ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦੀ ਯਾਦ 'ਚ ਸ਼ਹੀਦੀ ਸਮਾਗਮ ਪਿੰਡ ਰਤਨਗੜ੍ਹ ਵਿਖੇ 26 ਨੂੰ : ਬੀਬੀ ਸੁਰਜੀਤ ਕੌਰ/ਭਾਈ ਰਣਜੀਤ ਸਿੰਘ
- ਰਾਸ਼ਟਰੀ
- (Asia/Kolkata)
ਅੰਮ੍ਰਿਤਸਰ, 22 ਅਕਤੂਬਰ (ਚਰਨਜੀਤ ਸਿੰਘ): ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਖ਼ਾਲਿਸਤਾਨ ਦੇ ਹਥਿਆਰਬੰਦ ਸੰਘਰਸ਼ ਵਿੱਚ ਜੂਝ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਜੁਝਾਰੂ ਯੋਧੇ ਅਮਰ ਸ਼ਹੀਦ ਭਾਈ ਬਲਜਿੰਦਰ ਸਿੰਘ ਜੀ ਰਾਜੂ ਦੀ ਯਾਦ 'ਚ ਮਹਾਨ ਸ਼ਹੀਦੀ ਸਮਾਗਮ 26 ਅਕਤੂਬਰ ਨੂੰ ਪਿੰਡ ਰਤਨਗੜ੍ਹ, ਨੇੜੇ ਖਲਚੀਆਂ, ਤਹਿਸੀਲ ਬਾਬਾ ਬਕਾਲਾ, ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ।
ਇਹ ਜਾਣਕਾਰੀ ਸਾਂਝੀ ਕਰਦਿਆਂ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦੇ ਮਾਤਾ ਜੀ ਬੀਬੀ ਸੁਰਜੀਤ ਕੌਰ, ਭਰਾਤਾ ਭਾਈ ਜਸਵਿੰਦਰ ਸਿੰਘ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ ਭੋਗ ਤੋਂ ਬਾਅਦ ਧੁਰ ਕੀ ਬਾਣੀ ਦਾ ਕੀਰਤਨ ਹੋਵੇਗਾ ਅਤੇ ਕਵੀਸ਼ਰ ਤੇ ਢਾਡੀ ਜਥੇ ਸੰਗਤਾਂ ਨੂੰ ਜੋਸ਼ੀਲਾ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਫਿਰ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਵੱਲੋਂ ਸਿੱਖ ਸੰਘਰਸ਼ ਅਤੇ ਮੌਜੂਦਾ ਹਾਲਾਤ ਬਾਰੇ ਵਿਚਾਰ ਸਾਂਝੇ ਕੀਤੇ ਜਾਣਗੇ।
ਬੀਬੀ ਸੁਰਜੀਤ ਕੌਰ ਨੇ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਇਸ ਸਮਾਗਮ ਵਿੱਚ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ।
ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਜੋ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਨੇੜਲੇ ਸਾਥੀ ਸਨ। ਭਾਈ ਰਾਜੂ ਨੇ ਹੀ ਭਾਈ ਜਿੰਦਾ ਤੇ ਭਾਈ ਸੁੱਖਾ ਨੂੰ ਆਪਸ ਵਿੱਚ ਮਿਲਾਇਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਯੋਧਿਆਂ ਨੂੰ ਬੀਬੀ ਸੁਰਜੀਤ ਕੌਰ ਨੇ ਖ਼ੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਚਰਨਾਂ ਵਿੱਚ ਅਰਦਾਸ ਕਰਕੇ ਸਿੱਖ ਸੰਘਰਸ਼ ਵੱਲ ਤੋਰਿਆ ਸੀ। ਫਿਰ ਇਨ੍ਹਾਂ ਯੋਧਿਆਂ ਨੇ ਜੂਨ 1984 ਦੇ ਘੱਲੂਘਾਰੇ ਅਤੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦਾ ਬਦਲਾ ਲਿਆ ਅਤੇ ਸਿੱਖੀ ਦੇ ਦੁਸ਼ਮਣਾਂ ਨੂੰ ਚੁਣ-ਚੁਣ ਕੇ ਸੋਧੇ ਲਾਏ।
ਉਨ੍ਹਾਂ ਆਖਿਆ ਕਿ ਮੌਜੂਦਾ ਸਿੱਖ ਸੰਘਰਸ਼ ਵਿੱਚ ਭਾਈ ਬਲਜਿੰਦਰ ਸਿੰਘ ਰਾਜੂ ਦੀ ਵੱਡੀ ਕੁਰਬਾਨੀ ਅਤੇ ਘਾਲਣਾ ਹੈ। ਉਨ੍ਹਾਂ ਦੇ ਸ਼ਹੀਦੀ ਸਮਾਗਮ ਵਿੱਚ ਪਹੁੰਚ ਕੇ ਇਸ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਟ ਕਰੀਏ ਅਤੇ ਉਨ੍ਹਾਂ ਦੇ ਕੌਮੀ ਨਿਸ਼ਾਨੇ ਨੂੰ ਪੂਰਾ ਕਰਨ ਦਾ ਪ੍ਰਣ ਕਰੀਏ।
Leave a Reply