ਪਿੰਡ ਮਾਲ ਚੱਕ,ਦੀਨੇਵਾਲ ਤੇ ਜਹਾਂਗੀਰ ਖੁਰਦ ਤੋਂ ਭਾਜਪਾ ਨੂੰ ਵੱਡਾ ਸਿਆਸੀ ਝਟਕਾ,ਸਿੱਕੀ ਦੀ ਅਗਵਾਈ ਹੇਠ ਸੈਂਕੜੇ ਪਰਿਵਾਰ ਕਾਂਗਰਸ ਵਿੱਚ ਸ਼ਾਮਲ
ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਾਉਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ: ਰਮਨਜੀਤ ਸਿੰਘ ਸਿੱਕੀ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,25 ਨਵੰਬਰ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਸਿਆਸਤ ਵਿੱਚ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਪਿੰਡ ਮਾਲ ਚੱਕ,ਦੀਨੇਵਾਲ ਅਤੇ ਜਹਾਂਗੀਰ ਖੁਰਦ ਤੋਂ ਭਾਜਪਾ ਨਾਲ ਸਬੰਧਤ ਸੈਂਕੜੇ ਪਰਿਵਾਰਾਂ ਨੇ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਗਿੱਲ ਵੜੈਚ ਦੇ ਯਤਨਾਂ ਸਦਕਾ ਕਰਵਾਏ ਗਏ ਇਸ ਸਿਆਸੀ ਇਕੱਠ ਦੌਰਾਨ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਸੂਬੇ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਨੌਜਵਾਨ ਵਰਗ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਉਮੀਦ ਲਗਾਈ ਬੈਠਾ ਹੈ।ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ, ਜੋ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਨਾਲ ਖੜ੍ਹੀ ਹੋਵੇ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ, ਸਾਦਗੀ, ਲੋਕਾਂ ਨਾਲ ਸਿੱਧਾ ਸੰਪਰਕ ਅਤੇ ਆਮ ਵਰਗ ਨਾਲ ਜੁੜੀ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਲੋਕ ਕਾਂਗਰਸ ਨਾਲ ਜੁੜ ਰਹੇ ਹਨ।
ਸਿੱਕੀ ਨੇ ਕਿਹਾ ਕਿ ਤਿੰਨ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਪਾਰਟੀ ਲਈ ਖੁਸ਼ੀ ਦੀ ਗੱਲ ਹੈ।ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਵਿਸ਼ਵਾਸ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦਾ ਹੈ।ਰਾਜਨੀਤੀ ਦਾ ਅਸਲ ਮਕਸਦ ਸਿਰਫ਼ ਸੱਤਾ ਜਾਂ ਕੁਰਸੀ ਹਾਸਲ ਕਰਨਾ ਨਹੀਂ,ਸਗੋਂ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਹੈ।ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਹਰ ਨਵੇਂ ਸਾਥੀ ਨੂੰ ਪੁਰਾਣੇ ਵਰਕਰਾਂ ਵਾਂਗ ਹੀ ਮਾਣ-ਸਤਿਕਾਰ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ਦੌਰਾਨ ਆਮ ਲੋਕਾਂ ਨਾਲ ਜੁੜੇ ਕਈ ਮੁੱਦਿਆਂ ਨੂੰ ਪਹਿਲ ਦਿੱਤੀ ਗਈ ਸੀ।ਲੋਕਾਂ ਵਿੱਚ ਵਿਚਰਨ ਦੀ ਉਨ੍ਹਾਂ ਦੀ ਸ਼ੈਲੀ ਅਤੇ ਆਮ ਪਰਿਵਾਰਾਂ ਤੱਕ ਪਹੁੰਚ ਅੱਜ ਵੀ ਚਰਚਾ ਦਾ ਵਿਸ਼ਾ ਹੈ।ਖਡੂਰ ਸਾਹਿਬ ਹਲਕੇ ਦੇ ਲੋਕ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬੇ ਦੀ ਤਰੱਕੀ ਅਤੇ ਲੋਕ ਭਲਾਈ ਲਈ ਕੰਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸੀ ਵਰਕਰ ਪੂਰੀ ਮਿਹਨਤ ਅਤੇ ਇਕਜੁੱਟਤਾ ਨਾਲ ਲੋਕਾਂ ਵਿੱਚ ਵਿਚਰ ਰਹੇ ਹਨ।
ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਸੂਬੇ ਦੇ ਭਵਿੱਖ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ।ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਭਾਜਪਾ ਦੇ ਹਲਕਾ ਖਡੂਰ ਸਾਹਿਬ ਤੋਂ ਮੀਤ ਪ੍ਰਧਾਨ ਸਰਵਣ ਸਿੰਘ ਅਤੇ ਮੌਜੂਦਾ ਮੈਂਬਰ ਪੰਚਾਇਤ ਸੁਰਜੀਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।ਇਨ੍ਹਾਂ ਤੋਂ ਇਲਾਵਾ ਰਣਜੀਤ ਸਿੰਘ,ਜਰਮਨ ਸਿੰਘ,ਗੁਰਵਿੰਦਰ ਸਿੰਘ,ਧਰਮਿੰਦਰ ਸਿੰਘ,ਅਰਜਨ ਸਿੰਘ,ਕੁਲਦੀਪ ਸਿੰਘ,ਹਰਦੀਪ ਸਿੰਘ,ਮਹਿੰਦਰ ਸਿੰਘ,ਅਜੀਤ ਸਿੰਘ,ਸਰਬਜੀਤ ਸਿੰਘ, ਸਮਿੱਤਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਵੀ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਨਿਰਵੈਲ ਸਿੰਘ ਬਾਕੀਪੁਰ,ਮਨਪ੍ਰੀਤ ਸਿੰਘ ਗਲਾਲੀਪੁਰ ਅਤੇ ਰਣਜੀਤ ਸਿੰਘ ਰਾਣਾ ਪੀਏ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Leave a Reply