ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਡੀਏਪੀ ਤੇ ਯੂਰੀਆ ਦੀ ਕਾਲਾਬਾਜ਼ਾਰੀ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਦਾ ਘਿਰਾਓ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਡੀਏਪੀ ਤੇ ਯੂਰੀਆ ਦੀ ਕਾਲਾਬਾਜ਼ਾਰੀ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਦਾ ਘਿਰਾਓ

ਅੰਮ੍ਰਿਤਸਰ: ਸੁਰਜੀਤ ਸਿੰਘ ਖਾਲਸਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਅਮਰਜੀਤ ਸਿੰਘ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਇਹ ਧਰਨਾ ਡੀਏਪੀ ਅਤੇ ਯੂਰੀਆ ਖਾਦ ਮਿੱਥੇ ਹੋਏ ਰੇਟਾਂ ਤੋਂ ਵੱਧ ਕੀਮਤ ’ਤੇ ਬਾਜ਼ਾਰ ਵਿੱਚ ਵੇਚਣ ਅਤੇ ਕਿਸਾਨਾਂ ਨੂੰ ਖਾਦ ਦੇ ਨਾਲ ਵਾਧੂ ਤੇ ਬੇਲੋੜੀਆਂ ਦਵਾਈਆਂ ਅਤੇ ਹੋਰ ਖਾਦਾਂ ਖਰੀਦਣ ਲਈ ਮਜਬੂਰ ਕਰਨ ਦੇ ਵਿਰੋਧ ਵਿੱਚ ਲਗਾਇਆ ਗਿਆ।

ਇਸ ਤੋਂ ਇਲਾਵਾ ਸਹਿਕਾਰੀ ਸਭਾਵਾਂ ਨਾਲ ਸਬੰਧਤ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਵੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ। ਕਿਸਾਨਾਂ ਦਾ ਕਹਿਣਾ ਸੀ ਕਿ ਜਿਹੜੇ ਕਿਸਾਨ ਆਪਣੇ ਪਿਛਲੇ ਬਕਾਏ ਅਤੇ ਡਿਫਾਲਟ ਰਕਮਾਂ ਦੀ ਅਦਾਇਗੀ ਕਰ ਚੁੱਕੇ ਹਨ, ਉਨ੍ਹਾਂ ਨੂੰ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾਉਣ ਵਿੱਚ ਬੇਲੋੜੀਆਂ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ।

ਦੁਪਹਿਰ 2 ਵਜੇ ਤੱਕ ਜਥੇਬੰਦੀ ਦੇ ਆਗੂਆਂ ਨੂੰ ਗੱਲਬਾਤ ਲਈ ਕੋਈ ਸੱਦਾ ਨਾ ਮਿਲਣ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਮੁੱਖ ਖੇਤੀਬਾੜੀ ਦਫ਼ਤਰ ਦੇ ਅੰਦਰ ਜਾ ਕੇ ਘਿਰਾਓ ਕੀਤਾ ਗਿਆ। ਇਹ ਘਿਰਾਓ ਲਗਭਗ ਸਾਢੇ ਚਾਰ ਵਜੇ ਤੱਕ ਚੱਲਿਆ।

ਕਿਸਾਨਾਂ ਦੇ ਲਗਾਤਾਰ ਸੰਘਰਸ਼ ਦੇ ਮੱਦੇਨਜ਼ਰ ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ, ਮਾਰਕਫੈੱਡ ਦੇ ਅਧਿਕਾਰੀ, ਡੀਆਰਓ ਸਾਹਿਬ ਅਤੇ ਸਹਿਕਾਰੀ ਸਭਾਵਾਂ ਦੇ ਮੁੱਖ ਅਫ਼ਸਰ ਸਮੇਤ ਸਬੰਧਤ ਅਧਿਕਾਰੀ ਮੌਕੇ ’ਤੇ ਪਹੁੰਚੇ। ਕਿਸਾਨ ਆਗੂਆਂ ਅਤੇ ਅਧਿਕਾਰੀਆਂ ਵਿਚਕਾਰ ਲੰਮੀ ਗੱਲਬਾਤ ਹੋਈ।

ਗੱਲਬਾਤ ਦੌਰਾਨ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਅੱਗੇ ਤੋਂ ਜੇਕਰ ਕੋਈ ਖਾਦ ਵਿਕਰੇਤਾ ਡੀਏਪੀ ਜਾਂ ਯੂਰੀਆ ਸਰਕਾਰ ਵੱਲੋਂ ਮਿੱਥੇ ਹੋਏ ਰੇਟ ਤੋਂ ਵੱਧ ਕੀਮਤ ’ਤੇ ਵੇਚਦਾ ਪਾਇਆ ਗਿਆ ਤਾਂ ਉਸ ਦਾ ਲਾਇਸੈਂਸ ਮੌਕੇ ’ਤੇ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਖਾਦ ਨਾਲ ਵਾਧੂ ਅਤੇ ਬੇਲੋੜੀਆਂ ਦਵਾਈਆਂ ਜਾਂ ਹੋਰ ਸਮਾਨ ਦੇਣ ਦੀਆਂ ਸ਼ਿਕਾਇਤਾਂ ’ਤੇ ਵੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।

ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ 29 ਸਤੰਬਰ ਨੂੰ ਡਿਪਟੀ ਕਮਿਸ਼ਨਰ ਅਤੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ।

ਅਧਿਕਾਰੀਆਂ ਵੱਲੋਂ ਦਿੱਤੇ ਭਰੋਸੇ ਉਪਰੰਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਦਾ ਅੰਦੋਲਨ ਸਮਾਪਤ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਅੱਗੇ ਲਗਾਇਆ ਗਿਆ ਧਰਨਾ ਅਤੇ ਘਿਰਾਓ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੈ ਅਤੇ ਪ੍ਰਸ਼ਾਸਨ ਨੂੰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾਲ ਕਾਰਵਾਈ ਕਰਨੀ ਪਵੇਗੀ।

ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਝੋਨੇ ਦੀ ਖਰੀਦ ਸਮੇਂ ਸਿਰ ਅਤੇ ਨਿਰਵਿਘਨ ਢੰਗ ਨਾਲ ਨਾ ਕੀਤੀ ਗਈ, ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਵੱਡਾ ਅੰਦੋਲਨ ਵਿੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ, ਖਾਦਾਂ ਦੀ ਸਹੀ ਰੇਟ ’ਤੇ ਉਪਲਬਧਤਾ ਅਤੇ ਕਿਸਾਨਾਂ ਨਾਲ ਸਬੰਧਤ ਹੋਰ ਸਮੱਸਿਆਵਾਂ ਦੇ ਹੱਲ ਲਈ ਜਥੇਬੰਦੀ ਆਪਣਾ ਸੰਘਰਸ਼ ਜਾਰੀ ਰੱਖੇਗੀ।

ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ, ਕੰਧਾਰ ਸਿੰਘ ਭੋਏਵਾਲ, ਲਖਵਿੰਦਰ ਸਿੰਘ ਡਾਲਾ, ਕੁਲਜੀਤ ਸਿੰਘ ਕਾਲੇ, ਗੁਰਦੇਵ ਸਿੰਘ ਗੱਗੋਮਾਹਲ, ਬਲਵਿੰਦਰ ਸਿੰਘ ਰੁਮਾਣਾਚੱਕ, ਨਰਿੰਦਰ ਸਿੰਘ ਭਿੱਟੇਵੰਡ, ਗੁਰਲਾਲ ਸਿੰਘ ਕੱਕੜ੍ਹ, ਕੁਲਬੀਰ ਸਿੰਘ ਲੋਪੋਕੇ, ਸੁਖਜਿੰਦਰ ਸਿੰਘ ਹਰੜ੍ਹ, ਦਿਲਬਾਗ ਸਿੰਘ ਭਕਨਾਂ, ਸੁਖਵਿੰਦਰ ਸਿੰਘ ਕੋਲੋਵਾਲ, ਹਰਜੀਤ ਸਿੰਘ ਸ਼ਹੂਰਾ, ਰਣਜੀਤ ਸਿੰਘ ਚਾਟੀਵਿੰਡ, ਪ੍ਰਭਜੋਤ ਸਿੰਘ ਗੁੱਜਰਪੁਰਾ, ਜੋਗਿੰਦਰ ਸਿੰਘ ਗੱਗੋਮਾਹਲ, ਗੁਰਦਾਸ ਸਿੰਘ ਵਿਛੋਆਂ, ਅੰਗਰੇਜ ਸਿੰਘ ਸੈਸਰਾਂ, ਸੁਖਦੇਵ ਸਿੰਘ ਚਾਟੀਵਿੰਡ, ਸਾਹਬ ਸਿੰਘ ਕੱਕੜ੍ਹ, ਸੁਖਜਿੰਦਰ ਸਿੰਘ ਲੋਪੋਕੇ, ਫਤਹਿ ਸਿੰਘ ਲੋਪੋਕੇ, ਲਵਪ੍ਰੀਤ ਸਿੰਘ ਬੱਗਾ, ਸੁਖਦੇਵ ਸਿੰਘ ਕਾਜੀਕੋਟ, ਨਿਰੰਜਨ ਸਿੰਘ ਜੱਬੋਵਾਲ, ਸਵਰਨ ਸਿੰਘ ਕੋਤਲਾ, ਪ੍ਰਤਾਪ ਸਿੰਘ ਹਮਜਾ ਆਦਿ ਆਗੂ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.