ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1,500 ਪ੍ਰਤੀ ਮਹੀਨਾ, ਜਦਕਿ ਹੋਰ ਸਾਰੀਆਂ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲੇਗਾ ਲਾਭ
ਖਮਾਣੋਂ, 19 ਜੂਨ (ਸਤਵਿੰਦਰ ਸਿੰਘ)-
ਪੰਜਾਬ ਸਰਕਾਰ ਵੱਲੋ ਸੂਬੇ ਦੀਆਂ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਤਹਿਤ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿਚ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਰਾਹੀ ਯੋਗ ਮਹਿਲਾਵਾਂ ਨੂੰ ਮਾਸਿਕ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜਬੂਤ ਬਣਾਉਣ ਦਾ ਉਦੇਸ਼ ਰੱਖਿਆ ਗਿਆ ਹੈ|
ਇਸ ਸੰਬਧੀ ਜਾਣਕਾਰੀ ਦਿੰਦਿਆਂ ਜ਼ਿਲ਼੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਨੁਰਤਨ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਅਧੀਨ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1,500 ਪ੍ਰਤੀ ਮਹੀਨਾ, ਜਦਕਿ ਹੋਰ ਸਾਰੀਆਂ ਯੋਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਸਹਾਇਤਾ ਸਿੱਧੀ ਉਨਾਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੈਨੀਫਿਟ ਟਰਾਂਸਫ਼ਰ (ਡੀ.ਬੀ.ਟੀ.) ਰਾਹੀ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਬਿਨੈਕਾਰ ਮਹਿਲਾ ਦਾ ਪੰਜਾਬ ਦਾ ਸਥਾਈ ਨਿਵਾਸੀ ਅਤੇ ਉਮਰ 18 ਸਾਲ ਤੋਂ ਵੱਧ ਹੋਣੀ ਲਾਜ਼ਮੀ ਹੈ। ਰਜਿਸਟ੍ਰੇਸ਼ਨ ਲਈ ਵੋਟਰ ਸੂਚੀ, ਵੋਟਰ ਕਾਰਡ, ਬੈਂਕ ਪਾਸਬੁੱਕ, ਮੋਬਾਇਲ ਨੰਬਰ ਅਤੇ ਹੋਰ ਲੋੜੀਂਦੇ ਦਸਤਾਵੇਜ ਜ਼ਰੂਰੀ ਹਨ। ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ਆਪਣਾ ਜਾਤੀ ਸਰਟੀਫ਼ਿਕੇਟ ਵੀ ਰਜਿਸਟ੍ਰੇਸ਼ਨ ਸਮੇਂ ਲੈ ਕੇ ਆਉਣਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਕਿ ਯੋਗ ਲਾਭਪਾਤਰੀਆ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਸੁਰੱਖਿਆਂ ਨੂੰ ਮਜਬੂਤ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉਪਰ ਚੱਕਣ ਵਿਚ ਸਹਾਈ ਹੋਵੇਗੀ।
ਉਨ੍ਹਾਂ ਸਮੂਹ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਆਂਗਣਵਾੜੀ ਕੇਂਦਰ ਵਿਖੇ ਆਪਣੀ ਰਜ਼ਿਸਟ੍ਰੇਸ਼ਨ ਕਰਵਾ ਕੇ ਪੰਜਾਬ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦਾ ਲਾਹਾ ਲੈਣ।
Posted By: GURBHEJ SINGH ANANDPURI