ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੰਜਾਬ ਤੇ ਦੇਸ਼ ਦੇ ਕਿਸਾਨਾਂ ਨਾਲ ਜੁੜੇ ਗੰਭੀਰ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ
16 Oct, 2025 06:15 AM
ਟਾਂਗਰਾ , ਸੁਰਜੀਤ ਸਿੰਘ ਖ਼ਾਲਸਾ
ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਹੋਈ ਪ੍ਰੈਸ ਕਾਨਫਰੰਸ ਵਿੱਚ ਦਸਿਆ ਗਿਆ ਕਿ ਪੰਜਾਬ ਤੇ ਦੇਸ਼ ਦੇ ਕਿਸਾਨਾਂ ਨਾਲ ਜੁੜੇ ਗੰਭੀਰ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੋਰਚੇ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਮਜਦੂਰਾਂ ਦੇ ਹਿੱਤਾਂ ਵਿਰੁੱਧ ਹਨ ਅਤੇ ਸਰਕਾਰ ਵੱਲੋਂ ਕਿਸਾਨਾਂ ਦੀਆਂ ਅਸਲ ਮੁਸ਼ਕਲਾਂ ਨੂੰ ਪੂਰੀ ਤਰ੍ਹਾਂ ਅਣਡਿੱਠਾ ਕੀਤਾ ਜਾ ਰਿਹਾ ਹੈ।
ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਕੀਤੀ ਜਾ। ਰਹੀ ਬਿਜਲੀ ਅਦਾਰੇ ਦੇ ਨਿਜੀਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਫ਼ੈਸਲਾ ਲੋਕ ਵਿਰੋਧੀ ਤੇ ਕਿਸਾਨ ਮਜ਼ਦੂਰ ਵਿਰੋਧੀ ਹੈ। ਗੰਨਾ ਕਿਸਾਨਾਂ ਦੇ ਬਕਾਏ ਹਾਲੇ ਤਕ ਨਾ ਮਿਲਣ, ਮੰਡੀਆਂ ਝੋਨੇ ਦੀ ਲਿਫਟਿੰਗ ਵਿੱਚ ਆ ਰਹੀਆਂ ਰੁਕਾਵਟਾਂ, ਖਾਦ ਦੀ ਘਾਟ, ਪਰਾਲੀ ਮਾਮਲੇ ਨੂੰ ਲੈ ਕੇ ਸਰਕਾਰਾਂ ਦੇ ਦੋਹਰੇ ਮਾਪਦੰਡ ਅਤੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਹੋਏ ਨੁਕਸਾਨ ਦੀ ਭਰਪਾਈ ਨਾ ਹੋਣ ’ਤੇ ਮੋਰਚੇ ਨੇ ਗੰਭੀਰ ਨਾਰਾਜ਼ਗੀ ਜਤਾਈ।
ਮੋਰਚੇ ਨੇ ਸਪਸ਼ਟ ਮੰਗ ਕੀਤੀ ਕਿ ਪੰਜਾਬ ਸਰਕਾਰ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਤੁਰੰਤ 70 ਹਜ਼ਾਰ ਪ੍ਰਤੀ ਏਕੜ ਦੇ ਮੁਆਵਜ਼ੇ ਦਾ ਐਲਾਨ ਕਰੇ। ਸਰਕਾਰ ਵੱਲੋਂ ਦਿੱਤਾ ਗਿਆ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਕਿਸਾਨਾਂ ਦੇ ਲਾਗਤ ਖਰਚ ਨੂੰ ਵੀ ਪੂਰਾ ਨਹੀਂ ਕਰਦਾ। ਇਸ ਤੋਂ ਇਲਾਵਾ, ਉਹ ਕਿਸਾਨ ਜਿਨ੍ਹਾਂ ਦੀ ਜ਼ਮੀਨ ਦਰਿਆਵਾਂ ਦੇ ਵਹਿਣ ਵਿੱਚ ਵਹਿ ਗਈ ਹੈ, ਉਨ੍ਹਾਂ ਨੂੰ ਤੁਰੰਤ ਪੂਰਾ ਮੁਆਵਜ਼ਾ ਤੇ ਪੁਨਰਵਾਸ ਦੀ ਸਹੂਲਤ ਦਿੱਤੀ ਜਾਵੇ।
ਕਿਸਾਨ ਮਜ਼ਦੂਰ ਮੋਰਚਾ ਨੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਗਿਰਫ਼ਤਾਰੀ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ, ਇਸਨੂੰ ਕਿਸਾਨ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਦੀ ਜਗ੍ਹਾ ਆਪਣੇ ਪ੍ਰਬੰਧ ਠੀਕ ਕਰਨ ਤੇ ਜ਼ੋਰ ਦੇਵੇ ਮੋਰਚੇ ਨੇ ਮੰਗ ਕੀਤੀ ਕਿ ਚੜੂਨੀ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕਿਸਾਨ ਅੰਦੋਲਨ ’ਤੇ ਦਬਾਅ ਪਾਉਣ ਦੀਆਂ ਸਭ ਕੋਸ਼ਿਸ਼ਾਂ ਰੋਕੀਆਂ ਜਾਣ।
ਇਸ ਦੇ ਨਾਲ ਹੀ, ਮੋਰਚੇ ਨੇ ਆਈ ਪੀ ਐਸ ਅਫ਼ਸਰ ਪੂਰਨ ਕੁਮਾਰ ਵੱਲੋਂ ਕੀਤੀ ਗਈ ਆਤਮਹੱਤਿਆ ਦੇ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।
ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਹੈ ਕਿ ਉਸਨੇ ਡ੍ਰਾਫਟ ਬਿਜਲੀ (ਸੰਸ਼ੋਧਨ) ਬਿਲ 2025 ਦੇ ਸਬੰਧ ਵਿੱਚ ਇਕ ਖੁੱਲ੍ਹਾ ਸੱਦਾ ਪੱਤਰ ਲਿਖਿਆ ਹੈ ਅਤੇ ਸਾਰੇ ਪਾਵਰਕਾਮ ਤੇ ਟ੍ਰਾਂਸਕਾਮ ਕਰਮਚਾਰੀ ਯੂਨੀਅਨਾਂ, ਕਿਸਾਨ ਯੂਨੀਅਨਾਂ, ਟ੍ਰੇਡ ਯੂਨੀਅਨਾਂ, ਵਿਦਿਆਰਥੀ ਯੂਨੀਅਨਾਂ ਅਤੇ ਮਜ਼ਦੂਰ ਯੂਨੀਅਨਾਂ ਨੂੰ ਸਾਂਝੀ ਮੀਟਿੰਗ ਲਈ ਸੱਦਾ ਦਿੱਤਾ ਹੈ, ਜਿਸ ਵਿੱਚ ਡ੍ਰਾਫਟ ਬਿਜਲੀ ਸੋਧ ਬਿੱਲ 2025 ’ਤੇ ਚਰਚਾ ਕੀਤੀ ਜਾਵੇਗੀ।
ਇਹ ਮੀਟਿੰਗ 27 ਅਕਤੂਬਰ 2025 ਨੂੰ ਰਾਵੀ ਹਾਲ, ਕਿਸਾਨ ਭਵਨ, ਚੰਡੀਗੜ੍ਹ ਵਿੱਚ ਸਵੇਰੇ 11:00 ਵਜੇ ਹੋਵੇਗੀ। ਮੋਰਚੇ ਨੇ ਸਾਰੇ ਸੰਗਠਨਾਂ ਨੂੰ ਇਕੱਠੇ ਹੋ ਕੇ ਕਿਸਾਨਾਂ, ਕਰਮਚਾਰੀਆਂ ਤੇ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਸਾਂਝੀ ਰਣਨੀਤੀ ਬਣਾਉਣ ਦੀ ਅਪੀਲ ਕੀਤੀ ਹੈ।
Posted By: GURBHEJ SINGH ANANDPURI








