Nazrana Times

ਪੰਜਾਬੀ

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ 16 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਅਹਿਮ ਮੀਟਿੰਗ

15 Sep, 2026 06:36 PM

ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਵਿਰੁੱਧ ਲਿਆ ਜਾਵੇਗਾ ਵੱਡਾ ਫ਼ੈਸਲਾ

ਟਾਂਗਰਾ - ਸੁਰਜੀਤ ਸਿੰਘ ਖਾਲਸਾ 

ਕਿਸਾਨ ਮਜ਼ਦੂਰ ਮੋਰਚਾ (KMM) ਚੈਪਟਰ ਪੰਜਾਬ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਰਵੱਈਏ ਅਤੇ ਮੰਗਾਂ ਨੂੰ ਅਣਗੌਲਿਆ ਕਰਨ ਦੇ ਵਿਰੋਧ ਵਿੱਚ 16 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਮੌਜੂਦਾ ਹਾਲਾਤ ’ਤੇ ਵਿਚਾਰ-ਵਟਾਂਦਰਾ ਕਰਕੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਅਗਲੇ ਸੰਘਰਸ਼ ਸਬੰਧੀ ਵੱਡਾ ਫ਼ੈਸਲਾ ਲਿਆ ਜਾਵੇਗਾ। ਇਹ ਜਾਣਕਾਰੀ ਸਰਵਣ ਸਿੰਘ ਪੰਧੇਰ ਨੇ ਈਟੀਓ ਹਰਭਜਨ ਸਿੰਘ ਦੇ ਘਰ ਅੱਗੇ ਵੱਡੇ ਇਕੱਠ ਨੂੰ ਮੁਖਾਤਬ ਹੁੰਦਿਆ ਦਿੱਤੀ ਤੇ ਬਿਆਨ ਜਾਰੀ ਕੀਤਾ
ਮੀਟਿੰਗ ਤੋਂ ਬਾਅਦ 16 ਸਤੰਬਰ ਨੂੰ ਦੁਪਹਿਰ 2 ਵਜੇ ਅੰਮ੍ਰਿਤਸਰ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ। ਇਸ ਦੌਰਾਨ ਮੋਰਚੇ ਦੀ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਅਤੇ ਸੰਘਰਸ਼ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਮੋਰਚੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ 16 ਸਤੰਬਰ ਨੂੰ ਹਰੇਕ ਮੋਰਚੇ ਵਾਲੀ ਥਾਂ ’ਤੇ ਵੱਡੇ ਰੋਸ ਮਾਰਚ ਕੀਤੇ ਜਾਣਗੇ। ਇਸ ਦੇ ਨਾਲ ਹੀ ਸੰਘਰਸ਼ ਨੂੰ ਹੋਰ ਵਿਸ਼ਾਲ ਕਰਦਿਆਂ ਪਟਿਆਲਾ ਵਿਖੇ ਪੰਜਾਬ ਸਰਕਾਰ ਦੇ ਨੌਵੇਂ ਮੰਤਰੀ ਦੇ ਘਰ ਅੱਗੇ ਵੀ ਮੋਰਚਾ ਖੋਲ੍ਹਿਆ ਜਾਵੇਗਾ।
ਅੱਜ ਚੱਲ ਰਹੇ ਮੋਰਚਿਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸ਼ਮੂਲੀਅਤ ਵਿੱਚ ਲਗਾਤਾਰ ਵਾਧਾ ਹੋਇਆ ਹੈ। ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ਮੋਰਚਿਆਂ ਵਿੱਚ ਪਹੁੰਚ ਰਹੀਆਂ ਹਨ ਅਤੇ ਪਿੰਡਾਂ ਵਿੱਚੋਂ ਕਿਸਾਨ-ਮਜ਼ਦੂਰ ਵੱਡੀ ਗਿਣਤੀ ਵਿੱਚ ਮੋਰਚਿਆਂ ਵਿੱਚ ਸ਼ਾਮਲ ਹੋ ਰਹੇ ਹਨ।
ਇਸ ਦੇ ਨਾਲ ਹੀ ਪਿੰਡਾਂ ਵਿੱਚੋਂ ਕਿਸਾਨਾਂ-ਮਜ਼ਦੂਰਾਂ ਲਈ ਦੁੱਧ, ਪ੍ਰਸ਼ਾਦੇ ਅਤੇ ਹੋਰ ਲੋੜੀਂਦੀ ਸਮੱਗਰੀ ਮੋਰਚਿਆਂ ਵਿੱਚ ਪਹੁੰਚਾਈ ਜਾ ਰਹੀ ਹੈ। ਵੱਖ-ਵੱਖ ਥਾਵਾਂ ’ਤੇ ਲੋਕਾਂ ਦੇ ਸਹਿਯੋਗ ਨਾਲ ਖੁੱਲ੍ਹੇ ਲੰਗਰ ਚੱਲ ਰਹੇ ਹਨ। ਇਸ ਤੋਂ ਸਪੱਸ਼ਟ ਹੈ ਕਿ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਨੂੰ ਪਿੰਡਾਂ ਵਿੱਚੋਂ ਵੱਡਾ ਸਮਰਥਨ ਮਿਲ ਰਿਹਾ ਹੈ।
ਮੋਰਚੇ ਨੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਮੋਰਚਿਆਂ ਵਿੱਚ ਸ਼ਾਮਲ ਹੋ ਕੇ ਸੰਘਰਸ਼ ਨੂੰ ਮਜ਼ਬੂਤ ਕਰਨ।

ਵੱਖ-ਵੱਖ ਮੋਰਚਿਆਂ ਵਿੱਚ ਆਗੂਆਂ ਦੀ ਸ਼ਮੂਲੀਅਤ

ਵੱਖ-ਵੱਖ ਮੋਰਚਿਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਸੰਗਰੂਰ ਵਿਖੇ ਲੱਗੇ ਮੋਰਚੇ ਵਿੱਚ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਦਲਬਾਗ ਸਿੰਘ ਹਰੀਗੜ੍ਹ ਨੇ ਇਕੱਠ ਨੂੰ ਸੰਬੋਧਨ ਕੀਤਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਲੱਗੇ ਮੋਰਚੇ ਵਿੱਚ ਬੀ.ਕੇ.ਯੂ. ਬਹਿਰਾਮਕੇ ਦੇ ਬਲਵੰਤ ਸਿੰਘ ਬਹਿਰਾਮਕੇ, ਬਲਦੇਵ ਸਿੰਘ ਜੀਰਾ, ਬੀ.ਕੇ.ਯੂ. ਕ੍ਰਾਂਤੀਕਾਰੀ ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਮਲਕੀਅਤ ਸਿੰਘ ਗੁਲਾਮੀ ਵਾਲਾ ਮੌਜੂਦ ਰਹੇ ਅਤੇ ਇਕੱਠ ਨੂੰ ਸੰਬੋਧਨ ਕੀਤਾ।

ਹੁਸ਼ਿਆਰਪੁਰ ਵਿਖੇ ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਦੇ ਓਂਕਾਰ ਸਿੰਘ ਪੁਰਾਣਾ ਭੰਗਾਲਾ ਅਤੇ ਬੀ.ਕੇ.ਯੂ. ਦੋਆਬਾ ਦੇ ਮਨਜੀਤ ਸਿੰਘ ਰਾਏ ਨੇ ਇਕੱਠ ਨੂੰ ਸੰਬੋਧਨ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਰਮਜੀਤ ਸਿੰਘ ਭੁੱਲਾ ਵੀ ਮੌਜੂਦ ਰਹੇ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲੱਗੇ ਮੋਰਚੇ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਰਣਬੀਰ ਸਿੰਘ ਰਾਣਾ ਮੌਜੂਦ ਰਹੇ।

ਗੁਰਦਾਸਪੁਰ ਵਿਖੇ ਲਾਲ ਚੰਦ ਕਟਾਰੂਚੱਕ ਦੇ ਘਰ ਅੱਗੇ ਲੱਗੇ ਮੋਰਚੇ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਵਿੰਦਰ ਸਿੰਘ ਚੌਤਾਲਾ ਅਤੇ ਹਰਵਿੰਦਰ ਸਿੰਘ ਮਸਾਣੀਆਂ ਮੌਜੂਦ ਰਹੇ।

ਲੁਧਿਆਣਾ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਦਿਲਬਾਗ ਸਿੰਘ ਗਿੱਲ ਮੌਜੂਦ ਰਹੇ।

ਜਲੰਧਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਲਵਿੰਦਰ ਸਿੰਘ ਜਾਣੀਆ ਅਤੇ ਸ਼ੇਰ ਸਿੰਘ ਮਹੀਵਾਲ ਮੌਜੂਦ ਰਹੇ।

ਅੰਮ੍ਰਿਤਸਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਰਮਨਜੀਤ ਸਿੰਘ ਬੰਡਾਲਾ ਅਤੇ ਬਾਬਾ ਗੁਰਬਚਨ ਸਿੰਘ ਚੱਬਾ ਮੌਜੂਦ ਰਹੇ

Posted By: GURBHEJ SINGH ANANDPURI

Latest News