Nazrana Times

ਪੰਜਾਬੀ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ....

26 Nov, 2026 11:15 PM

ਚੰਡੀਗੜ੍ਹ 26 ਨਵੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਰਾਜੋਆਣਾ ਨੇ ਰਾਸ਼ਟਰਪਤੀ ਕੋਲ ਸਾਲ 2012 ਤੋਂ ਲੰਬਿਤ ਪਈ ਦਇਆ ਪਟੀਸ਼ਨ 'ਤੇ ਫੈਸਲਾ ਲੈਣ ਵਿੱਚ ਹੋ ਰਹੀ ਦੇਰੀ ਦਾ ਹਵਾਲਾ ਦਿੰਦਿਆਂ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ। ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਅਪਰੈਸ਼ ਕੁਮਾਰ ਸਿੰਘ ਦੀ ਤਿੰਨ ਮੈਂਬਰੀ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖਿਆ। ਉਨ੍ਹਾਂ ਦਲੀਲ ਦਿੱਤੀ ਕਿ ਬਲਵੰਤ ਸਿੰਘ ਰਾਜੋਆਣਾ ਕਰੀਬ 30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਦਇਆ ਪਟੀਸ਼ਨ 'ਤੇ ਲੰਬੇ ਸਮੇਂ ਤੱਕ ਫੈਸਲਾ ਨਾ ਹੋਣਾ ਸੰਵਿਧਾਨ ਦੀ ਧਾਰਾ 21 ਤਹਿਤ ਮਿਲੇ ਜੀਵਨ ਅਤੇ ਨਿੱਜੀ ਆਜ਼ਾਦੀ ਦੇ ਮੌਲਿਕ ਅਧਿਕਾਰ ਨੂੰ ਪ੍ਰਭਾਵਿਤ ਕਰਦਾ ਹੈ। ਦੂਜੇ ਪਾਸੇ, ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਕੇ.ਐੱਮ. ਨਟਰਾਜ ਨੇ ਰਾਜੋਆਣਾ ਦੀ ਪਟੀਸ਼ਨ ਦਾ ਵਿਰੋਧ ਕੀਤਾ। ਉਨ੍ਹਾਂ ਅਦਾਲਤ ਵਿੱਚ ਕਿਹਾ ਕਿ ਰਾਜੋਆਣਾ ਨੇ ਖੁਦ ਦਇਆ ਪਟੀਸ਼ਨ ਦਾਇਰ ਨਹੀਂ ਕੀਤੀ ਸੀ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਉਨ੍ਹਾਂ ਦੀ ਤਰਫੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ। ਕੇਂਦਰ ਸਰਕਾਰ ਦੀ ਦਲੀਲ ਸੀ ਕਿ ਕਿਸੇ ਹੋਰ ਵਿਅਕਤੀ ਜਾਂ ਸੰਸਥਾ ਵੱਲੋਂ ਦਾਇਰ ਕੀਤੀ ਗਈ ਦਇਆ ਪਟੀਸ਼ਨ ਦੇ ਲੰਬਿਤ ਰਹਿਣ ਦੇ ਆਧਾਰ 'ਤੇ ਰਾਜੋਆਣਾ ਧਾਰਾ 21 ਤਹਿਤ ਰਾਹਤ ਦਾ ਦਾਅਵਾ ਨਹੀਂ ਕਰ ਸਕਦੇ। ਹੁਣ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਅੰਤਿਮ ਫੈਸਲੇ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਸੁਪਰੀਮ ਕੋਰਟ ਨੇ ਮਈ 2023 ਵਿੱਚ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ, ਅਦਾਲਤ ਨੇ ਸਮਰੱਥ ਅਧਿਕਾਰੀ ਨੂੰ ਉਚਿਤ ਸਮੇਂ ਅੰਦਰ ਦਇਆ ਪਟੀਸ਼ਨ 'ਤੇ ਵਿਚਾਰ ਕਰਨ ਦੀ ਛੋਟ ਦਿੱਤੀ ਸੀ। ਵਕੀਲ ਨੇ ਕਿਹਾ ਕਿ ਇਸ ਦੇ ਬਾਵਜੂਦ ਕਰੀਬ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਰਾਸ਼ਟਰਪਤੀ ਕੋਲ ਪੈਂਡਿੰਗ ਦਇਆ ਪਟੀਸ਼ਨ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News