ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ‘ਤੇ ਸਾਧਿਆ ਨਿਸ਼ਾਨਾ

ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ‘ਤੇ ਸਾਧਿਆ ਨਿਸ਼ਾਨਾ

ਗੁਰਦੁਆਰਾ ਅੰਬ ਸਾਹਿਬ ਦੇ ਜ਼ਮੀਨ ਮਾਮਲੇ ਨੂੰ ਲੈ ਕੇ ਵੀ ਚੁੱਕੇ ਸਵਾਲ!


ਚੰਡੀਗੜ੍ਹ, 18 ਫਰਵਰੀ 2026 , ਨਜ਼ਰਾਨਾ ਟਾਈਮਜ ਬਿਊਰੋ
 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਵਿਚ ਭ੍ਰਿਸ਼ਟਾਚਾਰ ਵੱਧ ਗਿਆ ਹੈ ਤੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਦਾ ਘਪਲਾ ਕੀਤਾ ਗਿਆ।
ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪੂਰੀ ਸੰਸਥਾ ‘ਤੇ ਇੱਕੋ ਪਰਿਵਾਰ ਦਾ ਕਬਜ਼ਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਥ ਦੀਆਂ ਮਹਾਨ ਪਰੰਪਰਾਵਾਂ ਅਤੇ ਜਥੇਦਾਰਾਂ ਦੀਆਂ ਪਦਵੀਆਂ ਦੀ ਵਰਤੋਂ ਨਿੱਜੀ ਸਿਆਸੀ ਹਿੱਤਾਂ ਅਤੇ ਦੋਸ਼ੀਆਂ ਨੂੰ ਮੁਆਫ਼ੀ ਦਿਵਾਉਣ ਲਈ ਕੀਤੀ ਗਈ, ਜਿਸ ਨਾਲ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਵਿਚ ਭ੍ਰਿਸ਼ਟਾਚਾਰ ਵੱਧ ਗਿਆ ਹੈ। ਉਨ੍ਹਾਂ ਬਾਦਲ ਪਰਿਵਾਰ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਨ੍ਹਾਂ ਵਲੋਂ ਭ੍ਰਿਸ਼ਟ ਐਸ.ਜੀ.ਪੀ.ਸੀ.ਕਰਮਚਾਰੀਆਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਹੈ ਤੇ ਸਾਰਿਆਂ ਘੁਟਾਲਿਆਂ ਪਿਛੇ ਬਾਦਲ ਪਰਿਵਾਰ ਦਾ ਹੱਥ ਹੈ।
ਸਿੰਘ ਸਾਹਿਬ ਨੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਦੀ ਵਿਕਰੀ ਨੂੰ ਲੈ ਕੇ ਵੀ ਆਪਣਾ ਸਖ਼ਤ ਇਤਰਾਜ਼ ਦਰਜ ਕਰਵਾਇਆ ਅਤੇ ਇਸ ਪੂਰੇ ਮਾਮਲੇ ‘ਤੇ ਵਿਸਥਾਰ ਨਾਲ ਗੱਲ ਕੀਤੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਧਾਰਮਿਕ ਸੰਸਥਾਵਾਂ ਦੀਆਂ ਜਾਇਦਾਦਾਂ ਦੇ ਪ੍ਰਬੰਧਨ ਵਿੱਚ ਪਾਰਦਰਸ਼ਤਾ ਦੀ ਘਾਟ ਹੈ ਅਤੇ ਕੁਝ ਲੋਕ ਜ਼ਮੀਨੀ ਸੌਦਿਆਂ ਰਾਹੀਂ ਲਾਭ ਉਠਾ ਰਹੇ ਹਨ। ਉਨ੍ਹਾਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਐਸ.ਜੀ.ਪੀ.ਸੀ. (SGPC) ਦੇ ਅਧੀਨ ਆਉਣ ਵਾਲੀਆਂ ਜ਼ਮੀਨਾਂ ਨੂੰ ਵੇਚ ਕੇ ਕੁਝ ਲੋਕ ਆਪਣੀਆਂ ਜੇਬਾਂ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਜਾਇਦਾਦਾਂ ਸੰਗਤ ਦੀ ਆਸਥਾ ਨਾਲ ਜੁੜੀਆਂ ਹੋਈਆਂ ਹਨ ਅਤੇ ਇਸ ਲਈ ਇਨ੍ਹਾਂ ਦੇ ਲੈਣ-ਦੇਣ ਵਿੱਚ ਪੂਰੀ ਜਵਾਬਦੇਹੀ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਮੀਨ ਦੇ ਸੌਦੇ ਦੇ ਨਾਲ-ਨਾਲ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਵਿਵਾਦ ਨੂੰ ਵੀ ਚੁੱਕਦਿਆਂ ਸਿੱਧੇ ਤੌਰ ‘ਤੇ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 328 ਪਾਵਨ ਬਾਰੇ ਸੁਖੀਰ ਬਾਦਲ ਨੂੰ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਾਫੀ ਸਮੇਂ ਤੋਂ ਗਰਮਾਇਆ ਹੋਇਆ ਹੈ ਅਤੇ ਸਿੱਖ ਸੰਗਤ ਵਿੱਚ ਇਸ ਨੂੰ ਲੈ ਕੇ ਭਾਰੀ ਰੋਸ ਹੈ। ਉਨ੍ਹਾਂ ਨੇ ਇਸ ਪੂਰੇ ਘਟਨਾਕ੍ਰਮ ਦੀ ਪਾਰਦਰਸ਼ਤਾ ਅਤੇ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜੇਕਰ ਕੋਈ ਬੇਨਿਯਮੀਆਂ ਪਾਈਆਂ ਜਾਂਦੀਆਂ ਹਨ ਤਾਂ ਜ਼ਿੰਮੇਵਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸਿੱਖ ਜੱਥੇਬੰਦੀਆਂ ਨੂੰ ਅਪੀਲ ਕਰਦਾ ਹਾਂ ਕਿ ਇੱਕਠੇ ਹੋ ਕੇ ਸਰਬੱਤ ਖਾਲਸਾ ਬੁਲਾਉਣ ਤਾਂ ਕਿ ਪੰਥਕ ਮੁੱਦਿਆਂ ਉੱਤੇ ਵਿਚਾਰ ਕੀਤੀ ਜਾ ਸਕੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.