ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਐਮਐਲਏ. ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਸਾਂਝੇ ਤੌਰ ’ਤੇ ਕੀਤਾ ਉਦਘਾਟਨ...
ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਸਰਕਾਰ ਦਾ ਪ੍ਰਮੁੱਖ ਉਪਰਾਲਾ : ਵਿਧਾਇਕ ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਕਤੂਬਰ (ਮੰਗਤ ਸਿੰਘ ਸੈਦਪੁਰ) : ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਮੋਹਾਲੀ ਦੇ ਸੈਕਟਰ-78 ਸਥਿਤ ਖੇਡ ਕੰਪਲੈਕਸ ਵਿਖੇ ਐਮ.ਐਲ.ਏ. ਮੋਹਾਲੀ ਸ੍ਰੀ ਕੁਲਵੰਤ ਸਿੰਘ ਅਤੇ ਐਮ.ਐਲ.ਏ. ਡੇਰਾਬੱਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਸਾਂਝੇ ਤੌਰ ’ਤੇ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕਾਂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਪੰਜਾਬ ਸਰਕਾਰ ਦਾ ਇੱਕ ਪ੍ਰਮੁੱਖ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਸੂਬੇ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਅਤੇ ਸੂਬਾ ਪੱਧਰ ਤੋਂ ਅੱਗੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਹੋਣ ਦਾ ਮੌਕਾ ਦਿੱਤਾ ਹੈ। ਐਮ.ਐਲ.ਏ. ਮੋਹਾਲੀ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮੰਚ ਬਹੁਤ ਮਹੱਤਵਪੂਰਨ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਅੰਡਰ-14 ਵਰਗ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਵੀ ਭਾਗ ਲੈ ਸਕਦੇ ਹਨ ਅਤੇ ਜੇਤੂ ਖਿਡਾਰੀਆਂ ਲਈ ਨਗਦ ਇਨਾਮ ਵੀ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸੂਬੇ ਦੇ ਖਿਡਾਰੀਆਂ ਨੂੰ ਤਿਆਰੀ ਲਈ ਰਾਸ਼ੀ ਮੁਹੱਈਆ ਕਰਵਾਉਣ ਦਾ ਵੀ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਉੱਚ ਸਰਕਾਰੀ ਅਹੁਦਿਆਂ ’ਤੇ ਨੌਕਰੀਆਂ ਦੇਣ ਦੀ ਨੀਤੀ ਵੀ ਲਾਗੂ ਕੀਤੀ ਜਾ ਰਹੀ ਹੈ।
ਐਮ.ਐਲ.ਏ. ਡੇਰਾਬੱਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਵਧੀਆ ਸੜਕੀ ਢਾਂਚਾ ਵਿਕਸਤ ਕਰਨ ਅਤੇ ਖੇਡਾਂ ਲਈ ਢੁਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 3100 ਤੋਂ ਵੱਧ ਪੇਂਡੂ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਾਇਆ ਜਾ ਸਕੇ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ। ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਮੁਕਾਬਲੇ 2 ਅਕਤੂਬਰ ਤੋਂ 6 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਨਿਰਧਾਰਤ ਵੱਖ-ਵੱਖ ਖੇਡ ਸਥਾਨਾਂ ’ਤੇ ਕਰਵਾਏ ਜਾਣਗੇ। ਇਨ੍ਹਾਂ ਖੇਡਾਂ ਦੌਰਾਨ ਕ੍ਰਿਕਟ, ਸ਼ੂਟਿੰਗ, ਐਥਲੈਟਿਕਸ, ਖੋ-ਖੋ, ਕਬੱਡੀ ਸਰਕਲ ਸਟਾਈਲ, ਕਬੱਡੀ ਨੈਸ਼ਨਲ ਸਟਾਈਲ, ਕੁਸ਼ਤੀ, ਬੈਡਮਿੰਟਨ, ਬਾਸਕਟਬਾਲ, ਰੋਲਰ ਸਕੇਟਿੰਗ, ਫੈਂਸਿੰਗ, ਜੂਡੋ, ਟੇਬਲ ਟੈਨਿਸ, ਵਾਲੀਵਾਲ ਸ਼ੂਟਿੰਗ/ਵਾਲੀਵਾਲ ਸਮੈਸ਼ਿੰਗ, ਬਾਕਸਿੰਗ, ਕਿੱਕ ਬਾਕਸਿੰਗ, ਤੈਰਾਕੀ, ਗੱਤਕਾ, ਸ਼ਤਰੰਜ, ਹਾਕੀ, ਹੈਂਡਬਾਲ, ਫੁੱਟਬਾਲ, ਲਾਅਨ ਟੈਨਿਸ ਅਤੇ ਵੇਟਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਉਦਘਾਟਨੀ ਸਮਾਗਮ ਦੌਰਾਨ ਜਿਮਨਾਸਟਿਕ ਅਤੇ ਗੱਤਕਾ ਟੀਮਾਂ ਦੇ ਖਿਡਾਰੀਆਂ ਵੱਲੋਂ ਆਪੋ-ਆਪਣੀਆਂ ਖੇਡ ਕਲਾਵਾਂ ਦੇ ਸ਼ਾਨਦਾਰ ਜੌਹਰ ਦਿਖਾਏ ਗਏ, ਜਿਨ੍ਹਾਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਇਸ ਮੌਕੇ ਲਿੰਧਿਆ ਏ.ਐਨ., ਆਈ.ਏ.ਐਸ. (ਅੰਡਰ ਟ੍ਰੇਨੀ), ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ, ਸ੍ਰੀ ਕੁਲਦੀਪ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਸ੍ਰੀ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ ਸਮੇਤ ਵੱਡੀ ਗਿਣਤੀ ਵਿੱਚ ਆਗੂ, ਖੇਡ ਪ੍ਰੇਮੀ, ਖਿਡਾਰੀ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
ਵਿਧਾਇਕਾਂ ਨੇ ਸਮੂਹ ਖੇਡ ਪ੍ਰੇਮੀਆਂ, ਸਕੂਲੀ ਬੱਚਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਕੇ ਉਨ੍ਹਾਂ ਦਾ ਉਤਸ਼ਾਹ ਵਧਾਉਣ।
Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ