ਜਥੇਦਾਰ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਕਿਉਂ ਨਹੀਂ, ਜਦਕਿ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮੌਕੇ ਘਰ ਜਾਣ ਦੀ ਇਜਾਜ਼ਤ? : ਜਥੇਦਾਰ ਵਰਾਣਾ

ਜਥੇਦਾਰ ਹਵਾਰਾ ਨੂੰ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਕਿਉਂ ਨਹੀਂ, ਜਦਕਿ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮੌਕੇ ਘਰ ਜਾਣ ਦੀ ਇਜਾਜ਼ਤ? : ਜਥੇਦਾਰ ਵਰਾਣਾ

ਸਿੱਖਾਂ ਨਾਲ ਵਿਤਕਰੇ ਵਾਲਾ ਰਵੱਈਆ ਬੰਦ ਕਰੇ ਕੇਂਦਰ ਸਰਕਾਰ,ਬੰਦੀ ਸਿੰਘਾਂ ਨੂੰ ਵੀ ਮਿਲਣ ਪੈਰੋਲ ਤੇ ਰਿਹਾਈ ਦਾ ਹੱਕ : ਸਿਕੰਦਰ ਸਿੰਘ ਵਰਾਣਾ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ, 29 ਅਕਤੂਬਰ 

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਪੀ.ਏ.ਸੀ. ਦੇ ਮੈਂਬਰ ਜਥੇਦਾਰ ਸਿਕੰਦਰ ਸਿੰਘ ਵਰਾਣਾ ਨੇ ਕੇਂਦਰ ਸਰਕਾਰ ’ਤੇ ਸਿੱਖਾਂ ਨਾਲ ਵਿਤਕਰਾ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮੌਕੇ ਘਰ ਜਾਣ ਦੀ ਇਜਾਜ਼ਤ ਦੇਣਾ ਅਤੇ ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਬਿਰਧ ਮਾਤਾ ਨੂੰ ਮਿਲਣ ਲਈ ਪੈਰੋਲ ਨਾ ਦੇਣਾ ਸਰਕਾਰ ਦੇ ਦੋਹਰੇ ਮਾਪਦੰਡਾਂ ਨੂੰ ਉਜਾਗਰ ਕਰਦਾ ਹੈ।
ਜਥੇਦਾਰ ਵਰਾਣਾ ਨੇ ਕਿਹਾ ਕਿ ਜਦੋਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਵੱਖ-ਵੱਖ ਸੂਬਿਆਂ ਦੇ ਕਿਸਾਨ ਆਪਣੇ ਹੱਕਾਂ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ, ਉਸ ਸਮੇਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉੱਪਰ ਗੱਡੀਆਂ ਚੜ੍ਹਾਉਣ ਦੀ ਘਟਨਾ ਵਾਪਰੀ ਸੀ। ਇਸ ਘਟਨਾ ਵਿੱਚ ਕਈ ਕਿਸਾਨਾਂ ਦੀ ਜਾਨ ਚਲੀ ਗਈ ਸੀ ਅਤੇ ਕਈ ਹੋਰ ਜ਼ਖ਼ਮੀ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮੌਕੇ ਘਰ ਜਾਣ ਦੀ ਰਿਆਇਤ ਦੇਣਾ ਬੇਹੱਦ ਹੈਰਾਨੀਜਨਕ ਹੈ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਕਰੀਬ 90 ਸਾਲਾ ਬਿਮਾਰ ਮਾਤਾ ਆਪਣੇ ਪੁੱਤਰ ਨੂੰ ਮਿਲਣ ਲਈ ਤਰਸ ਰਹੀ ਹੈ। ਮਾਤਾ ਦੀ ਉਮਰ ਅਤੇ ਸਿਹਤ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਭਾਈ ਹਵਾਰਾ ਨੂੰ ਘੱਟੋ-ਘੱਟ ਪੰਜ ਦਿਨਾਂ ਦੀ ਪੈਰੋਲ ਦੇ ਕੇ ਆਪਣੀ ਮਾਂ ਨੂੰ ਮਿਲਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਂ ਅਤੇ ਪੁੱਤਰ ਦੀ ਇਸ ਮੁਲਾਕਾਤ ਵਿੱਚ ਹੋਰ ਦੇਰੀ ਕਰਨਾ ਮਨੁੱਖੀ ਸੰਵੇਦਨਾਵਾਂ ਨੂੰ ਅਣਗੌਲਿਆ ਕਰਨ ਦੇ ਬਰਾਬਰ ਹੈ।
ਜਥੇਦਾਰ ਵਰਾਣਾ ਨੇ ਕਿਹਾ ਕਿ ਪੰਜਾਬ ਦੀਆਂ ਹਜ਼ਾਰਾਂ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਸਰਕਾਰ ਤੱਕ ਪਹੁੰਚਾਏ ਜਾਣ ਦੇ ਬਾਵਜੂਦ ਇਸ ਮਾਮਲੇ ਵੱਲ ਧਿਆਨ ਨਾ ਦੇਣਾ ਦੁਖਦਾਈ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇੱਕ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਵਿਅਕਤੀ ਨੂੰ ਤਿਉਹਾਰ ਮੌਕੇ ਘਰ ਜਾਣ ਦੀ ਰਿਆਇਤ ਦਿੱਤੀ ਜਾ ਸਕਦੀ ਹੈ ਤਾਂ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੇ ਮਾਮਲਿਆਂ ਵਿੱਚ ਮਨੁੱਖੀ ਆਧਾਰ ’ਤੇ ਹਮਦਰਦੀ ਕਿਉਂ ਨਹੀਂ ਦਿਖਾਈ ਜਾਂਦੀ?
ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਦੇਸ਼ ਦੀ ਰੱਖਿਆ ਅਤੇ ਤਰੱਕੀ ਤੱਕ ਅਹਿਮ ਯੋਗਦਾਨ ਪਾਇਆ ਹੈ। ਇਸ ਦੇ ਬਾਵਜੂਦ ਸਿੱਖ ਕੈਦੀਆਂ ਦੇ ਮਾਮਲਿਆਂ ਵਿੱਚ ਕਥਿਤ ਵਿਤਕਰੇ ਵਾਲਾ ਰਵੱਈਆ ਅਪਣਾਇਆ ਜਾਣਾ ਸਮਝ ਤੋਂ ਬਾਹਰ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ ਅਤੇ ਕਿਸੇ ਵੀ ਵਿਅਕਤੀ ਨਾਲ ਧਰਮ ਜਾਂ ਭਾਈਚਾਰੇ ਦੇ ਆਧਾਰ ’ਤੇ ਵਿਤਕਰਾ ਨਹੀਂ ਹੋਣਾ ਚਾਹੀਦਾ।
ਜਥੇਦਾਰ ਸਿਕੰਦਰ ਸਿੰਘ ਵਰਾਣਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਇੱਕ ਹਫ਼ਤੇ ਦੀ ਪੈਰੋਲ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਬਿਮਾਰ ਮਾਤਾ ਨੂੰ ਮਿਲ ਸਕਣ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਵੀ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਹੋਰਨਾਂ ਬੰਦੀ ਸਿੰਘਾਂ ਦੇ ਪੈਰੋਲ ਸਬੰਧੀ ਮਾਮਲਿਆਂ ’ਤੇ ਵੀ ਮਨੁੱਖੀ ਆਧਾਰ ’ਤੇ ਵਿਚਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਗੰਭੀਰਤਾ ਦਿਖਾਉਂਦਿਆਂ ਬੰਦੀ ਸਿੰਘਾਂ ਦੇ ਪਰਿਵਾਰਾਂ ਦੀਆਂ ਭਾਵਨਾਵਾਂ ਅਤੇ ਮਨੁੱਖੀ ਅਧਿਕਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.