ਨਸ਼ਿਆਂ ਵਿਰੁੱਧ ਜੂਝਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦਿਆਰਥੀਆਂ ਨਾਲ ਖਿੱਚਧੂਹ ਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਕਰੜੀ ਨਿਖੇਧੀ

ਨਸ਼ਿਆਂ ਵਿਰੁੱਧ ਜੂਝਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦਿਆਰਥੀਆਂ ਨਾਲ ਖਿੱਚਧੂਹ ਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਕਰੜੀ ਨਿਖੇਧੀ

ਅੰਮ੍ਰਿਤਸਰ, 30 ਅਕਤੂਬਰ (ਚਰਨਜੀਤ ਸਿੰਘ): ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸਿੱਖ ਏਡ ਅਸਟਰੀਆ ਦੇ ਮੁੱਖ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਪੰਮਾ ਨੇ ਸੰਘਰਸ਼ਸ਼ੀਲ ਨੌਜਵਾਨ ਲਖਬੀਰ ਸਿੰਘ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀਆਂ ਗ੍ਰਿਫ਼ਤਾਰੀਆਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਪੁਲਿਸ ਵੱਲੋਂ ਲੋਕਾਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਨੂੰ ਹਿਰਾਸਤਾਂ ਵਿੱਚ ਸੁੱਟਣਾ ਸਰਕਾਰ ਦੀ ਨਾਕਾਮੀ ਅਤੇ ਬੁਖਲਾਹਟ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਪਾਸੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਾਅਰੇ ਲਾ ਰਹੀ ਹੈ ਅਤੇ ਦੂਜੇ ਪਾਸੇ ਨਸ਼ਿਆਂ ਖ਼ਿਲਾਫ਼ ਮੈਦਾਨ ਵਿੱਚ ਜੂਝ ਰਹੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇ ਸਰਕਾਰ ਨਸ਼ੇ ਮੁਕਾਉਣ ਲਈ ਸੁਹਿਰਦ ਹੈ ਤਾਂ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਪੁਲਿਸ ਦੀਆਂ ਗੱਡੀਆਂ ਵਿੱਚ ਕਿਉਂ ਬਿਠਾਇਆ ਜਾ ਰਿਹਾ ਹੈ ? ਪੰਜਾਬ ਦੇ ਪੁੱਤਾਂ ਦੀਆਂ ਜਾਨਾਂ ਬਚਾਉਣ ਲਈ ਉੱਠੀ ਆਵਾਜ਼ ਸਰਕਾਰ ਨੂੰ ਚੁੱਭ ਕਿਉਂ ਰਹੀ ਹੈ ? ਦੋਵਾਂ ਆਗੂਆਂ ਨੇ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਮਾਨਸਾ ਵਿੱਚ ਲੱਗੇ ਮੋਰਚੇ ਦੀਆਂ ਮੰਗਾਂ ਮੰਨਣ ਅਤੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਸਰਕਾਰ ਮੋਰਚੇ ਨੂੰ ਖਿੰਡਾਉਣ ਦਾ ਰਾਹ ਅਪਣਾ ਰਹੀ ਹੈ। ਉਨ੍ਹਾਂ ਕਿਹਾ, “ਆਪਣੇ ਰਾਜ ਵਿੱਚ ਬਾਦਲ ਸਰਕਾਰ ਨੇ ਲੋਕਾਂ ਦੀ ਆਵਾਜ਼ ਦਬਾਉਣ ਦੀ ਜਿਹੜੀ ਗਲਤੀ ਕੀਤੀ ਸੀ, ਭਗਵੰਤ ਮਾਨ ਸਰਕਾਰ ਵੀ ਉਸੇ ਰਾਹ ਤੁਰ ਰਹੀ ਹੈ। ਹਾਕਮ ਯਾਦ ਰੱਖਣ ਕਿ ਲੋਕਾਂ ਦੀ ਯਾਦ ਛੋਟੀ ਨਹੀਂ ਹੁੰਦੀ। ਇਸ ਧੱਕੇਸ਼ਾਹੀ ਦਾ ਜਵਾਬ ਲੋਕ ਆਉਂਦੀਆਂ ਚੋਣਾਂ ਵਿੱਚ ਆਪਣੀ ਵੋਟ ਨਾਲ ਦੇਣਗੇ।”

ਇੱਕ ਵੱਖਰੇ ਬਿਆਨ ਵਿੱਚ ਦੋਵਾਂ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਹੋਈ ਖਿੱਚਧੂਹ ਅਤੇ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚ ਲੈਣ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਵਿਦਿਆਰਥੀਆਂ ਦੀ ਗੱਲ ਸੁਣਨ ਲਈ ਕਿਹਾ। ਉਨ੍ਹਾਂ ਆਖਿਆ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਆਵਾਜ਼ ਉਠਾਉਣਾ ਕੋਈ ਜੁਰਮ ਨਹੀਂ ਅਤੇ ਵਿਦਿਅਕ ਅਦਾਰਿਆਂ ਦੇ ਮਸਲੇ ਪੁਲਿਸ ਦੇ ਜ਼ੋਰ ਨਾਲ ਹੱਲ ਨਹੀਂ ਕੀਤੇ ਜਾ ਸਕਦੇ।

ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਗੁਰੂਆਂ ਦੇ ਨਾਂ ’ਤੇ ਜਿਊਣ ਵਾਲੇ ਪੰਜਾਬ ਨੂੰ ਅੱਜ ਕਰਜ਼ੇ, ਨਸ਼ਿਆਂ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦੇ ਵਿਦੇਸ਼ ਜਾਣ ਦੀ ਮਜਬੂਰੀ ਨੇ ਘੇਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਹਕੂਮਤਾਂ ਅਤੇ ਸੂਬੇ ਦੇ ਹਾਕਮਾਂ ਦੀਆਂ ਨੀਤੀਆਂ ਨੇ ਪੰਜਾਬ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ ਹੈ। ਪੰਜਾਬੀ ਬੋਲੀ, ਸੱਭਿਆਚਾਰ ਅਤੇ ਨੌਜਵਾਨਾਂ ਦੇ ਰੁਜ਼ਗਾਰ ਲਈ ਵੀ ਠੋਸ ਨੀਤੀ ਦੀ ਲੋੜ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਵਾਰਸਾਂ ਅੱਗੇ ਚੁਣੌਤੀ ਸਿਰਫ਼ ਸਰਕਾਰ ਬਦਲਣ ਦੀ ਨਹੀਂ, ਪੰਜਾਬ ਦੀ ਤਕਦੀਰ ਬਦਲਣ ਦੀ ਹੈ। ਰਿਆਇਤਾਂ ਦੀ ਉਡੀਕ ਛੱਡ ਕੇ ਆਪਣੇ ਹੱਕਾਂ ਲਈ ਇਕੱਠੇ ਹੋਣਾ ਪਵੇਗਾ। ਪੰਜਾਬ ਦੀ ਅਸਲ ਪਛਾਣ, ਅਣਖ ਅਤੇ ਚੜ੍ਹਦੀ ਕਲਾ ਮੁੜ ਬਹਾਲ ਕਰਨ ਲਈ ਪਿੰਡ-ਪਿੰਡ ਲੋਕਾਂ ਨੂੰ ਜਾਗਣਾ ਅਤੇ ਸ਼ਾਂਤਮਈ ਸੰਘਰਸ਼ ਮਜ਼ਬੂਤ ਕਰਨਾ ਪਵੇਗਾ।” ਦੋਵਾਂ ਆਗੂਆਂ ਨੇ ਗ੍ਰਿਫ਼ਤਾਰ ਨੌਜਵਾਨਾਂ ਦੀ ਤੁਰੰਤ ਰਿਹਾਈ, ਮੋਰਚੇ ਦੀਆਂ ਮੰਗਾਂ ਦੇ ਨਿਪਟਾਰੇ ਅਤੇ ਵਿਦਿਆਰਥੀਆਂ ਖ਼ਿਲਾਫ਼ ਦਮਨਕਾਰੀ ਕਾਰਵਾਈਆਂ ਬੰਦ ਕਰਨ ਦੀ ਮੰਗ ਕੀਤੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.