Nazrana Times

ਪੰਜਾਬੀ

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਵਿੱਚ ਨਵੀਂ ਮਜ਼ਬੂਤੀ ਅਤੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ: ਤਰੁਣ ਜੋਸ਼ੀ

26 Nov, 2026 05:14 PM

ਪੰਜਾਬ ਦੇ ਹਿੱਤਾਂ ਦੀ ਰਾਖੀ,ਕਿਸਾਨਾਂ ਦੀ ਭਲਾਈ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਕਾਲੀ-ਭਾਜਪਾ ਦੀ ਸਿਆਸੀ ਸਾਂਝ ਅਹਿਮ ਸਾਬਤ ਹੋਵੇਗੀ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,26 ਨਵੰਬਰ

ਹਲਕਾ ਤਰਨਤਾਰਨ ਤੋਂ ਯੂਥ ਭਾਜਪਾ ਦੇ ਸੀਨੀਅਰ ਆਗੂ ਤਰੁਣ ਜੋਸ਼ੀ ਨੇ ਪੰਜਾਬ ਵਿੱਚ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਂਝ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਅਧਿਆਏ ਲਿਖੇਗੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਲੋੜ ਹੈ ਅਤੇ ਇਸ ਨਾਲ ਪੰਜਾਬ ਵਿੱਚ ਇੱਕ ਮਜ਼ਬੂਤ ਸਿਆਸੀ ਬਦਲ ਤਿਆਰ ਹੋਵੇਗਾ।

ਤਰੁਣ ਜੋਸ਼ੀ ਨੇ ਕਿਹਾ ਕਿ ਦੋਵੇਂ ਪਾਰਟੀਆਂ ਦਾ ਆਪਣਾ ਮਜ਼ਬੂਤ ਸੰਗਠਨਾਤਮਕ ਆਧਾਰ ਅਤੇ ਲੰਮਾ ਸਿਆਸੀ ਤਜਰਬਾ ਹੈ। ਅਤੀਤ ਵਿੱਚ ਵੀ ਇਸ ਗੱਠਜੋੜ ਨੇ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਕਈ ਅਹਿਮ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ, ਵਪਾਰੀਆਂ ਨੂੰ ਰਾਹਤ ਦੇਣ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਲਈ ਇੱਕ ਮਜ਼ਬੂਤ ਸਰਕਾਰ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਅਤੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਣਾ ਹੋਣਾ ਚਾਹੀਦਾ ਹੈ। ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਇਸ ਸਿਆਸੀ ਸਾਂਝ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨਾ ਚਾਹੀਦਾ ਹੈ।

ਅੰਤ ਵਿੱਚ ਤਰੁਣ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਅਕਾਲੀ-ਭਾਜਪਾ ਗੱਠਜੋੜ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕ ਹਿੱਤਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਏਗਾ।

Latest News