ਭਾਰਤੀ ਸਿੱਖ ਸ਼ਰਧਾਲੂਆਂ ਨੇ ਯਾਤਰਾ ਪੂਰੀ ਕਰ ਲਾਹੌਰ ਪਹੁੰਚੇ

ਭਾਰਤੀ ਸਿੱਖ ਸ਼ਰਧਾਲੂਆਂ ਨੇ ਯਾਤਰਾ ਪੂਰੀ ਕਰ ਲਾਹੌਰ ਪਹੁੰਚੇ

29 ਜੂਨ ਨੂੰ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਦਾ ਮੁੱਖ ਬਰਸੀ ਸਮਾਗਮ, 30 ਜੂਨ ਨੂੰ ਭਾਰਤ ਪਰਤਣਗੇ ਸਿੱਖ ਸ਼ਰਧਾਲੂ
ਲਾਹੌਰ –ਅਲੀ ਇਮਰਾਨ ਚੱਠਾ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ 21 ਜੂਨ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਨੇ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਪੂਰੇ ਕਰ ਲਏ ਹਨ ਅਤੇ ਹੁਣ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਠਹਿਰੇ ਹੋਏ ਹਨ।

ਇਸ ਸਾਲ ਦੀ ਯਾਤਰਾ ਵਿਸ਼ੇਸ਼ ਮਹੱਤਵ ਰੱਖਦੀ ਹੈ ਕਿਉਂਕਿ ਇੱਕ ਸਾਲ ਦੇ ਵਿਰਾਮ ਤੋਂ ਬਾਅਦ ਇਹ ਯਾਤਰਾ ਮੁੜ ਸ਼ੁਰੂ ਹੋਈ ਹੈ। ਪਿਛਲੇ ਸਾਲ ਪਹਲਗਾਮ ਹਮਲੇ ਅਤੇ ਆਪਰੇਸ਼ਨ ਸਿੰਦੂਰ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਮੁਲਤਵੀ ਕਰ ਦਿੱਤੀ ਸੀ। 2026 ਵਿੱਚ ਯਾਤਰਾ ਦੀ ਬਹਾਲੀ ਨੂੰ ਆਪਸੀ ਸਦਭਾਵਨਾ ਅਤੇ ਧਾਰਮਿਕ ਸਾਂਝ ਦਾ ਸਕਾਰਾਤਮਕ ਸੰਕੇਤ ਮੰਨਿਆ ਜਾ ਰਿਹਾ ਹੈ।
ਯਾਤਰਾ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਵੱਲੋਂ ਕੀਤਾ ਗਿਆ। ਐਸਜੀਪੀਸੀ ਨੇ 302 ਸ਼ਰਧਾਲੂਆਂ ਲਈ ਵੀਜ਼ਾ ਅਰਜ਼ੀਆਂ ਭੇਜੀਆਂ ਸਨ, ਜਿਨ੍ਹਾਂ ਵਿੱਚੋਂ 290 ਨੂੰ ਮਨਜ਼ੂਰੀ ਮਿਲੀ।

ਸ਼ਰਧਾਲੂ ਦੋ ਜਥਿਆਂ ਵਿੱਚ ਪਾਕਿਸਤਾਨ ਪਹੁੰਚੇ, ਜਿੱਥੇ ਉਨ੍ਹਾਂ ਦਾ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦੇ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਈਟੀਪੀਬੀ ਦੇ ਚੇਅਰਮੈਨ ਕਮਰ-ਉਜ਼-ਜ਼ਮਾਨ, ਵਧੀਕ ਸਕੱਤਰ ਸ਼ਰਾਈਨਜ਼ ਨਾਸਿਰ ਮੁਸ਼ਤਾਕ, ਡਿਪਟੀ ਸਕੱਤਰ ਸਈਅਦ ਫਰਾਜ਼ ਅੱਬਾਸ, ਪੀਐਸਜੀਪੀਸੀ ਦੇ ਪ੍ਰਧਾਨ ਅਤੇ ਪੰਜਾਬ ਦੇ ਘੱਟ ਗਿਣਤੀ ਤੇ ਮਨੁੱਖੀ ਅਧਿਕਾਰ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਸ਼ਰਧਾਲੂਆਂ ਨੇ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ, ਫਾਰੂਕਾਬਾਦ ਦੇ ਗੁਰਦੁਆਰਾ ਸੱਚਾ ਸੌਦਾ, ਹਸਨ ਅਬਦਾਲ ਦੇ ਗੁਰਦੁਆਰਾ ਪੰਜਾ ਸਾਹਿਬ, ਕਰਤਾਰਪੁਰ ਦਰਬਾਰ ਸਾਹਿਬ ਅਤੇ ਐਮੀਨਾਬਾਦ ਦੇ ਗੁਰਦੁਆਰਾ ਰੋੜੀ ਸਾਹਿਬ ਸਮੇਤ ਕਈ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕੀਤੇ।
ਡੀਐਸਜੀਐਮਸੀ ਅਤੇ ਐਸਜੀਪੀਸੀ ਦੇ ਨੁਮਾਇੰਦਿਆਂ ਨੇ ਪਾਕਿਸਤਾਨ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਅਤੇ ਮਹਿਮਾਨਨਿਵਾਜ਼ੀ ਦੀ ਭਰਪੂਰ ਸ਼ਲਾਘਾ ਕੀਤੀ।
ਅਧਿਕਾਰੀਆਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦਾ ਮੁੱਖ ਸਮਾਗਮ 29 ਜੂਨ ਨੂੰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਹੋਵੇਗਾ। ਸਮਾਗਮ ਤੋਂ ਬਾਅਦ ਸਾਰੇ ਭਾਰਤੀ ਸਿੱਖ ਸ਼ਰਧਾਲੂ 30 ਜੂਨ ਨੂੰ ਵਾਹਗਾ ਸਰਹੱਦ ਰਾਹੀਂ ਭਾਰਤ ਵਾਪਸ ਪਰਤ ਜਾਣਗੇ।
ਈਟੀਪੀਬੀ ਨੇ ਸ਼ਰਧਾਲੂਆਂ ਲਈ ਸੁਰੱਖਿਆ, ਰਿਹਾਇਸ਼, ਆਵਾਜਾਈ, ਲੰਗਰ, ਡਾਕਟਰੀ ਸਹੂਲਤਾਂ, ਪੀਣ ਵਾਲਾ ਪਾਣੀ, ਵਾਧੂ ਏਅਰ ਕੰਡੀਸ਼ਨਰ, ਜਨਰੇਟਰ ਅਤੇ ਰੈਸਕਿਊ 1122 ਦੀਆਂ ਐਂਬੂਲੈਂਸਾਂ ਸਮੇਤ ਵਿਸ਼ੇਸ਼ ਪ੍ਰਬੰਧ ਕੀਤੇ ਹਨ।

ਈਟੀਪੀਬੀ ਦੇ ਚੇਅਰਮੈਨ ਕਮਰ-ਉਜ਼-ਜ਼ਮਾਨ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਵਿੱਚ 17 ਇਤਿਹਾਸਕ ਗੁਰਦੁਆਰੇ ਸ਼ਰਧਾਲੂਆਂ ਲਈ ਖੁੱਲ੍ਹੇ ਹਨ, ਜਦਕਿ ਕਰੀਬ 50 ਹੋਰ ਗੁਰਦੁਆਰਿਆਂ ਦੀ ਮੁਰੰਮਤ ਅਤੇ ਸੰਭਾਲ ਦਾ ਕੰਮ ਜਾਰੀ ਹੈ।
ਵਧੀਕ ਸਕੱਤਰ ਨਾਸਿਰ ਮੁਸ਼ਤਾਕ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਸੁਰੱਖਿਅਤ, ਸ਼ਾਂਤਮਈ ਅਤੇ ਸੁਖਦਾਇਕ ਮਾਹੌਲ ਪ੍ਰਦਾਨ ਕਰਨਾ ਈਟੀਪੀਬੀ ਦੀ ਪਹਿਲੀ ਤਰਜੀਹ ਹੈ।
ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਘੱਟ ਗਿਣਤੀ ਭਾਈਚਾਰਿਆਂ ਦੀ ਧਾਰਮਿਕ ਆਜ਼ਾਦੀ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੌਜਵਾਨ ਸਿੱਖ ਸ਼ਰਧਾਲੂਆਂ ਦੀ ਵੱਡੀ ਭਾਗੀਦਾਰੀ ਨੂੰ ਆਪਣੀ ਧਾਰਮਿਕ ਵਿਰਾਸਤ ਨਾਲ ਉਨ੍ਹਾਂ ਦੇ ਡੂੰਘੇ ਨਾਤੇ ਦਾ ਪ੍ਰਤੀਕ ਕਰਾਰ ਦਿੱਤਾ।

Ali Imran Chattha
Ali Imran Chattha
00923000688240
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.