ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੂਨੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ
03 Oct, 2025 03:28 AM
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੂਨੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ
ਅੰਮ੍ਰਿਤਸਰ, 2 ਅਕਤੂਬਰ ਤਾਜੀਮਨੂਰ ਕੌਰ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਅੱਜ ਪੂਨਾ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਹ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਮਾਨਸਰੋਵਰ, ਪੂਨਾ ਤੋਂ ਆਰੰਭ ਹੋ ਕੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਨਾਨਕ ਦਰਬਾਰ, ਪੂਨਾ ਵਿਖੇ ਪੁੱਜਾ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਾਨਸਰੋਵਰ ਵਿਖੇ ਸਜਾਏ ਧਾਰਮਿਕ ਦੀਵਾਨ 'ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਭਾਈ ਹਰਜੀਤ ਸਿੰਘ ਨੇ ਵੀ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।
ਪੂਨੇ ਦੀਆਂ ਸੰਗਤਾਂ ਅੰਦਰ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਸਾਰੇ ਰਸਤੇ ਵਿਚ ਵੱਖ-ਵੱਖ ਧਰਮਾਂ ਦੇ ਲੋਕਾਂ ਸਮੇਤ ਸਿੱਖ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਜਸਮੇਰ ਸਿੰਘ ਲਾਛੜੂ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਗੁਰਮੇਜ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਹਰਵਿੰਦਰ ਸਿੰਘ ਵੇਰਕਾ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਹਰਜੀਤ ਸਿੰਘ, ਬਾਬਾ ਜੋਗਿੰਦਰ ਸਿੰਘ, ਸ. ਹਸ਼ਮਤ ਸਿੰਘ, ਬੀਬੀ ਸਤਵੰਤ ਕੌਰ, ਸ. ਮਨਜੀਤ ਸਿੰਘ, ਸ. ਚੜ੍ਹਤ ਸਿੰਘ, ਸ. ਅਮਨ ਸਿੰਘ, ਸ. ਭਾਗ ਸਿੰਘ, ਸ. ਗੁਰਪਾਲ ਸਿੰਘ, ਸ. ਮਨਜੀਤ ਸਿੰਘ ਖਾਲਸਾ, ਸ. ਕਮਲ ਸਿੰਘ ਲੂਥਰਾ, ਸ. ਕਮਲ ਸਿੰਘ ਮਹਿਤਾ, ਸ੍ਰੀ ਦੀਪਕ ਗੋਸਵਾਮੀ, ਸ. ਗੋਬਿੰਦ ਸਿੰਘ, ਸ੍ਰੀ ਹਰੀਸ਼ ਛਾਬੜਾ, ਸ੍ਰੀ ਸੰਜੇ ਤਲਰੇਜਾ, ਸ. ਹੁਕਮ ਸਿੰਘ, ਸ. ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
Posted By: TAJEEMNOOR KAUR








