ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ
- ਅੰਤਰਰਾਸ਼ਟਰੀ
- (Asia/Kolkata)
ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
ਅੰਮ੍ਰਿਤਸਰ, 2 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ - ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਨੇਪਾਲ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਪ੍ਰਭਾਵਿਤ ਖੇਤਰ ਬਿਦੂਰ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸਕਲਾਂ ਅਤੇ ਲੋੜਾਂ ਦੀ ਜਾਣਕਾਰੀ ਲਈ। ਸ਼੍ਰੋਮਣੀ ਕਮੇਟੀ ਵਫ਼ਦ ਨੇ ਨੇਪਾਲ ਦੇ ਗ੍ਰਹਿ ਮੰਤਰੀ ਮਿਸਟਰ ਸੂਦਨ ਅਤੇ ਗ੍ਰਹਿ ਵਿਭਾਗ ਦੇ ਚੀਫ਼ ਐਗਜੀ਼ਕਿਊਟਿਵ ਡਾ ਦਰਸ਼ਨ ਰਾਜ ਨਾਲ ਵੀ ਮੁਲਾਕਾਤ ਕੀਤੀ ਅਤੇ ਲੋੜਵੰਦਾਂ ਦੀ ਮਦਦ ਲਈ ਸਮਾਨ ਲਿਆਉਣ ਲਈ ਰਸਤਾ ਖੋਲ੍ਹਣ ਅਤੇ ਲੋੜੀਂਦੀ ਪ੍ਰਵਾਨਗੀ ਦੇਣ ਲਈ ਆਖਿਆ। ਸ਼੍ਰੋਮਣੀ ਕਮੇਟੀ ਦੀ ਇਸ ਅਪੀਲ ਨੂੰ ਪ੍ਰਸ਼ਾਸਨ ਨੇ ਪ੍ਰਵਾਨ ਕਰਦਿਆਂ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨੇਪਾਲ ਗਏ ਵਫ਼ਦ ਵਿਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਸ. ਅਜਾਦ ਦੀਪ ਸਿੰਘ ਸਾਮਲ ਹਨ।
ਜਿਕਰਯੋਗ ਹੈ ਕਿ ਨੇਪਾਲ ਵਿੱਚ ਆਏ ਭਿਆਨਕ ਹੜ੍ਹ ਅਤੇ ਕੁਦਰਤੀ ਆਫ਼ਤ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਹੜ੍ਹ ਕਾਰਨ ਬਹੁਤ ਸਾਰੇ ਘਰ ਤਬਾਹ ਹੋ ਗਏ, ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਅਤੇ ਕਈ ਪਰਿਵਾਰ ਬੇਘਰ ਹੋ ਗਏ ਹਨ।
ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਅੱਜ ਬਿਦੂਰ ਇਲਾਕੇ ਵਿੱਚ ਪਹੁੰਚ ਕੇ ਜਦੋਂ ਅਸੀਂ ਇਸ ਤਬਾਹੀ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਤਾਂ ਇਸ ਦੀ ਗੰਭੀਰਤਾ ਦਾ ਅਹਿਸਾਸ ਹੋਰ ਵੀ ਡੂੰਘਾ ਹੋਇਆ। ਇੱਥੇ ਅਸੀਂ ਸਥਾਨਕ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਕਿਸ ਤਰ੍ਹਾਂ ਦੀ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੈ ਬਾਰੇ ਜਾਣਕਾਰੀ ਲਈ।
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸਾਡੀ ਨੇਪਾਲ ਦੇ ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਨਾਲ ਵੀ ਮੁਲਾਕਾਤ ਹੋਈ ਸੀ। ਅੱਜ ਉਨ੍ਹਾਂ ਦੇ ਸੱਦੇ ’ਤੇ ਅਸੀਂ ਬਿਦੂਰ ਪਹੁੰਚੇ ਤਾਂ ਜੋ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇੱਥੇ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਤਾਲਮੇਲ ਕੀਤਾ ਗਿਆ ਹੈ ਤਾਂ ਜੋਂ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲੈਣ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਵਿੱਚ ਆਪਣਾ ਪੂਰਾ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਨੇਪਾਲ ਦੇ ਸਿੱਖ ਆਗੂ ਸ. ਅੰਗਦ ਸਿੰਘ ਅਤੇ ਸ. ਹਰਪਾਲ ਸਿੰਘ ਵੀ ਮੌਜੂਦ ਸਨ।
Leave a Reply