ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵੱਲੋਂ ਐਸ.ਡੀ.ਐਚ. ਸੁਲਤਾਨਪੁਰ ਲੋਧੀ ਦਾ ਦੌਰਾ
ਗੁਰਪੁਰਬ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਿਹਤ ਸੇਵਾਵਾਂ ਅਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸੰਗਤਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਕਪੂਰਥਲਾ 14 ਨਵੰਬਰ ਗੌਰਵ ਮੜੀਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚਣ ਵਾਲੀਆਂ ਸੰਗਤਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਡਾ. ਅਨਿਲ ਗੋਇਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਅਤੇ ਡਾ. ਸੁਨੀਲ ਬਾਂਸਲ, ਡਾਇਰੈਕਟਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਬ ਡਵੀਜ਼ਨਲ ਹਸਪਤਾਲ ਸੁਲਤਾਨਪੁਰ ਲੋਧੀ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਭਗਤ, ਏ.ਸੀ.ਐਸ. ਡਾ. ਅੰਨੂ ਸ਼ਰਮਾ, ਐਸ.ਐਮ.ਓ. ਡਾ. ਆਸ਼ੀਸ਼ ਜੇਤਲੀ, ਐਸ.ਐਮ.ਓ. ਡਾ. ਸਰਬਜੀਤ ਸਿੰਘ ਅਤੇ ਐਸ.ਐਮ.ਓ. ਡਾ. ਪ੍ਰੇਮ ਕੁਮਾਰ ਵੀ ਮੌਜੂਦ ਸਨ।
ਦੌਰੇ ਦੌਰਾਨ ਡਾ. ਗੋਇਲ ਵੱਲੋਂ ਹਸਪਤਾਲ ਦੀ ਐਮਰਜੈਂਸੀ ਵਾਰਡ, ਆਈ.ਸੀ.ਯੂ., ਮਾਈਨਰ ਓ.ਟੀ., ਐਮ.ਸੀ.ਐਚ. ਵਾਰਡ, ਲੈਬਾਰਟਰੀ ਅਤੇ ਫਾਰਮੇਸੀ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਹਸਪਤਾਲ ਵਿੱਚ ਉਪਲਬਧ ਸਿਹਤ ਸਹੂਲਤਾਂ, ਦਵਾਈਆਂ ਦੇ ਸਟਾਕ, ਸਫ਼ਾਈ ਪ੍ਰਬੰਧਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਕਿਹਾ ਕਿ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਇਸ ਲਈ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਹੈ ਕਿ ਸੰਗਤਾਂ ਨੂੰ ਸਮੇਂ ਸਿਰ ਅਤੇ ਸੁਚਾਰੂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੁਰਪੁਰਬ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਸਿਹਤ ਸਹੂਲਤਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਉਨ੍ਹਾਂ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨੇੜੇ ਤਾਇਨਾਤ ਕੀਤੀਆਂ ਜਾਣ ਵਾਲੀਆਂ ਮੈਡੀਕਲ ਟੀਮਾਂ ਕੋਲ ਲੋੜੀਂਦੀਆਂ ਦਵਾਈਆਂ, ਮੈਡੀਕਲ ਉਪਕਰਨ ਅਤੇ ਹੋਰ ਜ਼ਰੂਰੀ ਸਾਮਾਨ ਲੋੜੀਂਦੀ ਮਾਤਰਾ ਵਿੱਚ ਉਪਲਬਧ ਹੋਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਜਾਂ ਐਮਰਜੈਂਸੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਮੈਡੀਕਲ ਟੀਮਾਂ, ਐਂਬੂਲੈਂਸਾਂ ਅਤੇ ਸਿਹਤ ਸੇਵਾਵਾਂ ਨੂੰ ਪੂਰੀ ਤਰ੍ਹਾਂ ਤਿਆਰ ਰੱਖਿਆ ਜਾਵੇ।
ਡਾ. ਗੋਇਲ ਨੇ ਹਸਪਤਾਲ ਪ੍ਰਬੰਧਕਾਂ ਨੂੰ ਸਫ਼ਾਈ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਸਿਹਤ ਸੇਵਾਵਾਂ ਨੂੰ ਪੂਰੀ ਤਰ੍ਹਾਂ ਚੁਸਤ-ਦਰੁਸਤ ਰੱਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਗੁਰਪੁਰਬ ਦੌਰਾਨ ਸੰਗਤਾਂ ਦੀ ਸਿਹਤ ਸੁਰੱਖਿਆ ਅਤੇ ਉਨ੍ਹਾਂ ਨੂੰ ਨਿਰਵਿਘਨ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ।
Posted By: Gaurav Maria