Nazrana Times

ਪੰਜਾਬੀ

ਪਿੰਡ ਬ੍ਰਹਮਪੁਰਾ ਵਿਖੇ ਗਰੀਬ ਪਰਿਵਾਰ ਦੇ ਕਮਰੇ ਨੂੰ ਲੱਗੀ ਅੱਗ, ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ

18 Oct, 2026 02:46 PM

ਰਵਿੰਦਰ ਸਿੰਘ (ਰਵੀ ਖਹਿਰਾ)
ਖਡੂਰ ਸਾਹਿਬ, 18 ਅਕਤੂਬਰ 

ਸਰਕਾਰਾਂ ਦੇ ਗਰੀਬਾਂ ਦੀ ਮਦਦ ਕਰਨ ਦੇ ਦਾਅਵੇ ਹੋਏ ਖੋਖਲੇ, ਪੀੜਤ ਪਰਿਵਾਰ ਨੇ ਸਮਾਜ ਸੇਵੀਆਂ ਅਤੇ ਹਲਕਾ ਵਿਧਾਇਕ ਤੋਂ ਮਦਦ ਦੀ ਲਗਾਈ ਗੁਹਾਰ

ਬ੍ਰਹਮਪੁਰਾ: ਪਿੰਡ ਬ੍ਰਹਮਪੁਰਾ ਵਿਖੇ ਇੱਕ ਗਰੀਬ ਪਰਿਵਾਰ ਦੇ ਕਮਰੇ ਨੂੰ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਕਾਰਨ ਪਰਿਵਾਰ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਪਹਿਲਾਂ ਹੀ ਗਰੀਬੀ ਨਾਲ ਜੂਝ ਰਹੇ ਇਸ ਪਰਿਵਾਰ ਲਈ ਹੁਣ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਹੋਣਾ ਵੱਡੀ ਚੁਣੌਤੀ ਬਣ ਗਿਆ ਹੈ।

ਪੀੜਤ ਹੀਰਾ ਸਿੰਘ ਨੇ ਆਪਣੀ ਦੁੱਖ ਭਰੀ ਕਹਾਣੀ ਦੱਸਦਿਆਂ ਕਿਹਾ ਕਿ ਉਹ ਪਿੰਡ ਵਿੱਚ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ, ਜਦਕਿ ਉਸ ਦੀ ਪਤਨੀ ਵੀ ਲੋਕਾਂ ਦੇ ਘਰਾਂ ਵਿੱਚ ਕੰਮ ਕਰਦੀ ਹੈ। ਉਨ੍ਹਾਂ ਦੇ ਤਿੰਨ ਬੱਚੇ ਹਨ। ਪਰਿਵਾਰ ਦੀ ਆਰਥਿਕ ਹਾਲਤ ਇੰਨੀ ਮਾੜੀ ਹੈ ਕਿ ਰੋਜ਼ਾਨਾ ਘਰ ਦਾ ਖ਼ਰਚਾ ਚਲਾਉਣਾ ਵੀ ਮੁਸ਼ਕਲ ਹੋ ਜਾਂਦਾ ਹੈ।

ਹੀਰਾ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਰੋਜ਼ਾਨਾ ਦੀ ਤਰ੍ਹਾਂ ਕੰਮ ’ਤੇ ਗਏ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੇ ਕਮਰੇ ਨੂੰ ਅੱਗ ਲੱਗ ਗਈ ਹੈ। ਜਦੋਂ ਉਹ ਘਰ ਪਹੁੰਚੇ ਤਾਂ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਅੱਗ ਕਾਰਨ ਫਰਿੱਜ, ਅਲਮਾਰੀ, ਟੀਵੀ, ਬੱਚਿਆਂ ਦੀਆਂ ਕਿਤਾਬਾਂ, ਸਕੂਲ ਬੈਗ ਅਤੇ ਹੋਰ ਘਰੇਲੂ ਸਾਮਾਨ ਨਸ਼ਟ ਹੋ ਗਿਆ।

ਉਨ੍ਹਾਂ ਦੱਸਿਆ ਕਿ ਪਰਿਵਾਰ ਪਹਿਲਾਂ ਹੀ ਬੇਹੱਦ ਗਰੀਬੀ ਵਿੱਚ ਜੀਵਨ ਬਤੀਤ ਕਰ ਰਿਹਾ ਸੀ ਅਤੇ ਹੁਣ ਇਸ ਘਟਨਾ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਪਰਿਵਾਰ ਕੋਲ ਹੁਣ ਘਰੇਲੂ ਵਰਤੋਂ ਦਾ ਜ਼ਰੂਰੀ ਸਾਮਾਨ ਵੀ ਨਹੀਂ ਬਚਿਆ।

ਪੀੜਤ ਪਰਿਵਾਰ ਨੇ ਸਰਕਾਰ, ਸਮਾਜ ਸੇਵੀਆਂ ਅਤੇ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਦੇਖਦਿਆਂ ਤੁਰੰਤ ਮਦਦ ਕੀਤੀ ਜਾਵੇ, ਤਾਂ ਜੋ ਉਹ ਆਪਣੇ ਘਰ ਦਾ ਮੁੜ ਪ੍ਰਬੰਧ ਕਰ ਸਕਣ ਅਤੇ ਬੱਚਿਆਂ ਦੀਆਂ ਜ਼ਰੂਰਤਾਂ ਪੂਰੀਆਂ ਕਰ ਸਕਣ।

ਇਸ ਘਟਨਾ ਨੇ ਇੱਕ ਵਾਰ ਫਿਰ ਗਰੀਬ ਪਰਿਵਾਰਾਂ ਦੀਆਂ ਮੁਸ਼ਕਲਾਂ ਅਤੇ ਲੋੜਵੰਦਾਂ ਤੱਕ ਸਰਕਾਰੀ ਸਹਾਇਤਾ ਪਹੁੰਚਾਉਣ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਕਦੋਂ ਅੱਗੇ ਆਉਂਦੀਆਂ ਹਨ।

Latest News