂਦਾ ਸੰਸਦ ਮੈਂਬਰਾਂ ਅਤੇ ਚਾਰ ਮਹਿਲਾ ਉਮੀਦਵਾਰਾਂ 'ਤੇ ਭਰੋਸਾ ਜਤਾਇਆ ਹੈ, ਜਦਕਿ ਕਰੀਬ ਅੱਠ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਵੀ ਗਈਆਂ ਹਨ।
ਪ੍ਰਮੁੱਖ ਉਮੀਦਵਾਰਾਂ ਦੀ ਗੱਲ ਕਰੀਏ ਤਾਂ ਪਾਰਟੀ ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਰਨਾਲਾ ਤੋਂ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਇਲਾਵਾ ਫਤਿਹਗੜ੍ਹ ਚੂੜੀਆਂ ਤੋਂ ਹਰਜੋਬਨਜੀਤ ਸਿੰਘ ਰੰਧਾਵਾ (ਜੋਬਨ ਰੰਧਾਵਾ), ਰਾਜਾਸਾਂਸੀ ਤੋਂ ਸੋਨੀਆ ਮਾਨ, ਮਜੀਠਾ ਤੋਂ ਤਲਬੀਰ ਸਿੰਘ ਗਿੱਲ, ਅੰਮ੍ਰਿਤਸਰ ਉੱਤਰੀ ਤੋਂ ਕਰਮਜੀਤ ਸਿੰਘ ਰਿੰਟੂ ਅਤੇ ਪੱਟੀ ਤੋਂ ਜਸਕੰਵਰ ਸਿੰਘ ਗਿੱਲ (ਜੱਸਾ ਪੱਟੀ) ਨੂੰ ਉਮੀਦਵਾਰ ਬਣਾਇਆ ਗਿਆ ਹੈ।
ਮਾਝਾ, ਮਾਲਵਾ ਅਤੇ ਦੋਆਬਾ ਤਿੰਨਾਂ ਖੇਤਰਾਂ ਨੂੰ ਕਵਰ ਕਰਦੀ ਇਸ ਸੂਚੀ ਵਿੱਚ ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਐਸ.ਏ.ਐਸ. ਨਗਰ (ਮੋਹਾਲੀ) ਤੋਂ ਕੁਲਵੰਤ ਸਿੰਘ, ਹੁਸ਼ਿਆਰਪੁਰ ਤੋਂ ਬ੍ਰਮਸ਼ੰਕਰ ਸ਼ਰਮਾ ਜਿੰਪਾ, ਬਟਾਲਾ ਤੋਂ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ), ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਅਤੇ ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਗਈ ਹੈ। ਲੁਧਿਆਣਾ ਸ਼ਹਿਰੀ ਸੀਟਾਂ 'ਤੇ ਪਾਰਟੀ ਨੇ ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਗਰੇਵਾਲ (ਭੋਲਾ) ਅਤੇ ਲੁਧਿਆਣਾ ਕੇਂਦਰੀ ਤੋਂ ਅਸ਼ੋਕ ਪਰਾਸ਼ਰ ਪੱਪੀ 'ਤੇ ਮੁੜ ਭਰੋਸਾ ਪ੍ਰਗਟਾਇਆ ਹੈ। ਮਹਿਲਾ ਉਮੀਦਵਾਰਾਂ ਵਿੱਚ ਜਗਰਾਉ ਤੋਂ ਸਰਵਜੀਤ ਕੌਰ ਮਾਣੂੰਕੇ, ਸ਼ੁਤਰਾਣਾ ਤੋਂ ਵਨਿੰਦਰ ਕੌਰ ਲੂੰਬਾ ਅਤੇ ਫਿਲੌਰ ਤੋਂ ਹਰਜੋਤ ਕੌਰ ਲੋਹਟੀਆ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਦਕਿ ਲੰਬੀ ਹਲਕੇ ਤੋਂ ਗੁਰਮੀਤ ਸਿੰਘ ਖੁੱਡੀਆਂ ਦੀ ਥਾਂ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਨੂੰ ਟਿਕਟ ਮਿਲੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ 31 ਅਕਤੂਬਰ ਨੂੰ 40 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਅਤੇ ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਸੂਚੀ ਜਾਰੀ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਆਪਣੇ ਕਾਰਜਕਾਲ ਦੌਰਾਨ ਕੀਤੇ ਇਤਿਹਾਸਕ ਵਿਕਾਸ ਕਾਰਜਾਂ ਦੇ ਆਧਾਰ 'ਤੇ ਲੋਕਾਂ ਦੀ ਕਚਹਿਰੀ ਵਿੱਚ ਜਾਵੇਗੀ ਅਤੇ 2027 ਵਿੱਚ ਮੁੜ ਬਹੁਮਤ ਨਾਲ ਸਰਕਾਰ ਬਣਾਏਗੀ।
Leave a Reply