Nazrana Times

ਪੰਜਾਬੀ

ਗੁਰਦੁਆਰਾ ਸਿੱਖ ਸੈਂਟਰ, ਫਰੈਂਕਫਰਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ

07 Jan, 2026 02:39 AM

ਫਰੈਂਕਫਰਟ 7 ਜਨਵਰੀ, ਹੀਰਾ ਸਿੰਘ ਮੱਤੇਵਾਲ 
 

ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ , ਜਰਮਨੀ ਵਿਖੇ ਧਾਰਮਿਕ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਗੁਰਮਤਿ ਮਰਯਾਦਾ ਅਨੁਸਾਰ ਮਨਾਏ ਗਏ। ਇਸ ਪਾਵਨ ਅਵਸਰ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ 3 ਜਨਵਰੀ ਨੂੰ ਸ਼ਾਮ 4:00 ਵਜੇ ਆਰੰਭ ਹੋਈ।
ਅਖੰਡ ਪਾਠ ਸਾਹਿਬ ਦੇ ਆਰੰਭ ਉਪਰੰਤ ਮੇਨ ਦਰਬਾਰ ਸਾਹਿਬ ਹਾਲ ਵਿਖੇ ਸੋਦਰ ਰਹਿਰਾਸ ਸਾਹਿਬ ਦੇ ਪਾਠ ਹੋਏ, ਜਿਸ ਤੋਂ ਬਾਅਦ ਲੋਕਲ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵੀਰ ਸਿੰਘ ਰਾਜਪੁਰਾ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਮਹਿਮਾ ਦਾ ਗੁਣਗਾਨ ਕੀਤਾ।
ਇਸ ਮੌਕੇ ਭਾਈ ਗੁਰਭੇਜ ਸਿੰਘ ਅਨੰਦਪੁਰੀ ਵੱਲੋਂ ਕੀਤੀ ਗਈ ਗੁਰਮਤਿ ਕਥਾ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮਾਂ ਦੀ ਸ਼ਾਨ ਉਸ ਵੇਲੇ ਹੋਰ ਵਧ ਗਈ ਜਦੋਂ ਉਚੇਚੇ ਤੌਰ ‘ਤੇ ਪਹੁੰਚੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਜਰਨੈਲ ਸਿੰਘ ਕੋਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
4 ਜਨਵਰੀ, ਦਿਨ ਐਤਵਾਰ ਨੂੰ ਹੋਏ ਦੀਵਾਨਾਂ ਵਿੱਚ ਵੀ ਉਪਰੋਕਤ ਸਾਰੇ ਜਥਿਆਂ ਵੱਲੋਂ ਸ਼ਬਦ ਕੀਰਤਨ ਦੀ ਸੇਵਾ ਨਿਭਾਈ ਗਈ। 5 ਜਨਵਰੀ, ਦਿਨ ਸੋਮਵਾਰ ਨੂੰ ਅੰਮ੍ਰਿਤ ਵੇਲੇ ਨਿਤਨੇਮ ਦੇ ਪਾਠ ਉਪਰੰਤ ਭਾਈ ਜਰਨੈਲ ਸਿੰਘ ਕੋਹਾੜਕਾ ਦੇ ਜਥੇ ਵੱਲੋਂ ਆਸਾ ਕੀ ਵਾਰ ਦਾ ਕੀਰਤਨ ਕੀਤਾ ਗਿਆ।
ਸ਼ਾਮ 4:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਭਾਈ ਇੰਦਰਜੀਤ ਸਿੰਘ ਸਿਰਸਾ ਰਾਗੀ ਨੇ ਵੀ ਕੀਰਤਨ ਰਾਹੀਂ ਹਾਜ਼ਰੀ ਲਗਵਾਈ।
ਸਮਾਗਮਾਂ ਦੇ ਅੰਤ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਅਨੂਪ ਸਿੰਘ ਜੀ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ। ਸਾਰੇ ਸਮਾਗਮਾਂ ਦੌਰਾਨ ਗੁਰਦੁਆਰਾ ਸਾਹਿਬ ਦੇ ਸਕੱਤਰ ਸ. ਹੀਰਾ ਸਿੰਘ ਮੱਤੇਵਾਲ ਵੱਲੋਂ ਸਟੇਜ ਸਕੱਤਰ ਦੀ ਸੇਵਾ ਬਾਖੂਬੀ ਨਿਭਾਈ ਗਈ।
ਇਸ ਪਾਵਨ ਸਮਾਗਮ ਵਿੱਚ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰਦਿਆਂ ਹੋਇਆਂ ਗੁਰਬਾਣੀ ਕੀਰਤਨ ਅਤੇ ਕਥਾ ਦਾ ਆਤਮਕ ਲਾਹਾ ਪ੍ਰਾਪਤ ਕੀਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #