ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ, ਰਿਚਮੰਡ ਹਿੱਲ ਵਿਖੇ ਬੰਦੀ ਛੋੜ ਦਿਵਸ ਅਤੇ ਮਹਾਨ ਪੰਥਕ ਸ਼ਹੀਦੀ ਸਮਾਗਮ ਬਹੁਤ ਚੜ੍ਹਦੀ ਕਲਾ ਅਤੇ ਉਤਸ਼ਾਹ ਨਾਲ ਮਨਾਇਆ : ਕੋਆਰਡੀਨੇਟਰ ਸ. ਹਿੰਮਤ ਸਿੰਘ
ਸਮੂਹ ਪੰਥਕ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਪਰਵਿੰਦਰ ਸਿੰਘ ਖਾਲਸਾ (ਝੋਟਾ) ਦੀ ਤਸਵੀਰ ਲਗਾਈ ਸ਼ਹੀਦੀ ਗੈਲਰੀ 'ਚ...
ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀਆਂ ਕੁਰਬਾਨੀ ਨੂੰ ਵੀ ਯਾਦ…
ਚੰਡੀਗੜ੍ਹ/ਨਿਊਯਾਰਕ, 9 ਨਵੰਬਰ (ਮੰਗਤ ਸਿੰਘ ਸੈਦਪੁਰ) : ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ, ਰਿਚਮੰਡ ਹਿੱਲ, ਨਿਊਯਾਰਕ ਵਿਖੇ ਐਤਵਾਰ, 8 ਨਵੰਬਰ ਨੂੰ ਬੰਦੀ ਛੋੜ ਦਿਵਸ ਅਤੇ ਪੰਥਕ ਸ਼ਹੀਦੀ ਸਮਾਗਮ ਬਹੁਤ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਸਮਾਗਮ ਗੁਰਦੁਆਰਾ ਪ੍ਰਬੰਧਕਾਂ ਅਤੇ ਸਮੂਹ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਾਰਾ ਦਿਨ ਹੀ ਸੰਗਤਾਂ ਵਿੱਚ ਇਸ ਸਮਾਗਮ ਲਈ ਬਹੁਤ ਉਤਸ਼ਾਹ ਸੀ। ਸਮਾਗਮ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9:30 ਵਜੇ ਪਾਏ ਗਏ। ਇਸ ਉਪਰੰਤ ਸਾਰਾ ਦਿਨ ਦੀਵਾਨ ਸਜੇ, ਜਿਨ੍ਹਾਂ ਵਿੱਚ ਗੁਰਬਾਣੀ ਕੀਰਤਨ, ਕਥਾ ਅਤੇ ਪੰਥਕ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਕਥਾ-ਵਿਚਾਰ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਧਰਮਵੀਰ ਸਿੰਘ ਜੀ ਨੇ ਛੇਵੇਂ ਪਾਤਸ਼ਾਹ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਦੀ ਰਿਹਾਈ ਅਤੇ ਬੰਦੀ ਛੋੜ ਦਿਵਸ ਦੇ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਇਤਿਹਾਸ ਅਤੇ ਕੌਮ ਦੀ ਚੜ੍ਹਦੀ ਕਲਾ ਨਾਲ ਜੁੜੇ ਪੱਖਾਂ ਬਾਰੇ ਵੀ ਸੰਗਤਾਂ ਨਾਲ ਵਿਚਾਰ ਕੀਤੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਜਤਿੰਦਰ ਸਿੰਘ ਬੋਪਾਰਾਏ ਨੇ ਸਮੂਹ ਸੰਗਤ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੇ ਪੂਰਨਿਆਂ ’ਤੇ ਚੱਲਣਾ ਸਿੱਖ ਕੌਮ ਦਾ ਫ਼ਰਜ਼ ਹੈ। ਉੱਨਾਂ ਨੇ ਸਮੂਹ ਜਥੇਬੰਦੀਆਂ ਵੱਲੋਂ ਹਰ ਤਰ੍ਹਾਂ ਦੇ ਪੰਥਕ ਪ੍ਰੋਗਰਾਮਾਂ ਦੀ ਸ਼ਲਾਘਾ ਕਰਦਿਆਂ ਸਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਨਵੀਨਰ ਸ. ਬੂਟਾ ਸਿੰਘ ਖੜੌਦ ਨੇ 1947 ਤੋਂ ਬਾਅਦ ਸਿੱਖਾਂ ਨੂੰ ਦਰਪੇਸ਼ ਆਏ ਇਤਿਹਾਸਕ ਅਤੇ ਰਾਜਨੀਤਕ ਹਾਲਾਤਾਂ ਦਾ ਵਿਸ਼ਲੇਸ਼ਣ ਕੀਤਾ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਹਮਲੇ, ਨਵੰਬਰ 1984 ਵਿੱਚ ਦਿੱਲੀ ਅਤੇ ਹੋਰ ਥਾਵਾਂ ’ਤੇ ਸਿੱਖਾਂ ਦੇ ਕਤਲੇਆਮ ਅਤੇ ਇਸ ਨਾਲ ਜੁੜੇ ਇਤਿਹਾਸਕ ਪੱਖਾਂ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸ਼ਹੀਦ ਭਾਈ ਬੇਅੰਤ ਸਿੰਘ ਜੀ, ਸ਼ਹੀਦ ਭਾਈ ਸਤਵੰਤ ਸਿੰਘ ਜੀ ਅਤੇ ਸ਼ਹੀਦ ਭਾਈ ਕੇਹਰ ਸਿੰਘ ਜੀ ਦੀ ਕੁਰਬਾਨੀ ਨੂੰ ਵੀ ਯਾਦ ਕੀਤਾ। ਸਿੱਖਸ ਫਾਰ ਜਸਟਿਸ ਦੇ ਸ. ਅਵਤਾਰ ਸਿੰਘ ਪੰਨੂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਤੇ ਪੰਜਾਬ ਦੀ ਅਜ਼ਾਦੀ ਲਈ ਚੱਲ ਰਹੇ ਸੰਘਰਸ਼ ਜੋ ਕਿ ਹੁਣ ਰੈਫਰੈੰਡਮ ਦੀ ਮੁਹਿੰਮ ਰਾਹੀਂ ਅੱਗੇ ਵਧ ਰਿਹਾ ਹੈ। ਦੁਨੀਆਂ ਭਰ ਦੇ ਸਿੱਖ ਵੱਧ ਚੜ ਕੇ ਪੰਜਾਬ ਨੂੰ ਅਜ਼ਾਦ ਕਰਵਾਉਣ ਲਈ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਰਹੇ ਹਨ। ਉੱਨਾਂ ਕਿਹਾ ਕਿ ਅਜ਼ਾਦੀ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਸਿੱਖ ਫੈਡਰੇਸ਼ਨ ਅਮਰੀਕਾ ਦੇ ਭਾਈ ਬਲਾਕਾ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਕੇ ਕੌਮ ਦੀ ਸੇਵਾ ਕਰਨ ਅਤੇ ਖਾਲਿਸਤਾਨ ਦੀ ਕਾਇਮੀ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣ ਦਾ ਸੱਦਾ ਦਿੱਤਾ। ਸਾਰੇ ਹੀ ਪੰਥਕ ਬੁਲਾਰਿਆਂ ਨੇ ਸਿੱਖ ਕੌਮ ਦੇ ਭਵਿੱਖ ਅਤੇ ਆਜ਼ਾਦੀ ਦੇ ਹੱਕ ਸਬੰਧੀ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਸਮਾਗਮ ਵਿੱਚ ਸ. ਸੁਰਜੀਤ ਸਿੰਘ ਕੁਲਾਰ (ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਵਰਲਡ ਸਿੱਖ ਪਾਰਲੀਮੈਂਟ ਅਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਸ. ਹਿੰਮਤ ਸਿੰਘ, ਨਿਊਯਾਰਕ ਸਿਟੀ ਦੇ ਹਿਊਮਨ ਰਾਈਟਸ ਕਮਿਸ਼ਨਰ ਸ. ਗੁਰਦੇਵ ਸਿੰਘ ਕੰਗ, ਸਰਪ੍ਰਸਤ ਸ. ਹਰਬੰਸ ਸਿੰਘ ਢਿੱਲੋਂ, ਸ. ਟਹਿਲ ਸਿੰਘ ਸਾਬਕਾ ਪ੍ਰਧਾਨ ਸਿੱਖ ਕਲਚਰਲ ਸੁਸਾਇਟੀ, ਸ. ਭਗਤ ਸਿੰਘ ਡੇਕਵਾਲਾ (ਪੈਨਸਿਲਵੇਨੀਆਂ), ਸ. ਰਜਿੰਦਰ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਸੋਸਾਇਟੀ, ਸਿੱਖ ਸੈਂਟਰ ਆਫ਼ ਨਿਊਯਾਰਕ ਇੰਕ. ਦੇ ਪ੍ਰਧਾਨ ਸ. ਜਿੰਦਰ ਸਿੰਘ, ਸ. ਲਖਵਿੰਦਰ ਸਿੰਘ (ਸ਼ਹੀਦ ਕਰਤਾਰ ਸਿੰਘ ਸਰਾਭਾ ਸੋਸਾਇਟੀ), ਸ. ਜੋਗਾ ਸਿੰਘ (ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਸ. ਹਰਮਿੰਦਰ ਸਿੰਘ ਆਹਲੂਵਾਲੀਆ (ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ), ਸ. ਕਲਵੰਤ ਸਿੰਘ ਮਿਆਣੀ, ਸ. ਬੂਟਾ ਸਿੰਘ ਚੀਮਾ, ਸ. ਜਸਵੀਰ (ਜੱਸੀ) ਸਿੰਘ, ਅਤੇ ਬਾਬਾ ਬੁੱਢਾ ਜੀ ਸੁਸਾਇਟੀ ਵੱਲੋਂ ਸ. ਦੀਦਾਰ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨਿਊਯਾਰਕ ਦੇ ਪ੍ਰਧਾਨ ਦਲਵਿੰਦਰ ਸਿੰਘ ਅਤੇ ਨਰਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਸਿੱਖਸ ਫ਼ਾਰ ਜਸਟਿਸ ਦੇ ਆਗੂ ਗੁਰਦਿਆਲ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ ਤੇ ਹੋਰ ਮੈਂਬਰ ਵੀ ਆਪਣੀ ਟੀਮ ਸਮੇਤ ਹਾਜ਼ਰ ਸਨ। ਇਸ ਤੋਂ ਇਲਾਵਾ ਮਾਲਵਾ ਬ੍ਰਦਰਜ਼, ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ, ਸੰਤ ਪ੍ਰੇਮ ਸਿੰਘ ਸੋਸਾਇਟੀ ਬਾਬਾ ਦੀਪ ਸਿੰਘ ਸੋਸਾਇਟੀ ਅਤੇ ਹੋਰ ਕਈ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੇ ਅਖੀਰ ਵਿੱਚ ਪ੍ਰਬੰਧਕਾਂ ਨੇ ਹਾਜ਼ਰ ਸੰਗਤਾਂ ਅਤੇ ਸਹਿਯੋਗੀ ਜਥੇਬੰਦੀਆਂ ਦਾ ਧੰਨਵਾਦ ਕੀਤਾ। ਸ਼ਹੀਦਾਂ ਨੂੰ ਯਾਦ ਕਰਦਿਆਂ ਸਾਰਾ ਦਿਨ ਗੁਰਬਾਣੀ, ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਗੁਰਦੁਆਰਾ ਸਾਹਿਬ ਦਾ ਵਾਤਾਵਰਨ ਸ਼ਰਧਾ ਅਤੇ ਚੜ੍ਹਦੀ ਕਲਾ ਨਾਲ ਭਰਿਆ ਰਿਹਾ।
Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ