Nazrana Times

ਪੰਜਾਬੀ

ਸੂਬਾ ਸਰਕਾਰ ਵੱਲੋਂ ਗਊਸ਼ਾਲਾਵਾਂ ਅਤੇ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ 100 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਨੂੰ ਮਨਜ਼ੂਰੀ - ਅਮਨ ਅਰੋੜਾ, ਕੈਬਨਿਟ ਮੰਤਰੀ ਅਤੇ ਪ੍ਰਧਾਨ ਪੰਜਾਬ 'ਆਪ'

28 Nov, 2026 02:44 PM

ਬਿੰਦਰ ਸਿੰਘ ਖੁੱਡੀ ਕਲਾਂ / ਮੰਗਤ ਸਿੰਘ ਸੈਦਪੁਰ
ਚੰਡੀਗੜ , 28 ਨਵੰਬਰ 

:​ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਬੀਤੇ ਕੱਲ੍ਹ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਦੀਆਂ ਗਊਸ਼ਾਲਾਵਾਂ ਅਤੇ ਬੇਸਹਾਰਾ ਪਸ਼ੂਆਂ ਦੀ ਬਿਹਤਰੀ ਲਈ ਇਤਿਹਾਸਕ ਐਲਾਨ ਕੀਤਾ। 

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਵਾਸਤੇ 100 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਜਾਰੀ ਕਰਨ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਨਾਲ ਜਿੱਥੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਵੱਡੀ ਆਰਥਿਕ ਮਦਦ ਮਿਲੇਗੀ, ਉੱਥੇ ਹੀ ਸੂਬੇ ਦੀਆਂ ਸੜਕਾਂ ਅਤੇ ਖੇਤਾਂ ਵਿੱਚ ਘੁੰਮਦੇ ਬੇਸਹਾਰਾ ਪਸ਼ੂਆਂ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਵਿੱਚ ਵੀ ਵੱਡੀ ਤੇਜ਼ੀ ਆਵੇਗੀ।

​ਇਸ ਯੋਜਨਾ ਦੇ ਵਿਸਥਾਰਪੂਰਵਕ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ 100 ਕਰੋੜ ਰੁਪਏ ਦੇ ਫੰਡ ਦਾ ਸਿੱਧਾ ਲਾਭ ਸੂਬੇ ਦੀਆਂ ਕੁੱਲ 520 ਸੰਸਥਾਵਾਂ ਨੂੰ ਪਹੁੰਚਾਇਆ ਜਾਵੇਗਾ। ਇਨ੍ਹਾਂ ਸੰਸਥਾਵਾਂ ਵਿੱਚ ਪੰਜਾਬ ਸਰਕਾਰ ਕੋਲ ਰਜਿਸਟਰਡ 500 ਗਊਸ਼ਾਲਾਵਾਂ ਅਤੇ 20 ਸਰਕਾਰੀ ਕੈਟਲ ਪੌਂਡ (ਗਊ ਸਦਨ) ਸ਼ਾਮਲ ਹਨ, ਜਿਨ੍ਹਾਂ ਨੂੰ ਸਿੱਧੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਰਾਸ਼ੀ ਦੀ ਵਰਤੋਂ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਪਸ਼ੂਆਂ ਦੇ ਰਹਿਣ ਲਈ ਨਵੇਂ ਸ਼ੈੱਡਾਂ ਦੀ ਉਸਾਰੀ, ਪੌਸ਼ਟਿਕ ਚਾਰੇ, ਸਾਫ਼ ਪੀਣ ਵਾਲੇ ਪਾਣੀ ਅਤੇ ਬਿਹਤਰ ਡਾਕਟਰੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕੀਤੀ ਜਾਵੇਗੀ। ਇਸ ਕਦਮ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੜਕਾਂ ’ਤੇ ਬੇਸਹਾਰਾ ਘੁੰਮ ਰਹੇ ਪਸ਼ੂਆਂ ਨੂੰ ਸੁਰੱਖਿਅਤ ਟਿਕਾਣਾ, ਛਾਂ ਅਤੇ ਢੁੱਕਵੀਂ ਦੇਖਭਾਲ ਮਿਲ ਸਕੇ।

​ਅਮਨ ਅਰੋੜਾ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪਸ਼ੂ ਧਨ ਦੀ ਸੰਭਾਲ ਲਈ ਪਹਿਲਾਂ ਲਏ ਗਏ ਅਹਿਮ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਯਾਦ ਕਰਵਾਇਆ ਕਿ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਪਹਿਲਾਂ ਹੀ ਮੁਆਫ਼ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਿਜਲੀ ਬਿੱਲਾਂ ਦੀ ਇਸ ਮੁਆਫ਼ੀ ਤਹਿਤ ਗਊਸ਼ਾਲਾਵਾਂ ਨੂੰ ਲਗਭਗ 100 ਕਰੋੜ ਰੁਪਏ ਦੀ ਵੱਡੀ ਰਾਹਤ ਦਿੱਤੀ ਗਈ ਸੀ, ਜਿਸ ਵਿੱਚ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਲਟਕਦੇ ਆ ਰਹੇ ਪੁਰਾਣੇ ਬਕਾਇਆ ਬਿੱਲ ਵੀ ਸ਼ਾਮਿਲ ਸਨ। ਬਿਜਲੀ ਦੇ ਭਾਰੀ-ਭਰਕਮ ਖ਼ਰਚਿਆਂ ਤੋਂ ਮਿਲੀ ਇਸ ਛੋਟ ਨੇ ਗਊਸ਼ਾਲਾ ਪ੍ਰਬੰਧਕਾਂ ਦੇ ਮੋਢਿਆਂ ਤੋਂ ਵੱਡਾ ਆਰਥਿਕ ਬੋਝ ਹਲਕਾ ਕੀਤਾ ਹੈ, ਜਿਸ ਕਾਰਨ ਉਹ ਹੁਣ ਆਪਣਾ ਪੂਰਾ ਧਿਆਨ ਪਸ਼ੂਆਂ ਦੀ ਸੇਵਾ-ਸੰਭਾਲ ਵੱਲ ਲਗਾ ਪਾ ਰਹੇ ਹਨ।

​ ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸੜਕਾਂ ’ਤੇ ਬੇਸਹਾਰਾ ਘੁੰਮਦੇ ਪਸ਼ੂਆਂ ਕਾਰਨ ਅਕਸਰ ਵਾਪਰਦੇ ਭਿਆਨਕ ਸੜਕ ਹਾਦਸਿਆਂ ਵਿੱਚ ਕੀਮਤੀ ਮਨੁੱਖੀ ਜਾਨਾਂ ਜਾਂਦੀਆਂ ਹਨ ਅਤੇ ਦੂਜੇ ਪਾਸੇ ਕਿਸਾਨਾਂ ਦੀਆਂ ਮਿਹਨਤ ਨਾਲ ਪਾਲੀਆਂ ਫ਼ਸਲਾਂ ਦਾ ਵੀ ਭਾਰੀ ਨੁਕਸਾਨ ਹੁੰਦਾ ਹੈ। ਇਸ ਦੋਹਰੀ ਚੁਣੌਤੀ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ 100 ਕਰੋੜ ਰੁਪਏ ਦੇ ਨਵੇਂ ਫੰਡ ਨਾਲ ਜਿੱਥੇ ਮੌਜੂਦਾ ਗਊਸ਼ਾਲਾਵਾਂ ਅਤੇ ਕੈਟਲ ਪੌਂਡਾਂ ਦੀ ਪਸ਼ੂ ਰੱਖਣ ਦੀ ਸਮਰੱਥਾ ਵਿੱਚ ਵੱਡਾ ਵਾਧਾ ਹੋਵੇਗਾ, ਉੱਥੇ ਹੀ ਪਸ਼ੂਆਂ ਦੀ ਸੇਵਾ-ਸੰਭਾਲ ਵਿੱਚ ਲੱਗੀਆਂ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ।ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਸਾਰਾ ਫੰਡ ਪੂਰੀ ਪਾਰਦਰਸ਼ਤਾ ਅਤੇ ਯੋਜਨਾਬੱਧ ਢੰਗ ਨਾਲ ਸਾਰੀਆਂ ਯੋਗ ਸੰਸਥਾਵਾਂ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਦਿਵਾਈ ਜਾ ਸਕੇ।

Posted By: Binder Singh Kuddi Kalan

Latest News