13 ਨਵੰਬਰ ਨੂੰ ਖਹਿਰਾ ਪੈਲੇਸ ਵਿਖੇ ਹੋਵੇਗੀ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ : ਰਮਨਦੀਪ ਕੌਰ ਸ਼ੇਰੋਂ
ਪੰਜਾਬ ਦੀ ਜਵਾਨੀ ਬਚਾਉਣ ਲਈ ਮਾਵਾਂ-ਧੀਆਂ ਦੀ ਲਲਕਾਰ ਬਣੇਗੀ ਨਸ਼ਿਆਂ ਖ਼ਿਲਾਫ਼ ਆਵਾਜ਼ : ਰਮਨਦੀਪ ਕੌਰ ਸ਼ੇਰੋਂ
ਰਵੀ ਖਹਿਰਾ, ਖਡੂਰ ਸਾਹਿਬ
ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਕੀਤੀਆਂ ਜਾ ਰਹੀਆਂ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਂਗੇ ਨਸ਼ੇ ਦਾ ਵਪਾਰ’ ਰੈਲੀਆਂ ਦੀ ਲੜੀ ਤਹਿਤ 13 ਨਵੰਬਰ, ਦਿਨ ਸ਼ੁੱਕਰਵਾਰ ਨੂੰ ਖਹਿਰਾ ਪੈਲੇਸ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਰੈਲੀ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ।
ਇਸ ਰੈਲੀ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਵਿੱਚ ਕਰਵਾਈਆਂ ਜਾਂਦੀਆਂ ਰੈਲੀਆਂ ਨੂੰ ਹਮੇਸ਼ਾ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ਅਤੇ ਇਸ ਵਾਰ ਵੀ ਇਸਤਰੀ ਅਕਾਲੀ ਦਲ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵੱਡਾ ਇਕੱਠ ਕਰਕੇ ਇਸ ਸਮਾਜਿਕ ਬੁਰਾਈ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ।
ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਨਸ਼ਿਆਂ ਦਾ ਸਭ ਤੋਂ ਵੱਧ ਸੰਤਾਪ ਮਾਵਾਂ ਅਤੇ ਭੈਣਾਂ ਨੂੰ ਆਪਣੇ ਘਰਾਂ ਵਿੱਚ ਹੰਢਾਉਣਾ ਪੈ ਰਿਹਾ ਹੈ। ਅੱਜ ਸਮਾਂ ਆ ਗਿਆ ਹੈ ਕਿ ਔਰਤਾਂ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਕਿਸੇ ਇੱਕ ਪਾਰਟੀ ਦੀ ਨਹੀਂ, ਸਗੋਂ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦੀ ਲੜਾਈ ਹੈ।