ਧਰਨੇ ਪ੍ਰਦਰਸ਼ਨਾਂ ਚੋ ਜਨਮੀ ਆਪ ਸਰਕਾਰ ਦੇ ਰਾਜ ਕਰਮਚਾਰੀ ਨੂੰ ਮਿਲ ਰਹੀਆਂ ਲਾਠੀਆਂ-ਖੋਜੇਵਾਲ
- ਰਾਜਨੀਤੀ
- 23 Jul, 2026 02:14 PM (Asia/Kolkata)
ਕਪੂਰਥਲਾ 23 ਜੁਲਾਈ ਗੌਰਵ ਮੜੀਆ
ਭਾਜਪਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ(ਆਪ)ਦੀ ਸਰਕਾਰ,ਜੋ ਕਿ ਖੁਦ ਧਰਨੇ-ਪ੍ਰਦਰਸ਼ਨਾਂ ਦੀ ਕੁੱਖ ਵਿੱਚੋਂ ਜਨਮੀ ਸੀ,ਅੱਜ ਆਪਣੇ ਹੀ ਸੂਬੇ ਦੇ ਹੱਕ ਮੰਗ ਰਹੇ ਮੁਲਾਜ਼ਮਾਂ ਜਿਵੇਂ ਕਿ ਮਗਨਰੇਗਾ ਕਾਮੇ ਅਤੇ ਸਫ਼ਾਈ ਕਰਮਚਾਰੀਆਂ ਉੱਤੇ ਲਾਠੀਆਂ ਅਤੇ ਪਾਣੀ ਦੀਆਂ ਬੁਛਾੜਾਂ ਵਰ੍ਹਾ ਰਹੀ ਹੈ।ਇਹ ਗੱਲ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੇਨ ਅਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਹੀ।ਖੋਜੇਵਾਲ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਉਨ੍ਹਾਂ ਉੱਤੇ ਹੋਏ ਪੁਲਿਸ ਤਸ਼ੱਦਦ ਦੀ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲਾ ਖੰਨਾ ਵਿੱਚ ਮਗਨਰੇਗਾ ਦੇ ਕਰਮਚਾਰੀ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਅਤੇ 5 ਤੋਂ 8 ਮਹੀਨਿਆਂ ਦੀਆਂ ਬਕਾਇਆ ਤਨਖਾਹਾਂ ਲੈਣ ਲਈ ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਦੇ ਘਰ ਵੱਲ ਮਾਰਚ ਕਰ ਰਹੇ ਸਨ।ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਕਈ ਮੁਲਾਜ਼ਮ ਜ਼ਖ਼ਮੀ ਹੋ ਗਏ।ਬੀਤੇ ਦਿਨੀ ਪਟਿਆਲਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬਾਹਰ 2600 ਲਾਈਨਮੈਨ ਐਪਰੈਂਟਿਸਸ਼ਿਪ ਯੂਨੀਅਨ ਦੇ ਬੇਰੁਜ਼ਗਾਰ ਨੌਜਵਾਨਾਂ ਅਤੇ ਮੁਲਾਜ਼ਮਾਂ ਤੇ ਪੁਲਿਸ ਵੱਲੋਂ ਬਲ ਪ੍ਰਯੋਗ ਕੀਤਾ ਗਿਆ।ਹੁਣ ਬਰਨਾਲਾ ਵਿਖੇ ਆਪਣੀਆਂ ਤਨਖਾਹਾਂ ਵਧਾਉਣ,ਸੇਵਾਵਾਂ ਰੈਗੂਲਰ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਤੇ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਕਈ ਕਰਮਚਾਰੀ ਜ਼ਖ਼ਮੀ ਹੋ ਗਏ।ਇਹ ਘਟਨਾਵਾਂ ਆਪ ਸਰਕਾਰ ਦੀ ਕਰਮਚਾਰੀ ਵਿਰੋਧੀ ਸੋਚ ਦਾ ਪ੍ਰਗਟਾਵਾ ਕਰਦਿਆਂ ਹਨ।ਖੋਜੇਵਾਲ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਅਜਿਹਾ ਵਤੀਰਾ ਕਿਉਂ ਕੀਤਾ ਜਾ ਰਿਹਾ ਹੈ।ਖੋਜੇਵਾਲ ਨੇ ਦੋਸ਼ ਲਗਾਇਆ ਕਿ ਸਰਕਾਰ ਗੱਲਬਾਤ ਕਰਨ ਦੀ ਬਜਾਏ ਲਾਠੀਆਂ ਦੇ ਜ਼ੋਰ ਤੇ ਕਰਮਚਾਰੀਆਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ।ਇਸ ਮੌਕੇ ਖੋਜੇਵਾਲ ਨੇ ਬਰਨਾਲਾ ਘਟਨਾ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਅਧਿਕਾਰੀਆਂ ਨੇ ਵਾਧੂ ਤਾਕਤ ਦੀ ਵਰਤੋਂ ਕੀਤੀ ਹੈ,ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜ਼ਖ਼ਮੀਆਂ ਦਾ ਤੁਰੰਤ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਸੈਨੀਟੇਸ਼ਨ ਵਰਕਰਾਂ ਦੀਆਂ ਯੂਨੀਅਨਾਂ ਨਾਲ ਬਿਨਾਂ ਕਿਸੇ ਦੇਰੀ ਦੇ ਗੱਲਬਾਤ ਸ਼ੁਰੂ ਕੀਤੀ ਜਾਵੇ।ਖੋਜੇਵਾਲ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ,ਜਿਹੜੀ ਲੋਕਾਂ ਦੀ ਗੱਲ ਸੁਣੇ,ਨਾ ਕਿ ਆਪਣੇ ਹੀ ਨਾਗਰਿਕਾਂ ਦੀ ਆਵਾਜ਼ ਨੂੰ ਡਰ ਅਤੇ ਪੁਲਿਸ ਬਲ ਦੇ ਸਹਾਰੇ ਦਬਾਏ।ਉਨ੍ਹਾਂ ਨੇ ਸੈਨੀਟੇਸ਼ਨ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਪਾਰਟੀ ਉਨ੍ਹਾਂ ਦੀ ਇੱਜ਼ਤ,ਹੱਕਾਂ ਅਤੇ ਇਨਸਾਫ਼ ਦੀ ਲੜਾਈ ਵਿੱਚ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ।
Leave a Reply