ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ

ਮੁੱਖ ਸਮਾਗਮ, ਰਿਹਾਇਸ਼, ਲੰਗਰ ਅਤੇ ਹੋਰ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ

ਕੀਰਤਪੁਰ ਸਾਹਿਬ/ ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ , ਨਜ਼ਰਾਨਾ ਟਾਈਮਜ 
ਕੀਰਤਪੁਰ ਸਾਹਿਬ ਦੀ ਚਾਰ ਸੌ ਸਾਲਾ ਸਥਾਪਨਾ ਸ਼ਤਾਬਦੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਉੱਚ ਪੱਧਰੀ ਇਕੱਤਰਤਾ ਹੋਈ। ਇਸ ਇਕੱਤਰਤਾ ਦੀ ਅਗਵਾਈ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤੀ ਅਤੇ ਇਸ ਵਿਚ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ ਬਾਦੀਆਂ ਸਮੇਤ ਵੱਖ-ਵੱਖ ਅਧਿਕਾਰੀਆਂ ਨੇ ਹਿੱਸਾ ਲਿਆ।
ਇਸ ਇਕੱਤਰਤਾ ਵਿਚ ਸ਼ਤਾਬਦੀ ਦੇ ਮੁੱਖ ਸਮਾਗਮ ਲਈ ਪੰਡਾਲ, ਲੰਗਰ ਅਤੇ ਸੰਗਤ ਦੀ ਰਿਹਾਇਸ਼ ਸਮੇਤ ਹੋਰ ਪ੍ਰਬੰਧਾਂ ਦੀ ਰੂਪ-ਰੇਖਾ ਉਲੀਕਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਕੀਰਤਪੁਰ ਸਾਹਿਬ ਛੇ ਗੁਰੂ ਸਾਹਿਬਾਨ ਦੀ ਪਾਵਨ ਚਰਨ-ਛੋਹ ਪ੍ਰਾਪਤ ਧਰਤੀ ਹੈ ਅਤੇ ਇਸ ਦੀ ਸਥਾਪਨਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਦੀ ਸਥਾਪਨਾ ਦੇ ਚਾਰ ਸੌ ਸਾਲਾ ਇਤਿਹਾਸਕ ਦਿਹਾੜੇ ਨੂੰ ਵਿਸ਼ਵ ਭਰ ਦੇ ਸਿੱਖਾਂ ਲਈ ਯਾਦਗਾਰੀ ਬਣਾਉਣ ਵਾਸਤੇ ਸ਼੍ਰੋਮਣੀ ਕਮੇਟੀ ਵਲੋਂ 29 ਅਪ੍ਰੈਲ ਤੋਂ 1 ਮਈ ਤੱਕ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 400 ਸਾਲਾ ਸਥਾਪਨਾ ਦਿਹਾੜੇ ਦੀ ਸ਼ਤਾਬਦੀ ਦੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਵਿਚ ਸਹਾਈ ਹੋਣਗੇ। ਇਸ ਲਈ ਹਰ ਇੱਕ ਸਿੱਖ ਨੂੰ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ 400 ਸਾਲਾ ਸ਼ਤਾਬਦੀ ਸਮਾਗਮਾਂ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਦੇ ਪੁੱਜਣ ਦੀ ਸੰਭਾਵਨਾ ਦੇ ਮੱਦੇਨਜ਼ਰ ਮੁੱਖ ਸਮਾਗਮ ਲਈ ਵਿਸ਼ਾਲ ਪੰਡਾਲ, ਲੰਗਰ, ਰਿਹਾਇਸ਼ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ‘ਤੇ ਖ਼ਾਸ ਜ਼ੋਰ ਦਿੱਤਾ ਤਾਂ ਜੋ ਸ਼੍ਰੋਮਣੀ ਕਮੇਟੀ ਵਲੋਂ ਸੁਚੱਜੀ ਵਿਉਂਤਬੰਦੀ ਦੇ ਨਾਲ ਇਨ੍ਹਾਂ ਸਮਾਗਮਾਂ ਨੂੰ ਇਤਿਹਾਸਕ ਅਤੇ ਪ੍ਰੇਰਨਾ-ਸਰੋਤ ਬਣਾਇਆ ਜਾ ਸਕੇ। 
ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ ਬਾਦੀਆਂ ਨੇ ਪੰਡਾਲ ਦੀ ਉਸਾਰੀ, ਸਜਾਵਟ ਅਤੇ ਲੰਗਰ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸੰਪਰਦਾਵਾਂ ਅਤੇ ਕਾਰ-ਸੇਵਾ ਵਾਲੇ ਬਾਬਿਆਂ ਨੂੰ ਲੰਗਰ ਲਾਉਣ ਸਬੰਧੀ ਥਾਵਾਂ ਨੀਯਤ ਕਰ ਦਿੱਤੀਆਂ ਗਈਆਂ ਹਨ। ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਨੇ ਲੰਗਰ ਅਤੇ ਹੋਰ ਸੇਵਾਵਾਂ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। 
ਇਸ ਤੋਂ ਪਹਿਲਾਂ ਸਾਰੇ ਅਧਿਕਾਰੀਆਂ ਨੇ ਗੁਰਦੁਆਰਾ ਸੀਸ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ। 
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਮਲਕੀਤ ਸਿੰਘ ਤਲਵੰਡੀ ਸੱਲਾ, ਵਧੀਕ ਮੈਨੇਜਰ ਸ. ਹਰਦੇਵ ਸਿੰਘ ਐਡਵੋਕੇਟ , ਮੀਤ ਮੈਨੇਜਰ ਸ. ਭੁਪਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਵਧੀਕ ਮੈਨੇਜਰ ਸ. ਸਤਨਾਮ ਸਿੰਘ ਝਬਾਲ, ਇੰਚਾਰਜ ਸ਼ਤਾਬਦੀਆਂ ਸ. ਬਲਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਸੁਪਰਡੈਂਟ ਸ. ਗੁਰਪ੍ਰੀਤ ਸਿੰਘ, ਆਰਡਰ ਕਲਰਕ ਸ. ਸੋਮ ਸਿੰਘ ਅਤੇ ਜਸ਼ਨਜੋਤ ਸਿੰਘ ਵੀ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.