ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨਾਲ ਸਖ਼ਤਾਈ ਨਾਲ ਨਿਪਟਣ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਮਾਨ

ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨਾਲ ਸਖ਼ਤਾਈ ਨਾਲ ਨਿਪਟਣ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਮਾਨ

ਬਿੰਦਰ ਸਿੰਘ ਖੁੱਡੀ ਕਲਾਂ 
ਫਿਲੌਰ , 16 ਅਕਤੂਬਰ 2026

:​ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਲੌਰ ਪੁਲਿਸ ਅਕੈਡਮੀ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ, ਜ਼ਿਲ੍ਹਿਆਂ ਦੇ ਐਸ.ਐਸ.ਪੀਜ਼, ਡੀ.ਸੀਜ਼ ਅਤੇ ਡੀ.ਐਸ.ਪੀਜ਼ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਇਹ ਅਹਿਮ ਮੀਟਿੰਗ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਅਤੇ ਮਾਨਸਾ ਵਿੱਚ ਨਸ਼ਿਆਂ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੈਦਾ ਹੋਈ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਗੰਭੀਰਤਾ ਨਾਲ ਸਮੀਖਿਆ ਕਰਨ ਲਈ ਸੱਦੀ ਗਈ ਸੀ। 

ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਕਾਨੂੰਨ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।ਮਾਨਸਾ ਵਿੱਚ ਵਾਪਰੀ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਜੇਕਰ ਇਸ ਕਤਲ ਪਿੱਛੇ ਕੋਈ ਡੂੰਘੀ ਸਾਜ਼ਿਸ਼ ਸਾਹਮਣੇ ਆਉਂਦੀ ਹੈ, ਤਾਂ ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਘੇਰੇ ਵਿੱਚ ਲਿਆ ਕੇ ਮਿਸਾਲੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹਰ ਕੀਮਤ 'ਤੇ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਚਨਬੱਧ ਹੈ।

​ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੇ ਨੈੱਟਵਰਕ ਨੂੰ ਤਬਾਹ ਕਰਨ ਲਈ ਮੁੱਖ ਮੰਤਰੀ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਬਿਨਾਂ ਕਿਸੇ ਦਬਾਅ ਦੇ ਡਿਊਟੀ ਨਿਭਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਪੁਲਿਸ ਨੂੰ ਸਪੱਸ਼ਟ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੀ ਜਾਵੇ ਅਤੇ ਜ਼ਮੀਨੀ ਪੱਧਰ 'ਤੇ ਉਨ੍ਹਾਂ ਦੇ ਨੈੱਟਵਰਕ ਨੂੰ ਜੜ੍ਹੋਂ ਪੁੱਟਿਆ ਜਾਵੇ। ਇਸ ਮੀਟਿੰਗ ਦੀ ਖ਼ਾਸ ਗੱਲ ਇਹ ਰਹੀ ਕਿ ਪਹਿਲੀ ਵਾਰ ਹੇਠਲੇ ਪੱਧਰ ਯਾਨੀ ਐਸ.ਡੀ.ਐਮ.ਅਤੇ ਡੀ.ਐਸ.ਪੀ.ਤੋਂ ਲੈ ਕੇ ਉੱਚ ਪੱਧਰੀ ਅਧਿਕਾਰੀਆਂ ਨੂੰ ਇੱਕੋ ਮੰਚ 'ਤੇ ਸੱਦ ਕੇ ਜ਼ਿਲ੍ਹਾ ਪੱਧਰ 'ਤੇ ਜਵਾਬਦੇਹੀ ਤੈਅ ਕੀਤੀ ਗਈ ਹੈ ਤਾਂ ਜੋ ਨਸ਼ਾ ਮੁਕਤੀ ਮੁਹਿੰਮ ਦਾ ਅਸਰਦਾਰ ਨਤੀਜਾ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਸਕੇ।

​ ਇਸ ਦੌਰਾਨ ਵਿਰੋਧੀਆਂ ਵੱਲੋਂ ਉਠਾਏ ਜਾ ਰਹੇ ਸਵਾਲਾਂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨਾਂ ਦਾ ਕਰਾਰਾ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਸਿਆਸੀ ਮੁਫ਼ਾਦਾਂ ਲਈ ਬਦਨਾਮ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਹੁਣ ਬੰਦ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਏ ਜਾ ਰਹੇ ਸਖ਼ਤ ਫ਼ੈਸਲੇ ਆਉਣ ਵਾਲੇ ਦਿਨਾਂ ਵਿੱਚ ਵੀ ਪੂਰੀ ਸਖ਼ਤੀ ਨਾਲ ਜਾਰੀ ਰਹਿਣਗੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.