ਸੁਖਬੀਰ ਬਾਦਲ ਦੀ ਫ਼ੇਰੀ ਨੇ ਤਰਨ ਤਾਰਨ 'ਚ ਅਕਾਲੀ ਲਹਿਰ ਨੂੰ ਦਿੱਤਾ ਵੱਡਾ ਹੁਲਾਰਾ,
19 Oct, 2025 02:12 AM
'ਆਪ'-ਕਾਂਗਰਸ ਦੇ ਝੂਠੇ ਵਾਅਦਿਆਂ ਤੋਂ ਲੋਕ ਅੱਕੇ- ਬ੍ਰਹਮਪੁਰਾ
ਪੰਡੋਰੀ ਰੁਮਾਣਾ 'ਚ ਅਕਾਲੀ ਉਮੀਦਵਾਰ ਬੀਬੀ ਰੰਧਾਵਾ ਦੇ ਹੱਕ 'ਚ ਕੀਤੀ ਵਰਕਰ ਮੀਟਿੰਗ
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,18 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਰਨ ਤਾਰਨ ਫ਼ੇਰੀ ਦੌਰਾਨ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਹੱਕ 'ਚ ਬਣੀ ਲਹਿਰ ਨੂੰ ਹੋਰ ਮਜ਼ਬੂਤੀ ਦਿੰਦਿਆਂ,ਅੱਜ ਪਾਰਟੀ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਪੰਡੋਰੀ ਰੁਮਾਣਾ ਵਿਖੇ ਪਾਰਟੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ।ਇਸ ਮੌਕੇ ਵਰਕਰਾਂ ਦੇ ਉਤਸ਼ਾਹ ਨੂੰ ਦੇਖਦਿਆਂ ਸ੍ਰ.ਬ੍ਰਹਮਪੁਰਾ ਨੇ ਕਿਹਾ ਕਿ ਇਹ ਮੀਟਿੰਗ ਸਾਬਤ ਕਰਦੀ ਹੈ ਕਿ ਤਰਨ ਤਾਰਨ ਦੀ ਹਵਾ ਪੂਰੀ ਤਰ੍ਹਾਂ ਅਕਾਲੀਆਂ ਦੇ ਹੱਕ ਵਿੱਚ ਬਣ ਚੁੱਕੀ ਹੈ।ਇਸ ਮੌਕੇ ਬੋਲਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਫ਼ੇਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਤਰਨ ਤਾਰਨ ਦੇ ਲੋਕ 'ਆਪ' ਸਰਕਾਰ ਦੇ ਝੂਠੇ ਲਾਰਿਆਂ ਅਤੇ ਕਾਂਗਰਸ ਦੀ ਮੌਕਾਪ੍ਰਸਤੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ ਹੈ।ਭਾਵੇਂ ਉਹ ਕਾਨੂੰਨ ਵਿਵਸਥਾ ਹੋਵੇ, ਕਿਸਾਨੀ ਮੁੱਦੇ ਹੋਣ ਜਾਂ ਨੌਜਵਾਨਾਂ ਦਾ ਭਵਿੱਖ।ਉਨ੍ਹਾਂ ਕਿਹਾ ਕਿ ਹਰ ਰੋਜ਼ ਨਵੇਂ ਘਪਲੇ ਸਾਹਮਣੇ ਆ ਰਹੇ ਹਨ ਅਤੇ ਦਿੱਲੀ ਦੇ ਇਸ਼ਾਰਿਆਂ 'ਤੇ ਨੱਚਣ ਵਾਲੀ ਇਹ ਸਰਕਾਰ ਪੰਜਾਬ ਦੇ ਹਿੱਤਾਂ ਨੂੰ ਦਾਅ 'ਤੇ ਲਾ ਰਹੀ ਹੈ।ਦੂਜੇ ਪਾਸੇ ਕਾਂਗਰਸ ਦਾ ਇਤਿਹਾਸ ਪਹਿਲਾਂ ਹੀ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨ ਵਾਲਾ ਰਿਹਾ ਹੈ ਅਤੇ ਲੋਕ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ।ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਲੋਕ ਅੱਜ ਵੀ ਮਰਹੂਮ ਸ੍ਰ.ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਦੇ ਸੁਨਹਿਰੀ ਦੌਰ ਨੂੰ ਯਾਦ ਕਰਦੇ ਹਨ ਜਦੋਂ ਪੰਜਾਬ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਸੀ,ਕਿਸਾਨ ਖੁਸ਼ਹਾਲ ਸਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਸੀ। ਉਨ੍ਹਾਂ ਕਿਹਾ ਕਿ ਪਿੰਡ ਪੰਡੋਰੀ ਰੁਮਾਣਾ ਦੇ ਵਰਕਰਾਂ ਨੇ ਜਿਸ ਜੋਸ਼ ਨਾਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ ਹੈ,ਉਹ ਦਰਸਾਉਂਦਾ ਹੈ ਕਿ ਲੋਕ ਮੁੜ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਅਤੇ ਕਾਂਗਰਸ ਦੇ ਧੋਖੇ ਤੋਂ ਬਚ ਕੇ, ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਵੈਲ ਸਿੰਘ ਪੁੱਤਰ ਦੀਦਾਰ ਸਿੰਘ,ਜਗਜੀਤ ਸਿੰਘ ਪੁੱਤਰ ਸੁਰਜਨ ਸਿੰਘ, ਸ਼ਮਸ਼ੀਰ ਸਿੰਘ ਪੁੱਤਰ ਜੈਮਲ ਸਿੰਘ,ਤਰਸੇਮ ਸਿੰਘ,ਮਨਜੀਤ ਸਿੰਘ,ਜਗਜੀਤ ਸਿੰਘ ਪੁੱਤਰ ਸਕੱਤਰ ਸਿੰਘ, ਸਰਵਣ ਸਿੰਘ ਪੁੱਤਰ ਜੋਗਿੰਦਰ ਸਿੰਘ ਅਤੇ ਧਰਮ ਸਿੰਘ ਪੁੱਤਰ ਸੁਲੱਖਣ ਸਿੰਘ ਆਦਿ ਵਰਕਰ ਹਾਜ਼ਰ ਸਨ।
Posted By: GURBHEJ SINGH ANANDPURI








