Nazrana Times

ਪੰਜਾਬੀ

ਕਿਸਾਨ ਮੋਰਚਾ ਹੋ ਰਿਹਾ ਦਿਨੋ-ਦਿਨ ਮਜਬੂਤ , ਸਰਕਾਰ ਆਹ ਨਾ ਸਮਝੇ ਮੋਰਚਾ ਇੱਕ ਹਫ਼ਤੇ ਦਾ : ਹਰਿੰਦਰ ਸਿੰਘ ਲੱਖੋਵਾਲ

03 Sep, 2026 07:54 PM

ਮੰਗਾਂ ’ਤੇ ਕੋਈ ਕਾਰਵਾਈ ਨਾ ਹੋਈ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ, 4 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਅਗਲੇ ਸੰਘਰਸ਼ ਦਾ ਐਲਾਨ…

ਚੰਡੀਗੜ੍ਹ 2 ਸਤੰਬਰ (ਮੰਗਤ ਸਿੰਘ ਸੈਦਪੁਰ/ਅਵਤਾਰ ਸਿੰਘ ਭਾਗਪੁਰ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਚੱਲ ਰਿਹਾ ਕਿਸਾਨ ਮੋਰਚਾ ਦਿਨੋ-ਦਿਨ ਬੁਲੰਦੀਆਂ ਛੂਹ ਰਿਹਾ ਹੈ। ਵੱਡੀ ਗਿਣਤੀ ਵਿੱਚ ਕਿਸਾਨ ਮੋਰਚੇ ਵਿੱਚ ਪਹੁੰਚ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਹੋਰ ਵਧੇਗੀ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਸ. ਹਰਿੰਦਰ ਸਿੰਘ ਲੱਖੋਵਾਲ ਨੇ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਆਪਣੀਆਂ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਜਾ ਚੁੱਕੇ ਹਨ, ਪਰ ਅਜੇ ਤੱਕ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਜਾਂ ਗੰਭੀਰ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ। ਸ. ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਇਹ ਗਲਤਫਹਿਮੀ ਬਿਲਕੁਲ ਨਾ ਪਾਲਣ ਕਿ ਕਿਸਾਨਾਂ ਦਾ ਇਹ ਮੋਰਚਾ ਸਿਰਫ਼ ਇੱਕ ਹਫ਼ਤੇ ਲਈ ਹੈ। ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਦਾ ਹੱਲ ਕਰਨ ਲਈ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਸੰਯੁਕਤ ਕਿਸਾਨ ਮੋਰਚਾ ਸੰਘਰਸ਼ ਨੂੰ ਹੋਰ ਅੱਗੇ ਵਧਾਉਣ ਲਈ ਮਜਬੂਰ ਹੋਵੇਗਾ।

 ਉਨ੍ਹਾਂ ਦੱਸਿਆ ਕਿ 4 ਸਤੰਬਰ ਨੂੰ ਸ਼ਾਮ ਕਰੀਬ 4 ਤੋਂ 5 ਵਜੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਸਰਕਾਰ ਦੇ ਰਵੱਈਏ ਅਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ ਅਤੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ। ਲੋੜ ਪੈਣ ’ਤੇ ਮੌਜੂਦਾ ਮੋਰਚੇ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ। ਸੂਬਾ ਪ੍ਰਧਾਨ ਨੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਚੰਡੀਗੜ੍ਹ-ਮੋਹਾਲੀ ਵਿਖੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ 1 ਸਤੰਬਰ ਤੋਂ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮੋਰਚੇ ਵਿੱਚ ਪਹੁੰਚ ਚੁੱਕੇ ਹਨ ਅਤੇ ਲਗਾਤਾਰ ਹੋਰ ਹਜ਼ਾਰਾਂ ਕਿਸਾਨ ਵੀ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰਕੇ ਸਰਕਾਰਾਂ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ। ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮਨਵਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ ਅਤੇ ਮੰਗਾਂ ਦਾ ਢੁਕਵਾਂ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News