ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਵਿਧਾਇਕ ਦੇ ਆਹੁਦੇ ਤੋਂ ਅਸਤੀਫ਼ਾ
ਆਮ ਆਦਮੀ ਪਾਰਟੀ ਨੂੰ ਦੂਜੇ ਦਿਨ ਮੁੜ ਵੱਡਾ ਝਟਕਾ। ਬੀਤੇ ਕੱਲ ਦੋ ਵਿਧਾਇਕਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਸੀ ਅਸਤੀਫ਼ਾ।
ਹਰਵਿੰਦਰ ਕੌਰ ਖੁੱਡੀ ਕਲਾਂ
ਅੰਮ੍ਰਿਤਸਰ, 2 ਨਵੰਬਰ
:ਆਮ ਆਦਮੀ ਪਾਰਟੀ ਨੂੰ ਪੰਜਾਬ 'ਚ ਚੋਣ ਜਾ਼ਾਬਤਾਲੱਗਣ ਤੋਂ ਪਹਿਲਾਂ ਹੀ ਰਾਜਸੀ ਝਟਕੇ ਲੱਗਣੇ ਸ਼ੁਰੂ ਹੋ ਗਏ ਹਨ। ਬੀਤੇ ਕੱਲ 1 ਨਵੰਬਰ ਨੂੰ ਦੋ ਵਿਧਾਇਕਾਂ ਜਿੰਨਾਂ ਵਿਚੋਂ ਇੱਕ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।ਅੱਜ 2 ਨਵੰਬਰ ਨੂੰ ਦਿਨ ਚੜਦੇ ਹੀ ਪਾਰਟੀ ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ।
ਅੰਮ੍ਰਿਤਸਰ ਉੱਤਰੀ ਹਲਕੇ ਤੋਂ 'ਆਪ' ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੱਤੀ ਹੈ।ਜ਼ਿਕਰਯੋਗ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ 'ਪਾਰਟੀ ਵਿਰੋਧੀ ਗਤੀਵਿਧੀਆਂ' ਦੇ ਦੋਸ਼ ਹੇਠ 5 ਸਾਲ ਲਈ ਮੁਅੱਤਲ ਕੀਤਾ ਹੋਇਆ ਸੀ। ਇਸ ਤੋਂ ਇਲਾਵਾ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ 40 ਉਮੀਦਵਾਰਾਂ ਦੀ ਸੂਚੀ ਵਿੱਚ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਕਿਸੇ ਵੀ ਉਮੀਦਵਾਰ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ ਸੀ।
ਅਸਤੀਫ਼ੇ ਦੀ ਜਾਣਕਾਰੀ ਸਾਂਝੀ ਕਰਦਿਆਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਲਿਖਿਆ ਕਿ ਉਹ ਅੰਮ੍ਰਿਤਸਰ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਲਈ ਆਖ਼ਰੀ ਸਾਹ ਤੱਕ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਗਲੀ-ਨਾਲੀ ਅਤੇ ਫੀਤਾ-ਕੱਟ ਰਾਜਨੀਤੀ ਤੋਂ ਉੱਪਰ ਉੱਠ ਕੇ ਨਸ਼ਾ, ਫਿਰੌਤੀ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਪੰਜਾਬ ਨੂੰ ਮੁਕਤ ਕਰਵਾਉਣਾ ਅਤੇ ਇਸ ਨੂੰ ਮੁੜ ਮੋਹਰੀ ਸੂਬਾ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਤੌਰ ਵਿਧਾਇਕ ਉਨ੍ਹਾਂ ਨੇ ਆਪਣਾ 90 ਪ੍ਰਤੀਸ਼ਤ ਟੀਚਾ ਪੂਰਾ ਕੀਤਾ ਹੈ ਅਤੇ ਰਾਜਨੀਤੀ ਵਿੱਚੋਂ 'ਮਾਈ-ਬਾਪ ਕਲਚਰ' ਖ਼ਤਮ ਕਰਕੇ ਜਨਤਾ ਨੂੰ ਹੀ ਆਪਣਾ ਪ੍ਰੇਰਣਾ ਸਰੋਤ ਮੰਨ ਕੇ ਕੰਮ ਕੀਤਾ ਹੈ।
ਕੁੰਵਰ ਵਿਜੈ ਪ੍ਰਤਾਪ ਸਿੰਘ ਸਾਬਕਾ ਆਈ.ਪੀ.ਐਸ. ਅਧਿਕਾਰੀ ਰਹਿ ਚੁੱਕੇ ਹਨ। ਉਨ੍ਹਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਅਤੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਦੌਰਾਨ ਆਪਣੇ ਪਦ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ ਅਤੇ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਹਾਲਾਂਕਿ ਆਪਣੀ ਹੀ ਸਰਕਾਰ ਦੇ ਕੰਮਕਾਜ ਅਤੇ ਬੇਅਦਬੀ ਦੇ ਮੁੱਦਿਆਂ 'ਤੇ ਸਵਾਲ ਚੁੱਕਣ ਕਾਰਨ ਪਾਰਟੀ ਨਾਲ ਉਨ੍ਹਾਂ ਦੇ ਮਤਭੇਦ ਵਧ ਗਏ ਸਨ।ਜਿਸ ਤੋਂ ਬਾਅਦ ਉਨ੍ਹਾਂ ਨੂੰ 2025 ਵਿੱਚ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਉਨ੍ਹਾਂ ਵੱਲੋਂ ਵਿਧਾਇਕੀ ਛੱਡਣ ਨਾਲ ਸੂਬੇ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ।