ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008 ਨੂੰ ਹੋਰ ਸਖ਼ਤ ਕਰਕੇ ਲਾਗੂ ਕੀਤਾ ਜਾਵੇ: ਭਾਈ ਵਡਾਲਾ, ਭਾਈ ਖੋਸੇ, ਭਾਈ ਸਿਰਸਾ
- ਧਾਰਮਿਕ/ਰਾਜਨੀਤੀ
- 05 Mar, 2026 05:04 PM (Asia/Kolkata)
ਅੰਮ੍ਰਿਤਸਰ , ਨਜ਼ਰਾਨਾ ਟਾਈਮਜ ਬਿਊਰੋ
ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਭਾਈ ਵਡਾਲਾ, ਭਾਈ ਖੋਸੇ ਅਤੇ ਭਾਈ ਸਿਰਸਾ ਨੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008 ਵਿੱਚ ਸੋਧ ਕਰਕੇ ਇਸ ਨੂੰ ਹੋਰ ਸਖ਼ਤ ਬਣਾਇਆ ਜਾਣਾ ਚਾਹੀਦਾ ਹੈ, ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਕਰੜੀ ਤੋਂ ਕਰੜੀ ਸਜ਼ਾ ਮਿਲੇ ਅਤੇ ਭਵਿੱਖ ਵਿੱਚ ਕੋਈ ਵੀ ਅਜਿਹੀ ਘਟਨਾ ਕਰਨ ਦੀ ਹਿੰਮਤ ਨਾ ਕਰ ਸਕੇ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਵਿੱਚ ਜਾਗਤ ਜੋਤ ਗੁਰੂ ਦੇ ਰੂਪ ਵਿੱਚ ਸਵੀਕਾਰ ਕੀਤੇ ਜਾਂਦੇ ਹਨ ਅਤੇ ਇਹ ਮਨੁੱਖਤਾ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਉੱਚੀ ਆਵਾਜ਼ ਦਾ ਪ੍ਰਤੀਕ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਨੂੰ ਸਿਰਫ਼ ਸਿੱਖ ਕੌਮ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ਦੇ ਮਹਾਨ ਵਿਦਵਾਨਾਂ ਅਤੇ ਮਨੁੱਖਤਾ-ਪ੍ਰੇਮੀ ਲੋਕਾਂ ਨੇ ਵੀ ਸਤਿਕਾਰ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ “ਲਿਵਿੰਗ ਗੁਰੂ” ਦੇ ਰੂਪ ਵਿੱਚ ਮਾਨਤਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੱਡਰੀ ਹੋਂਦ ਅਤੇ ਅਦਬ-ਸਤਿਕਾਰ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਨੇ 2008 ਵਿੱਚ ਇਹ ਕਾਨੂੰਨ ਪਾਸ ਕੀਤਾ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਕਾਨੂੰਨ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ। ਪਿਛਲੇ ਕਈ ਦਹਾਕਿਆਂ ਦੌਰਾਨ ਬੇਅਦਬੀ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਪਰ ਦੋਸ਼ੀਆਂ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਨਹੀਂ ਲਿਆਂਦਾ ਗਿਆ।
ਉਨ੍ਹਾਂ ਦੋਸ਼ ਲਾਇਆ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਸਿੱਖ ਕੌਮ ਦੀ ਇਸ ਸੰਵੇਦਨਸ਼ੀਲ ਭਾਵਨਾ ਨੂੰ ਸਮਝਣ ਦੀ ਬਜਾਏ ਇਸ ਨੂੰ ਸਿਰਫ਼ ਇੱਕ ਸਿਆਸੀ ਮੁੱਦਾ ਬਣਾਇਆ। ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਸਰਕਾਰ ਬਣਨ ਤੋਂ ਬਾਅਦ ਇਹ ਮਸਲਾ ਠੰਡੇ ਬਸਤੇ ਵਿੱਚ ਪਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੀ ਪਹਿਲਾਂ ਵਾਂਗ ਹੀ ਇਸ ਮਾਮਲੇ ਵਿੱਚ ਕੋਈ ਢੰਗ ਦੀ ਕਾਰਵਾਈ ਨਹੀਂ ਕਰ ਸਕੀ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਹੁਣ ਸਰਕਾਰ ਨਵਾਂ ਕਾਨੂੰਨ ਬਣਾਉਣ ਦੀ ਗੱਲ ਕਰ ਰਹੀ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਹੋਰ ਧਾਰਮਿਕ ਗ੍ਰੰਥਾਂ ਨੂੰ ਵੀ ਬਰਾਬਰ ਰੱਖਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਅਨੁਸਾਰ ਇਹ ਗੱਲ ਧਾਰਮਿਕ ਅਤੇ ਕਾਨੂੰਨੀ ਤੌਰ ‘ਤੇ ਠੀਕ ਨਹੀਂ ਹੈ, ਕਿਉਂਕਿ ਸਿੱਖ ਧਰਮ ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਦੀ ਬਖ਼ਸ਼ਿਸ਼ ਕੀਤੀ ਗਈ ਸੀ ਅਤੇ ਸਿੱਖ ਕੌਮ ਉਨ੍ਹਾਂ ਨੂੰ ਸਦਾ ਲਈ ਆਪਣੇ ਜਾਗਤ ਜੋਤ ਗੁਰੂ ਵਜੋਂ ਮੰਨਦੀ ਹੈ। ਜਦੋਂਕਿ ਦੂਸਰੇ ਕਿਸੇ ਵੀ ਧਰਮ ਵਿੱਚ ਐਸਾ ਨਹੀਂ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਕੌਮ ਸਾਰੇ ਧਰਮਾਂ ਅਤੇ ਉਨ੍ਹਾਂ ਦੇ ਧਾਰਮਿਕ ਗ੍ਰੰਥਾਂ ਦਾ ਪੂਰਾ ਸਤਿਕਾਰ ਕਰਦੀ ਹੈ, ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਾਬਰੀ ਕਿਸੇ ਹੋਰ ਗ੍ਰੰਥ ਨਾਲ ਕਰਨਾ ਸਿੱਖ ਭਾਵਨਾਵਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਨਵੇਂ ਕਾਨੂੰਨ ਵਿੱਚ ਸਾਰੇ ਧਾਰਮਿਕ ਗ੍ਰੰਥਾਂ ਨੂੰ ਇੱਕੋ ਜਿਹਾ ਦਰਜਾ ਦਿੱਤਾ ਗਿਆ ਤਾਂ ਪੰਜਾਬ ਦਾ ਮਾਹੌਲ ਤਣਾਅਪੂਰਨ ਹੋ ਸਕਦਾ ਹੈ।
ਉਨ੍ਹਾਂ ਦੀ ਮੰਗ ਹੈ ਕਿ ਜਾਗਤ ਜੋਤ ਸਤਿਕਾਰ ਐਕਟ 2008 ਨੂੰ ਹੀ ਸਿੱਖ ਜਥੇਬੰਦੀਆਂ ਨਾਲ ਬੈਠ ਕੇ ਸੋਧਿਆ ਜਾਵੇ, ਉਸ ਦੀਆਂ ਕਮੀਆਂ ਦੂਰ ਕਰਕੇ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਹੁਣ ਤੱਕ ਦਰਜ ਬੇਅਦਬੀ ਦੇ ਮਾਮਲਿਆਂ ਵਿੱਚ ਜਲਦੀ ਇਨਸਾਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਲਈ ਘੱਟੋ-ਘੱਟ ਆਖਰੀ ਸਾਹ ਤੱਕ ਉਮਰ ਕੈਦ ਅਤੇ ਗੈਰ-ਜਮਾਨਤੀ ਸਜ਼ਾ ਤੈਅ ਕੀਤੀ ਜਾਵੇ।
ਇਸ ਮੌਕੇ ਭਾਈ ਅਵਤਾਰ ਸਿੰਘ ਖਾਲਸਾ, ਨਿਰਮਲ ਸਿੰਘ ਸਹਿ ਸਕੱਤਰ, ਬਾਪੂ ਸੁਖਵੰਤ ਸਿੰਘ ਖਜ਼ਾਨਚੀ, ਭਾਈ ਸਤਵੰਤ ਸਿੰਘ ਵੇਰਕਾ, ਬੀਬੀ ਕੰਵਲਜੀਤ ਕੌਰ ਖਾਲਸਾ, ਭਾਈ ਬਲਵਿੰਦਰ ਸਿੰਘ ਮਕਬੂਲਪੁਰਾ, ਭਾਈ ਗਗਨਪ੍ਰੀਤ ਸਿੰਘ ਅਤੇ ਭਾਈ ਸੁਖਪ੍ਰੀਤ ਸਿੰਘ ਵੀ ਹਾਜ਼ਰ ਸਨ।
Leave a Reply