Nazrana Times

ਪੰਜਾਬੀ

ਲੀਡਰਾਂ ਦੇ ਗੰਨਮੈਨਾਂ ਦੀ ਬਜਾਏ ਆਮ ਲੋਕਾਂ ਦੀ ਸੁਰੱਖਿਆ ਨੂੰ ਦਿੱਤੀ ਜਾਵੇ ਪਹਿਲ,ਜਨਤਾ ਦੇ ਟੈਕਸ ਦੇ ਪੈਸੇ ਨਾਲ ਚੱਲਦੀ ਹੈ ਪੁਲਿਸ ਫੋਰਸ-ਧਾਲੀਵਾਲ

13 Oct, 2026 03:22 PM

ਪੁਰਾਣੀ ਦਾਣਾ ਮੰਡੀ ਕਪੂਰਥਲਾ ਵਿਖੇ ਚੋਰੀ ਦੀ ਘਟਨਾ ਨੇ ਖੋਲ੍ਹੀ ਸੁਰੱਖਿਆ ਪ੍ਰਬੰਧਾਂ ਦੀ ਪੋਲ, ਐਸਐਸਪੀ ਤੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ

ਕਪੂਰਥਲਾ 13 ਅਕਤੂਬਰ ਗੌਰਵ ਮੜੀਆ 

ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ਵਿਖੇ ਹੋਈ ਚੋਰੀ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਉੱਠਣ ਲੱਗੇ ਹਨ।ਇਸ ਘਟਨਾ ਦੇ ਮੱਦੇਨਜ਼ਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਜੱਗਾ ਨੇ ਐਸਐਸਪੀ ਕਪੂਰਥਲਾ ਨੂੰ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇ ਆਧਾਰ ਤੇ ਯਕੀਨੀ ਬਣਾਇਆ ਜਾਵੇ ਅਤੇ ਪੁਲਿਸ ਫੋਰਸ ਦੀ ਤਾਇਨਾਤੀ ਦੀ ਸਮੀਖਿਆ ਕੀਤੀ ਜਾਵੇ।ਇਸ ਦੇ ਨਾਲ ਹੀ ਉਨ੍ਹਾਂਨੇ ਇਹ ਮੰਗ ਵੀ ਉੱਠ ਰਹੀ ਹੈ ਕਿ ਜਿਹੜੇ ਆਗੂਆਂ ਜਾਂ ਹੋਰ ਵਿਅਕਤੀਆਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਗੰਨਮੈਨ ਮੁਹੱਈਆ ਕਰਵਾਏ ਗਏ ਹਨ,ਉਨ੍ਹਾਂ ਦੀ ਸੁਰੱਖਿਆ ਦੀ ਲੋੜ ਦਾ ਮੁੜ ਮੁਲਾਂਕਣ ਕੀਤਾ ਜਾਵੇ।ਜਿੱਥੇ ਸੁਰੱਖਿਆ ਦੀ ਅਸਲ ਲੋੜ ਨਹੀਂ ਹੈ,ਉੱਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਕੇ ਲੋਕਾਂ ਦੀ ਸੁਰੱਖਿਆ, ਬਾਜ਼ਾਰਾਂ ਦੀ ਗਸ਼ਤ ਅਤੇ ਅਪਰਾਧਾਂ ਦੀ ਰੋਕਥਾਮ ਲਈ ਲਗਾਇਆ ਜਾਵੇ।ਉਨ੍ਹਾਂਨੇ ਕਿਹਾ ਕਿ ਸਵਾਲ ਸਿਰਫ਼ ਇੱਕ ਚੋਰੀ ਦਾ ਨਹੀਂ,ਸਗੋਂ ਆਮ ਲੋਕਾਂ ਦੀ ਸੁਰੱਖਿਆ ਅਤੇ ਪੁਲਿਸ ਸਰੋਤਾਂ ਦੀ ਸਹੀ ਵਰਤੋਂ ਦਾ ਵੀ ਹੈ।ਆਖ਼ਰਕਾਰ ਜਨਤਾ ਦੀ ਸੁਰੱਖਿਆ ਹੀ ਪੁਲਿਸ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।ਧਾਲੀਵਾਲ ਨੇ ਕਿਹਾ ਕਿ ਸ਼ਹਿਰ ਵਿੱਚ ਲਗਾਤਾਰ ਵਧ ਰਹੀਆਂ ਛੀਨਾਝਪਟੀ ਤੇ ਚੋਰੀ ਦੀਆਂ ਘਟਨਾਵਾਂ ਨੇ ਪੁਲਿਸ ਦੀ ਕਾਰਗੁਜ਼ਾਰੀ ਅਤੇ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ।ਧਾਲੀਵਾਲ ਨੇ ਕਿਹਾ ਕਿ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਦਿਨ-ਦਿਹਾੜੇ ਅਤੇ ਰਾਤ ਦੇ ਸਮੇਂ ਹੋ ਰਹੀਆਂ ਚੋਰੀ,ਲੁੱਟ-ਖੋਹ ਦੀਆਂ ਵਧ ਰਹੀਆਂ ਘਟਨਾਵਾਂ ਨੇ ਸਥਾਨਕ ਨਿਵਾਸੀਆਂ ਦੀ ਨੀਂਦ ਉਡਾ ਦਿੱਤੀ ਹੈ।ਹੈਰਾਨੀ ਦੀ ਗੱਲ ਇਹ ਹੈ ਕਿ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਹੁਣ ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਸੁਰੱਖਿਅਤ ਮੰਨੇ ਜਾਣ ਵਾਲੇ ਰਿਹਾਇਸ਼ੀ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੁਲਿਸ ਪ੍ਰਸ਼ਾਸਨ ਦੀ ਸਭ ਤੋਂ ਮੁਢਲੀ ਅਤੇ ਅਹਿਮ ਜ਼ਿੰਮੇਵਾਰੀ ਹੈ।ਇੱਕ ਸੁਰੱਖਿਅਤ ਸਮਾਜ ਦੀ ਸਿਰਜਣਾ ਲਈ ਪੁਲਿਸ ਅਤੇ ਜਨਤਾ ਵਿਚਾਲੇ ਆਪਸੀ ਤਾਲਮੇਲ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਦਾ ਹੋਣਾ ਬਹੁਤ ਜ਼ਰੂਰੀ ਹੈ।ਉਨ੍ਹਾਂਨੇ ਐਸਐਸਪੀ ਕਪੂਰਥਲਾ ਨੂੰ ਅਪੀਲ ਕਰਦਿਆਂ ਕਿਹਾ ਕਿ ਰਿਹਾਇਸ਼ੀ ਇਲਾਕਿਆਂ,ਬਜ਼ਾਰਾਂ ਅਤੇ ਸੁਨਸਾਨ ਥਾਵਾਂ ਤੇ ਦਿਨ-ਰਾਤ ਦੀ ਪੁਲਿਸ ਗਸ਼ਤ ਵਧਾਈ ਜਾਵੇ।ਮਹਿਲਾ ਸੁਰੱਖਿਆ ਸੈੱਲ ਅਤੇ ਹੈਲਪਲਾਈਨ ਨੰਬਰਾਂ ਨੂੰ ਵਧੇਰੇ ਸਰਗਰਮ ਕਰਨਾ ਤਾਂ ਜੋ ਸੰਕਟ ਦੇ ਸਮੇਂ ਤੁਰੰਤ ਮਦਦ ਪਹੁੰਚ ਸਕੇ।ਉਨ੍ਹਾਂਨੇ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਸੰਪਰਕ ਸਾਧਣ ਲਈ ਮੁਹੱਲਾ ਕਮੇਟੀਆਂ' ਬਣਾਈਆਂ ਜਾਣ,ਜਿਸ ਨਾਲ ਅਪਰਾਧਾਂ ਨੂੰ ਰੋਕਣ ਵਿੱਚ ਮਦਦ ਮਿਲੇ।ਸ਼ਹਿਰਾਂ ਦੇ ਮੁੱਖ ਚੌਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ ਅਤੇ ਨਾਈਟ-ਵਿਜ਼ਨ ਡਰੋਨਾਂ ਦੀ ਵਰਤੋਂ ਕੀਤੀ ਜਾਵੇ।ਉਨ੍ਹਾਂਨੇ ਕਿਹਾ ਕਿ ਕਿਸੇ ਵੀ ਘਟਨਾ ਜਾਂ ਸ਼ਿਕਾਇਤ ਤੇ ਪੁਲਿਸ ਦਾ ਰਿਸਪਾਂਸ ਟਾਈਮ(ਪਹੁੰਚਣ ਦਾ ਸਮਾਂ)ਘੱਟ ਤੋਂ ਘੱਟ ਹੋਣਾ ਚਾਹੀਦਾ ਹੈ।ਧਾਲੀਵਾਲ ਨੇ ਪ੍ਰਸ਼ਾਸਨ ਅਤੇ ਉੱਚ ਪੁਲਿਸ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹਿਰ ਦੇ ਅੰਦਰੂਨੀ ਅਤੇ ਬਾਹਰੀ ਹਿੱਸਿਆਂ ਵਿੱਚ ਸੁਰੱਖਿਆ ਵਧਾਈ ਜਾਵੇ,ਪੁਲਿਸ ਨਾਕੇ ਮਜ਼ਬੂਤ ਕੀਤੇ ਜਾਣ ਅਤੇ ਸ਼ੱਕੀ ਵਿਅਕਤੀਆਂ ਤੇ ਸਖ਼ਤ ਨਜ਼ਰ ਰੱਖੀ ਜਾਵੇ ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਜੀਵਨ ਬਤੀਤ ਕਰ ਸਕਣ।

Posted By: Gaurav Maria

Latest News