ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਖ਼ਾਲਸਾਈ ਜਾਹੋ-ਜਲਾਲ ਨਾਲ ਹੋਇਆ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਖ਼ਾਲਸਾਈ ਜਾਹੋ-ਜਲਾਲ ਨਾਲ ਹੋਇਆ ਆਰੰਭ

ਬੇਅਦਬੀ ਕਨੂੰਨ ਬਾਰੇ ਗੱਲਬਾਤ ਦਾ ਰਾਹ ਖੁੱਲ੍ਹਾ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ਤੇ ਸੁਝਾਵਾਂ ਦੀ ਪਾਲਣਾ ਜ਼ਰੂਰੀ- ਗਿਆਨੀ ਕੁਲਦੀਪ ਸਿੰਘ ਗੜਗੱਜ

ਕਿਹਾ; ਮਾਮਲਾ ਸੁਲਝਣ ਤੱਕ ਕਾਨੂੰਨ ਨੂੰ ਮੁਲਤਵੀ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰੇ ਸਰਕਾਰ

ਨਸ਼ਿਆਂ ਦੀ ਦਲਦਲ ਵਿੱਚ ਫਸੀ ਨੌਜਵਾਨੀ ਨੂੰ ਗੁਰਬਾਣੀ ਤੇ ਸਿੱਖੀ ਸਿਧਾਂਤਾਂ ਨਾਲ ਜੋੜਨਾ ਖਾਲਸਾ ਮਾਰਚ ਦਾ ਸੰਕਲਪ- ਐਡਵੋਕੇਟ ਧਾਮੀ

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, 17 ਸਤੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ 

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਸਿੱਖ ਰਵਾਇਤਾਂ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ। ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਮੀਰੀ-ਪੀਰੀ ਦੇ ਸਿਧਾਂਤ, ਸਿੱਖੀ ਦੀ ਚੜ੍ਹਦੀ ਕਲਾ, ਗੁਰਮਤਿ ਜੀਵਨ-ਜਾਚ ਅਤੇ ਖ਼ਾਲਸਾਈ ਜਜ਼ਬੇ ਦਾ ਪ੍ਰਚਾਰ ਕਰਦਾ ਹੋਇਆ ਪਹਿਲੇ ਪੜਾਅ ਤਹਿਤ ਤਖਤ ਸ੍ਰੀ ਦਮਦਮਾ ਸਾਹਿਬ ਪੁੱਜਾ ਸੀ, ਜਿਥੋਂ ਵੱਖ ਵੱਖ ਅਸਥਾਨਾਂ ਤੋਂ ਹੁੰਦਾ ਹੋਇਆ ਦੂਜਾ ਪੜਾਅ ਪੂਰਾ ਕਰਕੇ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸੰਪੂਰਨ ਹੋਇਆ ਸੀ।

ਅੱਜ ਖਾਲਸਾ ਮਾਰਚ ਦੇ ਤੀਜੇ ਪੜਾਅ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਖਾਲਸਾ ਮਾਰਚ ਦੇ ਤੀਜੇ ਪੜਾਅ ਦੀ ਆਰੰਭਤਾ ਦੀ ਅਰਦਾਸ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਖਾਲਸਾ ਮਾਰਚ ਨਾਲ ਗੁਰੂ ਦੋਖੀ ਤੇ ਸਿੱਖ ਵਿਰੋਧੀ ਤਾਕਤਾਂ ਤੋਂ ਸੰਗਤਾਂ ਨੂੰ ਸੁਚੇਤ ਕਰਨ ਦੇ ਨਾਲ ਨਾਲ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿੱਖੀ ਸਰੂਪ ਵਿੱਚ ਪਰਪੱਕ ਰਹਿਣ ਦੀ ਪ੍ਰੇਰਨਾ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਸਿੱਖੀ ਨੂੰ ਪ੍ਰਫੁੱਲਤ ਕਰਨ ਵਿੱਚ ਵੱਡਾ ਮੀਲ ਪੱਥਰ ਸਾਬਤ ਹੋਵੇਗਾ। ਛੋਟੀ ਉਮਰ ਦੇ ਬੱਚੇ ਬੜੇ ਚਾਅ ਨਾਲ ਸੋਹਣੀਆਂ ਦਸਤਾਰਾਂ ਸਜਾ ਕੇ ਮਾਰਚ ਵਿੱਚ ਸ਼ਮੂਲੀਅਤ ਕਰ ਰਹੇ ਹਨ, ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਵੱਲੋਂ ਸਾਬਤ ਸੂਰਤ ਹੋਣ ਤੇ ਕੇਸ ਰੱਖਣ ਦਾ ਪ੍ਰਣ ਕੀਤਾ ਹੈ।

ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਦਿੱਲੀ ਤੋਂ ਭਾਜਪਾ ਦੇ ਸਾਂਸਦ ਸ੍ਰੀ ਰਾਮਵੀਰ ਸਿੰਘ ਬਿਧੂੜੀ ਜੋ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਘਰ ਬੀਤੇ ਦਿਨੀ ਗਏ ਸਨ, ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਜਾਚਨਾ ਭੇਜਣਾ ਚੰਗੀ ਗੱਲ ਹੈ। ਇਹ ਦਰਸਾਉਂਦਾ ਹੈ ਕਿ ਸਾਂਸਦ ਬਿਧੂੜੀ ਨੇ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀ ਹੈ। ਆਪਣੀ ਖਿਮਾ ਜਾਚਨਾ ਵਿੱਚ ਉਨ੍ਹਾਂ ਕਈ ਪੱਖ ਰੱਖੇ ਹਨ ਕਿ ਉਹ ਹਮੇਸ਼ਾ ਸੱਜਣ ਕੁਮਾਰ ਦੇ ਵਿਰੋਧ ਵਿੱਚ ਸਿੱਖ ਕਤਲੇਆਮ ਦੇ ਦੋਸ਼ੀ ਹੋਣ ਕਰਕੇ ਬੋਲਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਬੰਦੇ ਦੇ ਭੋਗ ਉੱਤੇ ਜਾਣਾ ਪਾਪ ਹੈ ਜੋ ਸਿੱਖ ਕਤਲੇਆਮ ਦਾ ਦੋਸ਼ੀ ਸੀ। ਉਨ੍ਹਾਂ ਕਿਹਾ ਕਿ ਹੋਰ ਵੀ ਕਈ ਸਿਆਸੀ ਆਗੂ ਉੱਥੇ ਗਏ ਹਨ ਅਤੇ ਖ਼ਾਸਕਰ ਕਾਂਗਰਸ ਪਾਰਟੀ ਨਾਲ ਸਬੰਧਤ ਆਗੂ, ਉਨ੍ਹਾਂ ਨੂੰ ਵੀ ਸ੍ਰੀ ਬਿਧੂੜੀ ਦੀ ਖਿਮਾ ਜਾਚਨਾ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਸਿੱਖ ਕੌਮ ਪਾਸੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੰਦੇ ਚੰਗੇ ਅਹੁਦਿਆਂ ਉੱਤੇ ਬੈਠ ਕੇ ਸਿੱਖ ਹੁੰਦਿਆਂ ਵੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਨਹੀਂ ਮੰਨ ਰਹੇ ਉਹ ਇੱਕ ਗੈਰ-ਸਿੱਖ ਬਿਧੂੜੀ ਪਾਸੋਂ ਸੇਧ ਲੈਣ। 

ਪੰਜਾਬ ਸਰਕਾਰ ਵੱਲੋਂ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਚੱਲ ਰਹੇ ਮਾਮਲੇ ਸਬੰਧੀ ਬਣਾਈ ਗਈ 7-ਮੈਂਬਰੀ ਕਮੇਟੀ ਬਾਰੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਸੀ। ਕਾਫ਼ੀ ਸਮਾਂ ਲੰਘਣ ਤੋਂ ਬਾਅਦ ਜਦੋਂ ਹੁਣ ਦੋ ਮਹੀਨੇ ਖ਼ਤਮ ਹੋਣ ਲੱਗੇ ਤਾਂ ਸਰਕਾਰ ਵੱਲੋਂ ਕਮੇਟੀ ਬਣਾਈ ਗਈ ਹੈ ਜਦੋਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾਂ ਹੀ ਪੰਜ-ਮੈਂਬਰੀ ਕਮੇਟੀ ਬਣਾਈ ਹੋਈ ਹੈ। ਸਪੱਸ਼ਟ ਗੱਲ ਇਹ ਹੈ ਕਿ ਸਰਕਾਰ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਇਹ ਮੰਨ ਚੁੱਕੇ ਹਨ ਕਿ ਕਾਨੂੰਨ ਵਿੱਚ ਜੋ ਵੀ ਇਤਰਾਜ਼ ਹਨ ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਵਿੱਚੋਂ ਜੋ ਇਤਰਾਜ਼ਯੋਗ ਮੱਦਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਟਾਉਣ ਲਈ ਕਿਹਾ ਗਿਆ ਉਹ ਹਟਾਈਆਂ ਜਾਣ। ਸਰਕਾਰ ਇਸ ਮਾਮਲੇ ਵਿੱਚ ਪਹਿਲਾਂ ਹੀ ਬਹੁਤ ਦੇਰੀ ਕਰ ਚੁੱਕੀ ਹੈ, ਇਨ੍ਹਾਂ ਨੂੰ ਚਾਹੀਦਾ ਸੀ ਕਿ ਇਹ ਗੱਲਬਾਤ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸ਼ੁਰੂ ਕੀਤੀ ਜਾਂਦੀ। ਉਨਾਂ ਕਿਹਾ ਕਿ ਠੀਕ ਹੈ ਕਿ ਸਰਕਾਰ ਨੇ ਦੇਰੀ ਨਾਲ ਹੀ ਸਹੀ ਆਪਣੀ ਕਮੇਟੀ ਬਣਾਈ ਹੈ ਪਰ ਇਸਦੇ ਨਾਲ ਹੀ ਸਰਕਾਰ ਨੂੰ ਪਾਸ ਕੀਤਾ ਗਿਆ ਕਾਨੂੰਨ ਫਿਲਹਾਲ ਡੀ-ਨੋਟੀਫਾਈ ਕਰਨਾ ਚਾਹੀਦਾ ਹੈ। ਜਦੋਂ ਤੱਕ ਇਹ ਮਾਮਲਾ ਸੁਲਝਦਾ ਨਹੀਂ ਉਦੋਂ ਤੱਕ ਸਰਕਾਰ ਨੂੰ ਕਾਨੂੰਨ ਨੂੰ ਮੁਲਤਵੀ ਕਰਨ ਦੀ ਨੋਟੀਫ਼ਿਕੇਸ਼ਨ ਜਾਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਬਣਾ ਕੇ ਸਰਕਾਰ ਇਹ ਗੱਲ ਮੰਨ ਗਈ ਹੈ ਕਿ ਕਾਨੂੰਨ ਗਲਤ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਸੱਤ-ਮੈਂਬਰੀ ਕਮੇਟੀ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ-ਮੈਂਬਰੀ ਕਮੇਟੀ ਗੱਲਬਾਤ ਅੱਗੇ ਤੋਰੇਗੀ ਪਰੰਤੂ ਜਦੋਂ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਇਤਰਾਜ਼ ਤੇ ਦਿੱਤੇ ਸੁਝਾਅ ਨਹੀਂ ਮੰਨੇ ਜਾਂਦੇ ਉਦੋਂ ਤੱਕ ਮਸਲਾ ਹੱਲ ਨਹੀਂ ਹੋਵੇਗਾ। 

ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਮੀਂਹ ਕਾਰਨ ਸੜਕਾਂ ਉੱਤੇ ਭਰੇ ਪਾਣੀ ਅਤੇ ਇਸ ਕਰਕੇ ਸਿੱਖ ਸੰਗਤ ਨੂੰ ਆਉਂਦੀ ਪਰੇਸ਼ਾਨੀ ਦੇ ਬਾਰੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਜਿਤਨੇ ਵੀ ਸਿੱਖ ਇਤਿਹਾਸਕ ਅਸਥਾਨ ਹਨ ਉਨ੍ਹਾਂ ਨੂੰ ਉੱਚ ਪੱਧਰ ਦੀਆਂ ਸਾਫ ਸੁਥਰੀਆਂ ਸੜਕਾਂ ਆਉਂਦੀਆਂ ਹੋਣ ਅਤੇ ਪਾਣੀ ਦੀ ਨਿਕਾਸੀ ਦਾ ਪੁਖਤਾ ਪ੍ਰਬੰਧ ਹੋਵੇ। ਜਦੋਂ ਸੰਗਤ ਤਖ਼ਤ ਸਾਹਿਬਾਨ ਵੱਲ ਆਵੇ ਤਾਂ ਚੰਗਾ ਤਜਰਬਾ ਲੈ ਕੇ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਆਪਣੀ ਜਿਮੇਵਾਰੀ ਨਿਭਾਉਂਦਿਆਂ ਬਣਦੇ ਕੰਮ ਕਰਨੇ ਚਾਹੀਦੇ ਹਨ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥ ਅਤੇ ਪੰਥ ਦੀਆਂ ਪਰੰਪਰਾਵਾਂ ਹਮੇਸ਼ਾ ਗੁਰੂ ਸਾਹਿਬਾਨ ਨੂੰ ਸਮਰਪਿਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦੇ ਪਿਛਲੇ ਦੋ ਪੜਾਵਾਂ ਦੌਰਾਨ ਲੱਖਾਂ ਸੰਗਤਾਂ ਦਾ ਇਸ ਨਾਲ ਜੁੜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਸੰਗਤ ਅੱਜ ਵੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦਾ ਮੁੱਖ ਮਕਸਦ ਹੀ ਪੰਥ ਦੀ ਚੜ੍ਹਦੀ ਕਲਾ, ਮਨੁੱਖਤਾ ਦੀ ਭਲਾਈ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਪੰਜਾਬ ਦੇ ਸਾਹਮਣੇ ਨਸ਼ਿਆਂ ਦੀ ਸਮੱਸਿਆ ਇੱਕ ਗੰਭੀਰ ਚੁਣੌਤੀ ਬਣੀ ਹੋਈ ਹੈ। ਹਜ਼ਾਰਾਂ ਬੱਚੇ ਅਤੇ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ। ਅਜਿਹੇ ਸਮੇਂ ਸਮਾਜ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨ ਕਰੀਏ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦਿਖਾਈਏ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਗੁਰੂ ਸਾਹਿਬਾਨ ਦੇ ਸੁਨੇਹੇ ਨੂੰ ਘਰ-ਘਰ ਅਤੇ ਪਿੰਡ-ਪਿੰਡ ਤੱਕ ਪਹੁੰਚਾਉਣਾ ਹੈ ਤਾਂ ਜੋਂ ਨੌਜਵਾਨਾਂ ਨੂੰ ਆਪਣੇ ਵਿਰਸੇ, ਸਿੱਖੀ ਸਿਧਾਂਤਾਂ ਅਤੇ ਗੁਰੂ ਸਾਹਿਬਾਨ ਦੀ ਬਾਣੀ ਨਾਲ ਜੋੜ ਸਕੀਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਕਮੇਟੀ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਸ. ਸੁਰਜੀਤ ਸਿੰਘ ਤੁਗਲਵਾਲ, ਡਾ. ਜੰਗ ਬਹਾਦਰ ਸਿੰਘ ਰਾਏ, ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਅਜਮੇਰ ਸਿੰਘ ਖੇੜਾ, ਸ. ਅਵਤਾਰ ਸਿੰਘ ਰੀਆ, ਸ. ਕੇਵਲ ਸਿੰਘ ਬਾਦਲ, ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ ਸਿੰਘ ਪੰਨੂ, ਸ. ਰਵਿੰਦਰ ਸਿੰਘ ਖਾਲਸਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਬਾਬਾ ਬੂਟਾ ਸਿੰਘ, ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਜਿਲ੍ਹਾ ਪ੍ਰਧਾਨ ਜਥੇਦਾਰ ਸੁਖਵੀਰ ਸਿੰਘ ਸਿਕਾਰ, ਪ੍ਰਿੰਸੀਪਲ ਜਸਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਸਰਬਦਿਆਲ ਸਿੰਘ, ਹੈੱਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਇੰਚਾਰਜ ਰਾਜਵਿੰਦਰ ਸਿੰਘ ਜੋਗਾ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਵਧੀਕ ਮੈਨੇਜਰ ਸ. ਹਰਦੇਵ ਸਿੰਘ, ਸ. ਸੰਦੀਪ ਸਿੰਘ ਕਲੋਤਾ, ਇੰਚਾਰਜ ਭਾਈ ਗੁਰਭਾਗ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਸਤਨਾਮ ਸਿੰਘ ਮਜੀਠਾ ਰੋਡ, ਬਾਬਾ ਸ਼ਮਸ਼ੇਰ ਸਿੰਘ, ਜਥੇਦਾਰ ਮੋਹਨ ਸਿੰਘ ਡੂਮੇਵਾਲ, ਜਥੇਦਾਰ ਹਰਨੇਕ ਸਿੰਘ, ਸ. ਭੁਪਿੰਦਰ ਸਿੰਘ ਬੁੱਟਰ, ਸ. ਮੋਹਨਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.