Nazrana Times

ਪੰਜਾਬੀ

ਲੈਂਡ ਪੂਲਿੰਗ ਪਾਲਿਸੀ ਦਾ ਰੱਦ ਹੋਣਾ ਅਕਾਲੀ ਦਲ ਦੇ ਸੰਘਰਸ਼ ਅਤੇ ਪੰਜਾਬ ਦੇ ਲੋਕਾਂ ਦੀ ਵੱਡੀ ਜਿੱਤ- ਬ੍ਰਹਮਪੁਰਾ

12 Aug, 2025 07:11 AM

ਆਪ’ ਸਰਕਾਰ ਨੂੰ ਲੋਕ-ਰੋਹ ਅਤੇ ਅਕਾਲੀ ਦਲ ਦੇ ਦਬਾਅ ਅੱਗੇ ਆਖਰਕਾਰ ਗੋਡੇ ਟੇਕਣ ਲਈ ਮਜਬੂਰ ਹੋਣਾ ਪਿਆ- ਬ੍ਰਹਮਪੁਰਾ

ਰਾਕੇਸ਼ ਨਈਅਰ

ਚੋਹਲਾ ਸਾਹਿਬ/ਤਰਨਤਾਰਨ,11 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੀ 'ਆਪ' ਸਰਕਾਰ ਵੱਲੋਂ ਵਿਵਾਦਗ੍ਰਸਤ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਅਣਥੱਕ ਸੰਘਰਸ਼ ਅਤੇ ਪੰਜਾਬ ਦੇ ਕਿਸਾਨਾਂ ਤੇ ਆਮ ਲੋਕਾਂ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ।ਸ.ਬ੍ਰਹਮਪੁਰਾ ਨੇ ਕਿਹਾ ਕਿ ਇਹ ਫ਼ੈਸਲਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਜਦੋਂ ਵੀ ਕੋਈ ਸਰਕਾਰ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰੇਗੀ,ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਢਾਲ ਬਣ ਕੇ ਉਸਦੇ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ,ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੇ ਪਹਿਲੇ ਦਿਨ ਤੋਂ ਹੀ ਇਸ ਕਿਸਾਨ-ਮਾਰੂ 'ਕਾਲੇ ਕਾਨੂੰਨ' ਦਾ ਡਟ ਕੇ ਵਿਰੋਧ ਕੀਤਾ ਅਤੇ ਇਸ ਨੂੰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਇੱਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਸੀ।ਅੱਜ ਸਰਕਾਰ ਦਾ ਪਿੱਛੇ ਹਟਣਾ ਸਾਡੇ ਸਟੈਂਡ ਦੀ ਪੂਰੀ ਤਰ੍ਹਾਂ ਪੁਸ਼ਟੀ ਕਰਦਾ ਹੈ।ਸ.ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਸਰਕਾਰ ਦਿੱਲੀ ਵਿੱਚ ਬੈਠੇ ਆਪਣੇ ਆਕਾਵਾਂ ਦੇ ਇਸ਼ਾਰਿਆਂ 'ਤੇ ਪੰਜਾਬ ਦੇ ਕਿਸਾਨਾਂ ਦੀਆਂ ਜ਼ਰਖੇਜ਼ ਜ਼ਮੀਨਾਂ ਹੜੱਪਣਾ ਚਾਹੁੰਦੀ ਸੀ,ਪਰ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪੱਧਰੀ ਸੰਘਰਸ਼,ਪਾਰਟੀ ਵਰਕਰਾਂ ਦੀ ਮਿਹਨਤ ਅਤੇ ਪੰਜਾਬ ਦੇ ਲੋਕਾਂ ਦੇ ਜ਼ਬਰਦਸਤ ਵਿਰੋਧ ਨੇ ਸਰਕਾਰ ਨੂੰ ਇਹ ਲੋਕ-ਵਿਰੋਧੀ ਫੈਸਲਾ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ।ਉਨ੍ਹਾਂ ਕਿਹਾ,ਅਸੀਂ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇ ਇਹ ਪਾਲਿਸੀ ਰੱਦ ਨਾ ਕੀਤੀ ਗਈ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ।ਮਾਣਯੋਗ ਹਾਈ ਕੋਰਟ ਵੱਲੋਂ ਇਸ ਪਾਲਿਸੀ 'ਤੇ ਰੋਕ ਲਗਾਉਣਾ ਸਾਡੇ ਸੰਘਰਸ਼ ਦੀ ਪਹਿਲੀ ਜਿੱਤ ਸੀ ਅਤੇ ਹੁਣ ਇਸ ਪਾਲਿਸੀ ਦੀ ਪੂਰਨ ਵਾਪਸੀ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਸ਼ਕਤੀ ਅੱਗੇ ਹੰਕਾਰੀ ਸਰਕਾਰਾਂ ਨੂੰ ਝੁਕਣਾ ਹੀ ਪੈਂਦਾ ਹੈ।ਸ.ਬ੍ਰਹਮਪੁਰਾ ਨੇ ਪੰਜਾਬ ਦੇ ਲੋਕਾਂ,ਖਾਸ ਕਰਕੇ ਕਿਸਾਨ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ,ਮੈਂ ਪੰਜਾਬ ਦੇ ਉਨ੍ਹਾਂ ਸਾਰੇ ਬਹਾਦਰ ਲੋਕਾਂ ਦਾ ਧੰਨਵਾਦ ਕਰਦਾ ਹਾਂ ਜਿੰਨ੍ਹਾਂ ਨੇ ਆਪਣੀ ਮਾਂ-ਪਾਰਟੀ, ਸ਼੍ਰੋਮਣੀ ਅਕਾਲੀ ਦਲ 'ਤੇ ਭਰੋਸਾ ਜਤਾਇਆ।ਇਹ ਜਿੱਤ ਸਾਂਝੇ ਸੰਘਰਸ਼ ਦੀ ਜਿੱਤ ਹੈ।ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਇੱਕੋ-ਇੱਕ ਖੇਤਰੀ ਪਾਰਟੀ ਹੋਣ ਦੇ ਨਾਤੇ,ਭਵਿੱਖ ਵਿੱਚ ਵੀ ਪੰਜਾਬ ਦੇ ਹਿੱਤਾਂ 'ਤੇ ਕੋਈ ਆਂਚ ਨਹੀਂ ਆਉਣ ਦੇਵੇਗਾ ਅਤੇ ਦਿੱਲੀ ਦੇ ਇਸ਼ਾਰਿਆਂ 'ਤੇ ਚੱਲਣ ਵਾਲੀਆਂ ਤਾਕਤਾਂ ਖਿਲਾਫ਼ ਪਹਿਰੇਦਾਰ ਬਣ ਕੇ ਖੜ੍ਹਾ ਰਹੇਗਾ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #