ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਬੰਦ ਦੇ ਸੱਦੇ ਦਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਸਮਰਥਨ
ਅੰਮ੍ਰਿਤਸਰ, 19 ਅਗਸਤ (ਚਰਨਜੀਤ ਸਿੰਘ): ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਸਮਰਥਨ ਕੀਤਾ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਜਥੇਬੰਧਕ ਸਕੱਤਰ ਭਾਈ ਮਨਪ੍ਰੀਤ ਸਿੰਘ ਮੰਨਾ ਅਤੇ ਦਿਹਾਤੀ ਪ੍ਰਧਾਨ ਬਾਬਾ ਸੁਖਵਿੰਦਰ ਸਿੰਘ ਨਿਜ਼ਾਮਪੁਰ ਨੇ ਸਾਂਝੇ ਤੌਰ 'ਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ, ਕਾਰਖਾਨੇ, ਵਹੀਕਲ, ਦਫ਼ਤਰ ਅਤੇ ਹੋਰ ਅਦਾਰੇ ਬੰਦ ਰੱਖਣ। ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਰੇਲ ਗੱਡੀਆਂ, ਬਾਜ਼ਾਰ ਅਤੇ ਆਵਾਜਾਈ ਸਵੇਰੇ 7 ਵਜੇ ਤੋਂ 2 ਵਜੇ ਤੱਕ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ ਕਿਉਂਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਗੁਰਮੀਤ ਸਿੰਘ ਇੰਜੀਨੀਅਰ, ਭਾਈ ਲਖਵਿੰਦਰ ਸਿੰਘ ਨਾਰੰਗਵਾਲ ਤੇ ਭਾਈ ਸ਼ਮਸ਼ੇਰ ਸਿੰਘ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ ਜਿਸ ਕਾਰਨ ਸਮੁੱਚੀ ਸਿੱਖ ਕੌਮ ਵਿੱਚ ਰੋਹ ਅਤੇ ਰੋਸ ਹੈ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਮੋਹਾਲੀ ਤੋਂ 15 ਅਗਸਤ ਨੂੰ ਰਾਜਪਾਲ ਭਵਨ ਚੰਡੀਗੜ੍ਹ ਵੱਲ ਕੀਤੇ ਗਏ ਮਾਰਚ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਰੋਕਣਾ ਅਤੇ ਸਿੱਖ ਸੰਗਤਾਂ ਉੱਤੇ ਜ਼ੁਲਮ ਕਰਨਾ ਬਹੁਤ ਮੰਦਭਾਗਾ ਸੀ। ਕੇਂਦਰ ਦੀ ਭਾਜਪਾ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ 2019 ਵਿੱਚ ਕੀਤੇ ਵਾਅਦੇ ਤੋਂ ਮੁੱਕਰ ਚੁੱਕੀ ਹੈ ਤੇ ਸਿੱਖ ਕੌਮ ਨਾਲ ਵੈਰ ਕਮਾ ਰਹੀ ਹੈ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਜੰਗ ਹਿੰਦ-ਪੰਜਾਬ ਦੇ ਰਾਜਸੀ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਤ੍ਰਿਸਕਾਰ ਵਿਰੁੱਧ ਹਰ ਸਿੱਖ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ, ਪਰ ਉਸ ਦਾ ਖਮਿਆਜ਼ਾ ਵਿਤਕਰਾ ਕਰਕੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸਮੇਂ ਦੇਸ਼ ਦੇ ਵੱਡੇ-ਵੱਡੇ ਲੀਡਰਾਂ ਨੇ ਸਿੱਖਾਂ ਦੇ ਹੱਕਾਂ ਲਈ ਲਿਖਤੀ ਸਮਝੌਤੇ ਵੀ ਕੀਤੇ, ਪਰ ਬਾਅਦ ਵਿੱਚ ਹੁਣ ਤੱਕ ਅੱਖਾਂ ਫੇਰ ਲਈਆਂ ਹਨ। ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਬਿਮਾਰ ਹੋਣ ’ਤੇ ਵੀ ਪੈਰੋਲ ਦੇਣ ਦੀ ਬਜਾਏ ਨਾਟਕ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਕਾਰੋਬਾਰੀਆਂ ਤੇ ਹਰ ਵਰਗ ਦੇ ਲੋਕਾਂ ਨੂੰ ਹਮਦਰਦੀ ਰੱਖਦੇ ਹੋਏ ਇਸ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਇਨਸਾਫ਼ ਮਿਲ ਸਕੇ।
Posted By: GURBHEJ SINGH ANANDPURI