Nazrana Times

ਪੰਜਾਬੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਕਾਰਜ ਪ੍ਰਸ਼ੰਸਾਯੋਗ: ਡਾ.ਹਰਮਨਦੀਪ ਸਿੰਘ

08 Oct, 2026 07:06 PM

ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਨਿੰਦਣਯੋਗ; ਜਨਤਕ ਵਿਚਾਰ-ਵਟਾਂਦਰੇ ਵਿੱਚ ਭਾਸ਼ਾ ਦੀ ਮਰਿਆਦਾ ਕਾਇਮ ਰੱਖਣਾ ਲਾਜ਼ਮੀ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,8 ਅਕਤੂਬਰ 

ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿੱਦਿਅਕ ਅਤੇ ਹੋਰ ਖੇਤਰਾਂ ਵਿੱਚ ਕੀਤੇ ਜਾ ਰਹੇ ਕਾਰਜਾਂ ਨੂੰ ਪ੍ਰਸ਼ੰਸਾਯੋਗ ਕਰਾਰ ਦਿੰਦਿਆਂ ਸੰਸਥਾ ਅਤੇ ਇਸ ਦੇ ਆਗੂਆਂ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ।

ਗੁਰੂ ਅਰਜਨ ਦੇਵ ਖਾਲਸਾ ਕਾਲਜ,ਚੋਹਲਾ ਸਾਹਿਬ ਤੋਂ ਜਾਰੀ ਇੱਕ ਬਿਆਨ ਵਿੱਚ ਡਾ.ਹਰਮਨਦੀਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਭਰ ਵਿੱਚ 32 ਕਾਲਜਾਂ ਅਤੇ 65 ਸਕੂਲਾਂ ਨੂੰ ਸਫਲਤਾਪੂਰਵਕ ਚਲਾ ਰਹੀ ਹੈ। ਇਨ੍ਹਾਂ ਵਿੱਦਿਅਕ ਸੰਸਥਾਵਾਂ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਅਤੇ ਉੱਜਵਲ ਭਵਿੱਖ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਦੇ ਵਿਕਾਸ ਅਤੇ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਮਾਣ ਯੋਗ ਐਡ.ਹਰਜਿੰਦਰ ਸਿੰਘ ਧਾਮੀ ਆਪਣੀ ਦੂਰਅੰਦੇਸ਼ੀ, ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੰਸਥਾਵਾਂ ਨਾਲ ਸਬੰਧਤ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹਨ। ਡਾ. ਹਰਮਨਦੀਪ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਅਕਤੀ, ਨੀਤੀ ਜਾਂ ਪ੍ਰਬੰਧਕੀ ਫੈਸਲੇ ਦੀ ਆਲੋਚਨਾ ਕਰਨਾ ਹਰ ਕਿਸੇ ਦਾ ਹੱਕ ਹੈ,ਪਰ ਆਲੋਚਨਾ ਦੇ ਨਾਮ ’ਤੇ ਕਿਸੇ ਵਿਅਕਤੀ ਦੇ ਚਰਿੱਤਰ ’ਤੇ ਬਿਨ੍ਹਾ ਵਜਾਹ ਸਵਾਲ ਚੁੱਕਣਾ ਜਨਤਕ ਵਿਚਾਰ-ਵਟਾਂਦਰੇ ਦੀ ਮਰਿਆਦਾ ਦੇ ਅਨੁਕੂਲ ਨਹੀਂ ਹੈ। ਅਜਿਹੀਆਂ ਕੋਸ਼ਿਸ਼ਾਂ ਨਾਲ ਸੰਸਥਾਵਾਂ ਦੇ ਅਸਲ ਮੁੱਦਿਆਂ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਧਿਆਨ ਭਟਕਦਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਸੱਭਿਆਚਾਰਕ ਵਿਰਸੇ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਨ ਲਈ ਨਿਰੰਤਰ ਕਾਰਜਸ਼ੀਲ ਹਨ। ਇਨ੍ਹਾਂ ਸੰਸਥਾਵਾਂ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਡਾ.ਹਰਮਨਦੀਪ ਸਿੰਘ ਨੇ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਵਿਚਾਰਾਂ ਦੇ ਮਤਭੇਦਾਂ ਨੂੰ ਤਰਕ,ਤੱਥਾਂ,ਸੰਵਾਦ ਅਤੇ ਸ਼ਾਲੀਨਤਾ ਦੀ ਸੀਮਾ ਵਿੱਚ ਰਹਿ ਕੇ ਪ੍ਰਗਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੰਸਥਾਵਾਂ ਦੀ ਆਲੋਚਨਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ ਅਤੇ ਨਿੱਜੀ ਹਮਲਿਆਂ ਤੋਂ ਗੁਰੇਜ਼ ਕਰਨਾ ਜਨਤਕ ਜੀਵਨ ਦੀ ਸਿਹਤਮੰਦ ਪਰੰਪਰਾ ਨੂੰ ਮਜ਼ਬੂਤ ਕਰਦਾ ਹੈ ।

Posted By: GURBHEJ SINGH ANANDPURI

Latest News