Nazrana Times

ਪੰਜਾਬੀ

ਭਾਈ ਪਰਵਿੰਦਰ ਸਿੰਘ ਝੋਟੇ ਦਾ ਕਤਲ: ਸਿਆਸੀ ਸਰਪ੍ਰਸਤੀ ਅਤੇ ਸਰਕਾਰੀ ਨਾਕਾਮੀ ’ਤੇ ਉੱਠੇ ਸਵਾਲ — ਸਿੱਖ ਕੋਆਰਡੀਨੇਸ਼ਨ ਕਮੇਟੀ

17 Oct, 2026 06:02 PM

ਸਿੰਘ ਸਾਹਿਬ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਭਾਈ ਪਰਵਿੰਦਰ ਸਿੰਘ ਝੋਟੇ ਨੂੰ ਸ਼ਹੀਦ ਐਲਾਨਣ ਦਾ ਵਿਦੇਸ਼ੀ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਕੀਤਾ ਭਰਵਾਂ ਸਵਾਗਤ... 

ਮੁਲਜ਼ਮ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਰਾਹੀਂ ਕਥਿਤ ਨਸ਼ਾ ਵਿਕਰੀ ਅਤੇ ਨਸ਼ਾ-ਨੈੱਟਵਰਕ ਨੂੰ ਮਿਲਦੀ ਸਿਆਸੀ ਸਰਪ੍ਰਸਤੀ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ 'ਤੇ ਹੋਵੇ ਸਖ਼ਤ ਕਾਰਵਾਈ…

ਚੰਡੀਗੜ੍ਹ/ਨਿਊਯਾਰਕ, 17 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ’ਤੇ ਡੂੰਘੇ ਦੁੱਖ ਅਤੇ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਜਥੇਬੰਦੀਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਲੰਮੇ ਸਮੇਂ ਤੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾ ਰਿਹਾ ਸੀ। ਮੈਡੀਕਲ ਸਟੋਰ ’ਤੇ ਹੋਏ ਟਕਰਾਅ ਦੌਰਾਨ ਉਸ ਨੂੰ ਗੋਲੀ ਮਾਰੀ ਗਈ ਅਤੇ ਉਸ ਦੇ ਸਾਥੀ ਵੀ ਜ਼ਖ਼ਮੀ ਹੋਏ। ਉਸ ਦੀ ਮੌਤ ਪੰਜਾਬ, ਪੰਜਾਬ ਦੀ ਨੌਜਵਾਨੀ ਅਤੇ ਸਿੱਖ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਭਾਈ ਹਰਜਿੰਦਰ ਸਿੰਘ (ਮੀਡੀਆ ਬੁਲਾਰਾ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ) ਵਲੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਬੰਦੀਆਂ ਨੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਪਰਵਿੰਦਰ ਸਿੰਘ ਝੋਟੇ ਨੂੰ ਸ਼ਹੀਦ ਐਲਾਨਣ ਦਾ ਸਵਾਗਤ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਉਸ ਵੱਲੋਂ ਕੀਤੇ ਉਪਰਾਲਿਆਂ ਨੂੰ ਪੰਜਾਬ ਵਾਸੀ ਸਦਾ ਯਾਦ ਰੱਖਣਗੇ। ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਇਸ ਫ਼ੈਸਲੇ ਦਾ ਸਤਿਕਾਰ ਕਰਦੀਆਂ ਹਨ ਅਤੇ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੀਆਂ ਹਨ। ਜਥੇਬੰਦੀਆਂ ਨੇ ਕਿਹਾ ਕਿ ਤਾਜ਼ਾ ਮੀਡੀਆ ਰਿਪੋਰਟਾਂ ਮੁਤਾਬਕ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ ਉਹ ਮਾਨਸਾ ਵਿੱਚ ਮੈਡੀਕਲ ਸਟੋਰ ਚਲਾਉਂਦਾ ਸੀ। ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਇਸ ਮੈਡੀਕਲ ਸਟੋਰ ਦੀ ਆੜ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੇਚੇ ਜਾਂਦੇ ਸਨ ਅਤੇ ਇਸ ਸਬੰਧੀ ਉਸ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹੋਣ ਅਤੇ ਉਸ ਨੂੰ ਫੜੇ ਜਾਣ ਦੇ ਦਾਅਵੇ ਕੀਤੇ ਗਏ ਹਨ। ਇਨ੍ਹਾਂ ਦਾਅਵਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਜੇਕਰ ਅਜਿਹੀ ਗੈਰਕਾਨੂੰਨੀ ਵਿਕਰੀ ਹੁੰਦੀ ਰਹੀ ਤਾਂ ਉਸ ਨੂੰ ਰੋਕਣ ਲਈ ਜ਼ਿੰਮੇਵਾਰ ਅਧਿਕਾਰੀਆਂ ਨੇ ਕੀ ਕਾਰਵਾਈ ਕੀਤੀ। ਮੁਲਜ਼ਮ ਨੂੰ ਕਥਿਤ ਸਿਆਸੀ ਸਰਪ੍ਰਸਤੀ ਮਿਲਣ ਦੇ ਦੋਸ਼ਾਂ ਸਮੇਤ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਮਾਨਸਾ ਵਿੱਚ ਉਸ ਦੇ ਮੈਡੀਕਲ ਸਟੋਰ ਨੂੰ ਭੀੜ ਵੱਲੋਂ ਢਾਹੇ ਜਾਣ ਅਤੇ ਅੱਗ ਲਗਾਏ ਜਾਣ ਦੀਆਂ ਖ਼ਬਰਾਂ ਹਨ, ਜਦਕਿ ਪ੍ਰਸ਼ਾਸਨ ਨੇ ਉਸ ਦੇ ਘਰ ਦੇ ਇੱਕ ਹਿੱਸੇ ’ਤੇ ਨਾਜਾਇਜ਼ ਉਸਾਰੀ ਦਾ ਹਵਾਲਾ ਦੇ ਕੇ ਕਾਰਵਾਈ ਕੀਤੀ। ਜਥੇਬੰਦੀਆਂ ਨੇ ਕਿਹਾ ਕਿ ਇਮਾਰਤਾਂ ਦੀ ਢਾਹੁ-ਢੁਹਾਈ ਆਪਣੇ ਆਪ ਵਿੱਚ ਨਿਆਂ ਨਹੀਂ। ਪਰਵਿੰਦਰ ਸਿੰਘ ਦੇ ਕਤਲ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ, ਦੋਸ਼ੀ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਨਸ਼ਿਆਂ ਦੀ ਸਪਲਾਈ ਨਾਲ ਜੁੜੇ ਪੂਰੇ ਨੈੱਟਵਰਕ ਦੀ ਪਛਾਣ ਹੋਣੀ ਚਾਹੀਦੀ ਹੈ। ਪੰਜਾਬ ਦੇ ਹੋਰ ਮੈਡੀਕਲ ਸਟੋਰਾਂ ਰਾਹੀਂ ਨਸ਼ੀਲੀਆਂ ਦਵਾਈਆਂ ਦੀ ਕਥਿਤ ਗੈਰਕਾਨੂੰਨੀ ਵਿਕਰੀ ਦੀਆਂ ਸ਼ਿਕਾਇਤਾਂ ਦੀ ਵੀ ਜਾਂਚ ਅਤੇ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਗੁਜਰਾਤ ਦੀ ਮੁੰਦਰਾ ਬੰਦਰਗਾਹ ’ਤੇ ਫੜੀ ਗਈ ਨਸ਼ਿਆਂ ਦੀ ਵੱਡੀ ਖੇਪ ਦਾ ਹਵਾਲਾ ਦਿੰਦਿਆਂ ਜਥੇਬੰਦੀਆਂ ਨੇ ਕਿਹਾ ਕਿ ਵੱਡੀਆਂ ਖੇਪਾਂ ਤੋਂ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਲੀਆਂ ਵਿੱਚ ਨਸ਼ਿਆਂ ਦੀ ਵਿਕਰੀ ਤੱਕ ਦੀ ਪੂਰੀ ਲੜੀ ਦੀ ਜਾਂਚ ਹੋਣੀ ਚਾਹੀਦੀ ਹੈ। ਕਾਂਗਰਸ, ਅਕਾਲੀ ਦਲ-ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇ ਸਮਿਆਂ ਦੌਰਾਨ ਪੰਜਾਬ ਦੇ ਲੋਕਾਂ ਨੇ ਨਸ਼ਿਆਂ ਦੀ ਮਾਰ ਝੱਲੀ ਹੈ। ਜਥੇਬੰਦੀਆਂ ਦਾ ਦੋਸ਼ ਹੈ ਕਿ ਨਸ਼ਾ-ਤੰਤਰ ਨੂੰ ਸਿਆਸੀ ਸਰਪ੍ਰਸਤੀ ਮਿਲਦੀ ਰਹੀ ਅਤੇ ਇਸ ਨੂੰ ਰੋਕਣ ਵਿੱਚ ਸਰਕਾਰਾਂ ਨਾਕਾਮ ਰਹੀਆਂ। ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੂੰ ਇਸ ਬਾਰੇ ਜਵਾਬਦੇਹ ਹੋਣਾ ਚਾਹੀਦਾ ਹੈ। ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਸਰਦਾਰ ਹਿੰਮਤ ਸਿੰਘ ਨੇ ਕਿਹਾ ਕਿ “ਸੰਦੀਪ ਨੰਗਲ ਅੰਬੀਆਂ, ਸਿੱਧੂ ਮੂਸੇਵਾਲਾ, ਦੀਪ ਸਿੱਧੂ ਅਤੇ ਹੁਣ ਪਰਵਿੰਦਰ ਸਿੰਘ ਝੋਟੇ ਵਰਗੇ ਨੌਜਵਾਨਾਂ ਦੇ ਕਤਲਾਂ ਅਤੇ ਵਿਛੋੜਿਆਂ ਨੇ ਪੰਜਾਬ ਨੂੰ ਅਜਿਹਾ ਘਾਟਾ ਦਿੱਤਾ ਹੈ, ਜੋ ਕਈ ਸਾਲਾਂ ਤੱਕ ਪੂਰਾ ਨਹੀਂ ਹੋ ਸਕੇਗਾ। ਇਹ ਨੌਜਵਾਨ ਪੰਜਾਬ ਦੀ ਧਰਤੀ ’ਤੇ ਸਮਾਜਿਕ ਅਤੇ ਧਾਰਮਿਕ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਦੇ ਰਹੇ। ਅਸੀਂ ਦੀਪ ਸਿੱਧੂ ਨੂੰ ਪਿਆਰ ਨਾਲ ‘ਦੀਪ’ ਕਹਿੰਦੇ ਸੀ। ਉਸ ਦੀ ਜਗਾਈ ਚੇਤਨਾ ਨੇ ਪਰਵਿੰਦਰ ਸਿੰਘ ਝੋਟੇ ਸਮੇਤ ਕਈ ਨੌਜਵਾਨਾਂ ਨੂੰ ਪੰਜਾਬ ਦੀ ਧਰਤੀ ’ਤੇ ਨਸ਼ਿਆਂ ਵਿਰੁੱਧ ਖੜ੍ਹਨ ਦਾ ਹੌਸਲਾ ਦਿੱਤਾ। ਪਰਵਿੰਦਰ ਸਿੰਘ ਵੱਲੋਂ ਕੀਤੇ ਉਪਰਾਲਿਆਂ ਅਤੇ ਇਨ੍ਹਾਂ ਸਾਰੇ ਨੌਜਵਾਨਾਂ ਦੇ ਯੋਗਦਾਨ ਨੂੰ ਪੰਜਾਬ ਵਾਸੀ ਸਦਾ ਯਾਦ ਰੱਖਣਗੇ। ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇਸ ਪੂਰੇ ਨੈੱਟਵਰਕ ਦੀ ਜਾਂਚ ਹੋਵੇ ਅਤੇ ਸਰਕਾਰਾਂ ਜਵਾਬਦੇਹ ਹੋਣ। 

ਪਰਵਿੰਦਰ ਸਿੰਘ ਦਾ ਪਰਿਵਾਰ ਅਤੇ ਉਸ ਦੇ ਬੱਚੇ ਇਕੱਲੇ ਨਹੀਂ ਹਨ; ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ ਅਤੇ ਹਰ ਸੰਭਵ ਸਹਾਇਤਾ ਕਰਾਂਗੇ।” ਉਨ੍ਹਾਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਅਤੇ ਭਵਿੱਖ ਸਾਰੇ ਪੰਜਾਬੀਆਂ ਦਾ ਸਾਂਝਾ ਸਰੋਕਾਰ ਹੈ। ਪੰਜਾਬ ਵਿੱਚ ਰਾਜ ਕਰਨ ਵਾਲੀ ਹਰ ਸਰਕਾਰ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਨੌਜਵਾਨਾਂ ਦੀ ਸੁਰੱਖਿਆ ਬਾਰੇ ਜਵਾਬ ਦੇਣਾ ਪਵੇਗਾ। ਵਿਦੇਸ਼ਾਂ ਵਿੱਚ ਵੱਸਦੇ ਸਿੱਖ ਅਤੇ ਪੰਜਾਬੀ ਵੀ ਲੋਕਤੰਤਰਿਕ ਤੇ ਸ਼ਾਂਤਮਈ ਢੰਗ ਨਾਲ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਸੁਰੱਖਿਆ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਕਿਹਾ: “ਸਰਕਾਰਾਂ ਦੇ ਨਸ਼ਿਆਂ ਵਿਰੁੱਧ ਦਾਅਵਿਆਂ ਅਤੇ ਪੰਜਾਬ ਦੀ ਜ਼ਮੀਨੀ ਹਕੀਕਤ ਵਿੱਚ ਵੱਡਾ ਫ਼ਰਕ ਹੈ। ਘਰਾਂ ਵਿੱਚ ਸੱਥਰ ਵਿਛ ਰਹੇ ਹਨ ਅਤੇ ਜਿਹੜੇ ਨੌਜਵਾਨ ਦੂਜਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਉਂਦੇ ਹਨ, ਉਹ ਵੀ ਆਪਣੀ ਜਾਨ ਗੁਆ ਰਹੇ ਹਨ। ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰਾਂ ਦੀ ਨਾਕਾਮੀ ਅਤੇ ਨਸ਼ਾ-ਤੰਤਰ ਦੀ ਬੇਖ਼ੌਫ਼ੀ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਅਸੀਂ ਇਸ ਨਾਕਾਮੀ ਦੀ ਸਖ਼ਤ ਨਿਖੇਧੀ ਕਰਦੇ ਹਾਂ।” ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਮੀਡੀਆ ਬੁਲਾਰੇ ਹਰਜਿੰਦਰ ਸਿੰਘ ਨੇ ਕਿਹਾ ਕਿ “ਪਰਵਿੰਦਰ ਸਿੰਘ ਝੋਟਾ ਪੰਜਾਬ ਦੇ ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰ ਰਿਹਾ ਸੀ। ਉਸ ਦੀ ਯਾਦ ਅਤੇ ਉਸ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਅਸੀਂ ਉਸ ਦੇ ਪਰਿਵਾਰ ਅਤੇ ਬੱਚਿਆਂ ਨਾਲ ਦੁੱਖ ਸਾਂਝਾ ਕਰਦੇ ਹਾਂ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਾਂਗੇ। ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਇਸ ਤੰਤਰ ਦੀ ਜਵਾਬਦੇਹੀ ਤੈਅ ਕਰਵਾਉਣ ਲਈ ਸਾਡੀ ਆਵਾਜ਼ ਬੁਲੰਦ ਰਹੇਗੀ।” ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ, ਵਾਤਾਵਰਨ ਦੇ ਪ੍ਰਦੂਸ਼ਣ, ਰੁਜ਼ਗਾਰ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਸਾਰੇ ਮਸਲਿਆਂ ਦਾ ਹੱਲ ਪੰਜਾਬ ਦੀ ਅਜ਼ਾਦੀ ਅਤੇ ਖਾਲਿਸਤਾਨ ਦੀ ਪ੍ਰਾਪਤੀ ਨਾਲ ਹੀ ਜੁੜਿਆ ਹੋਇਆ ਹੈ। ਪੰਜਾਬੀਆਂ ਨੂੰ ਆਪਣੇ ਰਾਜਨੀਤਿਕ ਭਵਿੱਖ ਅਤੇ ਸਵੈ-ਨਿਰਣੇ ਦੇ ਹੱਕ ਬਾਰੇ ਆਵਾਜ਼ ਉਠਾਉਣ ਦਾ ਅਧਿਕਾਰ ਹੈ। ਪੰਜਾਬ ਸੇ ਲੋਕਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ਾਂ ਦੀ ਅਸੀਂ ਪੂਰੀ ਤਰ੍ਹਾਂ ਹਮਾਇਤ ਕਰਦੇ ਹਾਂ ਅਤੇ ਕਰਦੇ ਰਹਾਂਗੇ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News