Nazrana Times

ਪੰਜਾਬੀ

ਮਾਵਾਂ-ਧੀਆਂ ਸਤਿਕਾਰ ਯੋਜਨਾ ਸਿਰਫ਼ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਭਰਮਾਉਣ ਦਾ ਯਤਨ- ਰਮਨਦੀਪ ਕੌਰ,ਬਿੱਲਾ ਸ਼ੇਰੋਂ

02 Jul, 2026 10:15 PM

ਸਾਢੇ ਚਾਰ ਸਾਲ ਦਾ ਬਕਾਇਆ ਵੀ ਔਰਤਾਂ ਦੇ ਖਾਤਿਆਂ ਵਿੱਚ ਪਾਵੇ ਸਰਕਾਰ-ਅਕਾਲੀ ਆਗੂ 

ਰਾਕੇਸ਼ ਨਈਅਰ ਚੋਹਲਾ ਸਾਹਿਬ/ ਖਡੂਰ ਸਾਹਿਬ,2 ਜੁਲਾਈ 

ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਇੱਕ ਸਿਆਸੀ ਸਟੰਟ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੇ ਲਗਭਗ ਸਾਢੇ ਚਾਰ ਸਾਲ ਲੋਕਾਂ ਦੀਆਂ ਉਮੀਦਾਂ ਅਤੇ ਵਾਅਦਿਆਂ ਨੂੰ ਅਣਡਿੱਠਾ ਕੀਤਾ ਹੈ ਅਤੇ ਹੁਣ ਜਦੋਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੋਕਾਂ ਨੂੰ ਲੁਭਾਉਣ ਲਈ ਅਜਿਹੀਆਂ ਯੋਜਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ।ਬੀਬਾ ਰਮਨਦੀਪ ਕੌਰ ਅਤੇ ਬਿੱਲਾ ਸ਼ੇਰੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਉਪਰੰਤ ਪੰਜਾਬ ਦੀ ਹਰ ਮਾਂ,ਭੈਣ ਅਤੇ ਧੀ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਅਸਫਲ ਰਹੀ ਹੈ ਅਤੇ ਹੁਣ ਵੀ ਇਹ ਲਾਭ ਸੂਬੇ ਦੀਆਂ ਸਾਰੀਆਂ ਮਹਿਲਾਵਾਂ ਤੱਕ ਨਹੀਂ ਪਹੁੰਚਾਇਆ ਜਾ ਰਿਹਾ।

ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੱਚਮੁੱਚ ਮਹਿਲਾਵਾਂ ਦੀ ਭਲਾਈ ਲਈ ਸੁਹਿਰਦ ਹੈ ਤਾਂ ਉਸ ਨੂੰ ਸਿਰਫ਼ ਯੋਜਨਾ ਦਾ ਐਲਾਨ ਕਰਨ ਦੀ ਬਜਾਏ ਪਿਛਲੇ ਸਾਢੇ ਚਾਰ ਸਾਲਾਂ ਦਾ ਬਣਦਾ ਬਕਾਇਆ ਵੀ ਮਹਿਲਾਵਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਸਰਕਾਰ ਦੇ ਵਾਅਦਿਆਂ ਅਤੇ ਹਕੀਕਤ ਵਿਚਲੇ ਫਰਕ ਨੂੰ ਚੰਗੀ ਤਰ੍ਹਾਂ ਸਮਝਦੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਢੁੱਕਵਾਂ ਜਵਾਬ ਦੇਣਗੀਆਂ।

ਬੀਬਾ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਰਿਹਾ ਹੈ ਅਤੇ ਅੱਗੇ ਵੀ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ।

Posted By: GURBHEJ SINGH ANANDPURI

Latest News