ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਅੱਜ-13 ਜੁਲਾਈ ਨੂੰ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਵਾਲੀਆਂ ਟੀ-ਸ਼ਰਟਾਂ ਪਾ ਕੇ ਕੀਤਾ ਜਾਵੇਗਾ ਮੋਟਰਸਾਈਕਲ ਰੋਸ ਮਾਰਚ : ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ
- ਰਾਜਨੀਤੀ
- 12 Jul, 2026 07:10 PM (Asia/Kolkata)
ਚੰਡੀਗੜ੍ਹ 12 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸਮੁੱਚੇ ਪੰਜਾਬ ਦੇ ਕਿਸਾਨ ਆਪਣੇ ਮੰਗਾਂ ਵਾਲੀਆਂ ਟੀ ਸਰਟਾਂ ਪਾ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਨ ਦੀ ਅਗਵਾਈ 'ਚ ਵੱਡਾ ਮੋਟਰਸਾਈਕਲ ਮਾਰਚ ਕਰਨਗੇ। ਇਸ ਮਾਰਚ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਣ ਵਾਲੇ ਕਿਸਾਨ ਆਪਣੀਆਂ ਮੰਗਾਂ ਵਾਲੀਆਂ ਟੀ-ਸ਼ਰਟਾਂ ਪਹਿਨਣਗੇ। ਜਲੂਸ ਬੇਮਿਸਾਲ ਅਨੁਸ਼ਾਸਨ ਨਾਲ ਕੱਢਿਆ ਜਾਵੇਗਾ। ਸਵੇਰੇ 11 ਵਜੇ ਨੇਚਰ ਪਾਰਕ, ਮੋਹਾਲੀ ਤੋਂ ਇਹ ਜਲੂਸ ਚੰਡੀਗੜ੍ਹ ਵੱਲ ਰਵਾਨਾ ਹੋਵੇਗਾ, ਜਿਸ ਵਿੱਚ ਸਭ ਤੋਂ ਅੱਗੇ ਵੱਡੀ ਗਿਣਤੀ ਵਿੱਚ ਮੋਟਰਸਾਈਕਲ ਹੋਣਗੇ ਅਤੇ ਉਨ੍ਹਾਂ ਦੇ ਪਿੱਛੇ ਕਾਰਾਂ ਦਾ ਕਾਫ਼ਲਾ ਚੱਲੇਗਾ। ਸੈਕਟਰ 34 ਦੇ ਗਰਾਊਂਡ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਰਾਜਪਾਲ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ਦੋ ਮੈਮੋਰੈਂਡਮ ਭੇਜੇ ਜਾਣਗੇ।..ਰਾਜੇਵਾਲ ਨੇ ਕਿਹਾ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ, ਪਰ ਕੇਂਦਰ ਸਰਕਾਰ ਵੱਲੋਂ ਸਮਝੌਤਿਆਂ ਰਾਹੀਂ ਪੰਜਾਬ ਦਾ ਦਰਿਆਈ ਪਾਣੀ ਹੋਰ ਰਾਜਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਖੁਦ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਿਹਾ ਹੈ ਤਾਂ ਪੰਜਾਬ ਦੇ ਹੱਕਾਂ ਲਈ ਇਹ ਮਾਰਚ ਇੱਕ ਨਵੇਂ ਸੰਘਰਸ਼ ਦੀ ਸ਼ੁਰੂਆਤ ਵੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੋਧਾਂ ਕਰਕੇ ਨਵੀਂ ਲੈਂਡ ਪਾਲਿਸੀ ਲੈ ਕੇ ਆਈ ਹੈ। ਜਿਸ ਦਾ ਕਿਸਾਨ ਵਿਰੋਧ ਕਰਨਗੇ। ਉਨ੍ਹਾਂ ਦੇ ਅਨੁਸਾਰ ਕਿਸਾਨ ਇਨ੍ਹਾਂ ਸਾਰੇ ਮੁੱਦਿਆਂ 'ਤੇ ਵੱਡਾ ਸੰਘਰਸ਼ ਕਰਨ ਲਈ ਤਿਆਰ ਹਨ।ਰਾਜੇਵਾਲ ਨੇ ਕਿਹਾ ਕਿ ਭਾਰਤ ਸਰਕਾਰ ਅਮਰੀਕਾ ਨਾਲ ਇੱਕ ਮੁਕਤ ਵਪਾਰ ਸਮਝੌਤਾ ਕਰਨ ਦੀ ਤਿਆਰੀ ਵਿੱਚ ਹੈ। ਇਸ ਸਮਝੌਤੇ ਨਾਲ ਭਾਰਤ ਦੀ ਮੰਡੀ ਅਮਰੀਕੀ ਅਨਾਜ ਅਤੇ ਹੋਰ ਖੇਤੀ ਉਤਪਾਦਾਂ ਲਈ ਖੋਲ੍ਹੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਲਗਭਗ 75 ਫੀਸਦੀ ਕਿਸਾਨਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ, ਜਦਕਿ ਅਮਰੀਕਾ ਦੇ ਕਿਸਾਨ ਹਜ਼ਾਰਾਂ ਏਕੜ ਦੇ ਮਾਲਕ ਹਨ ਅਤੇ ਉਨ੍ਹਾਂ ਨੂੰ ਭਾਰੀ ਸਰਕਾਰੀ ਸਬਸਿਡੀਆਂ ਮਿਲਦੀਆਂ ਹਨ। ਜੇਕਰ ਭਾਰਤ ਨੇ ਆਪਣੀ ਮੰਡੀ ਅਮਰੀਕੀ ਉਤਪਾਦਾਂ ਲਈ ਖੋਲ੍ਹ ਦਿੱਤੀ ਤਾਂ ਭਾਰਤੀ ਖੇਤੀ ਨੂੰ ਭਾਰੀ ਨੁਕਸਾਨ ਹੋਵੇਗਾ ਅਤੇ ਛੋਟੇ ਕਿਸਾਨ ਮੁਕਾਬਲਾ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਜੇ ਇਹ ਸਮਝੌਤਾ ਕੀਤਾ ਗਿਆ ਤਾਂ ਸਾਲ 2020–21 ਦੇ ਦਿੱਲੀ ਕਿਸਾਨ ਅੰਦੋਲਨ ਵਾਂਗ ਵੱਡਾ ਸੰਘਰਸ਼ ਕੀਤਾ ਜਾਵੇਗਾ।
Leave a Reply