ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ- ਗਿਆਨੀ ਕੁਲਦੀਪ ਸਿੰਘ ਗੜਗੱਜ

ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ- ਗਿਆਨੀ ਕੁਲਦੀਪ ਸਿੰਘ ਗੜਗੱਜ

-ਖਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਤੇ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਦਿੰਦਾ ਮੀਰੀ ਪੀਰੀ ਖਾਲਸਾ ਮਾਰਚ ਹੋਇਆ ਸੰਪੂਰਨ

-ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਤੇ ਵੱਡੀ ਗਿਣਤੀ ਸੰਗਤਾਂ ਨੇ ਕੀਤਾ ਖਾਲਸਾ ਮਾਰਚ ਦਾ ਸਵਾਗਤ

ਤਲਵੰਡੀ ਸਾਬੋ/ਅੰਮ੍ਰਿਤਸਰ, 5 ਅਗਸਤ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ— ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਬੀਤੀ ਦੇਰ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੀ ਪਾਵਨ ਧਰਤੀ `ਤੇ ਵਿਸ਼ਾਲ ਇਕੱਠ ਅਤੇ ਚੜ੍ਹਦੀ ਕਲਾ ਦੇ ਮਾਹੌਲ ਵਿੱਚ ਸੰਪੂਰਨ ਹੋਇਆ। 


ਇਸ ਖਾਲਸਾ ਮਾਰਚ ਦੌਰਾਨ ਵੱਖ ਵੱਖ ਪੜਾਵਾਂ ਤੇ ਸੰਗਤਾਂ ਦੇ ਵੱਡੇ ਇਕੱਠ ਨੇ ਸਪੱਸ਼ਟ ਸੰਦੇਸ਼ ਦਿੱਤਾ ਕਿ ਸਿੱਖ ਕੌਮ ਆਪਣੀਆਂ ਪੰਥਕ ਪਰੰਪਰਾਵਾਂ, ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਫ਼ਲਸਫ਼ੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹਮੇਸ਼ਾ ਇੱਕਜੁੱਟ ਰਹੇਗੀ ਅਤੇ ਹਰ ਚੁਣੌਤੀ ਦਾ ਸਾਹਮਣਾ ਚੜ੍ਹਦੀ ਕਲਾ ਨਾਲ ਕਰੇਗੀ। ਖਾਲਸਾ ਮਾਰਚ ਦੀ ਸਮਾਪਤੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਸ. ਤਜਿੰਦਰ ਸਿੰਘ ਮਿੱਡੂਖੇੜਾ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।


ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਬਖਸਿਆ ਮੀਰੀ ਪੀਰੀ ਦਾ ਸਿਧਾਂਤ ਅਟੱਲ ਹੈ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਸਿੱਖ ਕੌਮ ਨੇ ਹਰ ਔਖੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨੂੰ ਸਿਰ ਮੱਥੇ ਪ੍ਰਵਾਨ ਕੀਤਾ ਹੈ। ਅਨੇਕਾਂ ਜ਼ੁਲਮਾਂ, ਹਮਲਿਆਂ ਅਤੇ ਸਾਜ਼ਿਸ਼ਾਂ ਦੇ ਬਾਵਜੂਦ ਸਿੱਖਾਂ ਦਾ ਆਪਣੇ ਤਖ਼ਤਾਂ, ਗੁਰੂ ਘਰ ਅਤੇ ਪੰਥਕ ਪਰੰਪਰਾਵਾਂ ਨਾਲ ਨਾਤਾ ਕਦੇ ਵੀ ਕਮਜ਼ੋਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੋਈ ਵੀ ਤਾਕਤ ਸਿੱਖ ਨੂੰ ਉਸ ਦੀ ਵਿਰਾਸਤ, ਉਸ ਦੇ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਉਸ ਦੇ ਸਮਰਪਣ ਤੋਂ ਵੱਖ ਨਹੀਂ ਕਰ ਸਕਦੀ।

 ਉਨ੍ਹਾਂ ਕਿਹਾ ਕਿ ਅੱਜ ਵੀ ਕੁਝ ਪੰਥ ਵਿਰੋਧੀ ਤਾਕਤਾਂ ਸਿੱਖ ਸੰਸਥਾਵਾਂ ਦੀ ਮਰਯਾਦਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਲਈ ਵੱਖ-ਵੱਖ ਢੰਗਾਂ ਨਾਲ ਹਮਲੇ ਕਰ ਰਹੀਆਂ ਹਨ। ਕਦੇ ਸਿੱਖ ਸੰਸਥਾਵਾਂ ਬਾਰੇ ਭਰਮ ਫੈਲਾਇਆ ਜਾਂਦਾ ਹੈ, ਕਦੇ ਪੰਥਕ ਫ਼ੈਸਲਿਆਂ ਨੂੰ ਵਿਵਾਦਿਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਕਦੇ ਸੰਗਤਾਂ ਵਿੱਚ ਫੁੱਟ ਪਾਉਣ ਦੇ ਯਤਨ ਹੁੰਦੇ ਹਨ। ਅਜਿਹੀਆਂ ਕੋਸ਼ਿਸ਼ਾਂ ਦਾ ਇਕੋ ਉਦੇਸ਼ ਸਿੱਖ ਕੌਮ ਦੀ ਸਾਂਝੀ ਤਾਕਤ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਸੰਗਤਾਂ ਨੂੰ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ ਲਈ ਪ੍ਰੇਰਿਆ।


ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਨੂੰ ਪਿਛਲੇ 12 ਦਿਨਾਂ ਦੌਰਾਨ ਮਾਝੇ ਅਤੇ ਮਾਲਵੇ ਦੇ ਅਨੇਕਾਂ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਅੱਜ ਵੀ ਗੁਰੂ ਸਾਹਿਬ ਦੇ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨਾਲ ਅਟੁੱਟ ਤੌਰ `ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਵਿੱਚ ਸ਼ਾਮਲ ਵੱਡੀ ਗਿਣਤੀ ਸੰਗਤਾਂ ਨੇ ਉਨ੍ਹਾਂ ਲੋਕਾਂ ਨੂੰ ਵੀ ਜਵਾਬ ਦਿੱਤਾ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਤੇ ਸਿੱਖ ਸੰਸਥਾਵਾਂ ਤੇ ਸਵਾਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਮਰਯਾਦਾ ਅਤੇ ਪੰਥਕ ਫ਼ੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹੀ ਤੈਅ ਹੁੰਦੇ ਹਨ, ਨਾ ਕਿ ਸਿਆਸੀ ਮੰਚਾਂ ਜਾਂ ਵਿਅਕਤੀਗਤ ਵਿਚਾਰਾਂ ਦੇ ਆਧਾਰ `ਤੇ। ਉਨ੍ਹਾਂ ਖਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਤੇ ਸੰਗਤਾਂ ਦਾ ਵਿਸੇ਼ੇਸ਼ ਤੌਰ ਤੇ ਧੰਨਵਾਦ ਕੀਤਾ। ਖਾਲਸਾ ਮਾਰਚ ਦੀ ਸਮਾਪਤੀ ਸਮੇਂ ਹਾਥੀ ਘੋੜਿਆਂ ਸਮੇਤ ਸਾ਼ਮਲ ਨਿਹੰਗ ਸਿੰਘ ਸੰਗਤਾਂ ਅੰਦਰ ਜੋਸ਼ ਪੈਦਾ ਕਰ ਰਹੇ ਸਨ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਸ. ਤਜਿੰਦਰ ਸਿੰਘ ਮਿੱਡੂਖੇੜਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਅਵਤਾਰ ਸਿੰਘ ਵਣਵਾਲਾ, ਭਾਈ ਅਜੈਬ ਸਿੰਘ ਅਭਿਆਸੀ, ਬਾਬਾ ਬੂਟਾ ਸਿੰਘ, ਸ. ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜੋਗਿੰਦਰ ਕੌਰ, ਸ. ਜਗਸੀਰ ਸਿੰਘ ਮਾਂਗੇਆਣਾ, ਜਥੇਦਾਰ ਸੁਰਜੀਤ ਸਿੰਘ ਰਾਏਪੁਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, 
ਅਕਾਲੀ ਆਗੂ ਡਾ ਦਲਜੀਤ ਸਿੰਘ ਗੁਰੂ, ਸ. ਜਗਸੀਰ ਸਿੰਘ ਕਲਿਆਣ, ਸ. ਗੁਰਚਰਨ ਸਿੰਘ, ਸ. ਬਲਕਾਰ ਸਿੰਘ ਗੋਨੇਆਣਾ, ਸ. ਗੁਰਿੰਦਰਜੀਤ ਸਿੰਘ ਭੁੱਚੋਂ, ਸ. ਇਕਬਾਲ ਸਿੰਘ ਬਬਲੀ ਢਿੱਲੋਂ, ਬਾਬਾ ਮੇਜਰ ਸਿੰਘ ਸੋਢੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਸ. ਅਵਤਾਰ ਸਿੰਘ, ਸ. ਭੋਲਾ ਸਿੰਘ, ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ,ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਸ. ਸੰਦੀਪ ਸਿੰਘ ਕਲੋਤਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਕਸ਼ਮੀਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਸ. ਸੁਖਵਿੰਦਰ ਸਿੰਘ, ਸੁਪਰਵਾਈਜ਼ਰ ਸ. ਜਸਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.