ਪਿੰਡ ਲੱਲੇ ਬੂਹ ਦੀ ਸੰਗਤ ਵੱਲੋਂ ਸੰਤ ਬਾਬਾ ਸੁੱਖਾ ਸਿੰਘ ਜੀ ਦਾ ਵਿਸ਼ੇਸ਼ ਸਨਮਾਨ
ਧਾਰਮਿਕ,ਸਮਾਜਿਕ ਅਤੇ ਮਾਨਵਤਾ ਦੀ ਭਲਾਈ ਲਈ ਨਿਭਾਈਆਂ ਨਿਰਸਵਾਰਥ ਸੇਵਾਵਾਂ ਦੀ ਕੀਤੀ ਸ਼ਲਾਘਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ, 7 ਨਵੰਬਰ
ਪਿੰਡ ਲੱਲੇ ਬੂਹ ਵਿਖੇ ਸੰਗਤ ਵੱਲੋਂ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਨੂੰ ਧਾਰਮਿਕ, ਸਮਾਜਿਕ ਅਤੇ ਮਾਨਵਤਾ ਦੀ ਭਲਾਈ ਲਈ ਲੰਮੇ ਸਮੇਂ ਤੋਂ ਨਿਰਸਵਾਰਥ ਭਾਵਨਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਦੀ ਸੰਗਤ ਵੱਲੋਂ ਬਾਬਾ ਜੀ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਪ੍ਰਤੀ ਸਤਿਕਾਰ,ਸ਼ਰਧਾ ਅਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਸੰਗਤ ਦੇ ਨੁਮਾਇੰਦਿਆਂ ਨੇ ਕਿਹਾ ਕਿ ਸੰਤ ਬਾਬਾ ਸੁੱਖਾ ਸਿੰਘ ਜੀ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ,ਸਿਮਰਨ ਅਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਦਾ ਆਧਾਰ ਬਣਾ ਕੇ ਲੰਮੇ ਸਮੇਂ ਤੋਂ ਲੋਕ ਭਲਾਈ ਦੇ ਕਾਰਜਾਂ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਗੁਰਧਾਮਾਂ ਦੀ ਸਾਂਭ-ਸੰਭਾਲ, ਨਵੇਂ ਗੁਰਦੁਆਰਾ ਸਾਹਿਬਾਨ ਦੀ ਉਸਾਰੀ,ਧਾਰਮਿਕ ਪ੍ਰਚਾਰ ਅਤੇ ਲੋੜਵੰਦਾਂ ਦੀ ਸਹਾਇਤਾ ਵਰਗੇ ਸੇਵਾ ਕਾਰਜ ਨਿਰੰਤਰ ਕੀਤੇ ਜਾ ਰਹੇ ਹਨ।
ਹੜ੍ਹ ਪੀੜਤਾਂ ਦੀ ਸਹਾਇਤਾ ਤੋਂ ਲੈ ਕੇ ਵਾਤਾਵਰਨ ਦੀ ਸੰਭਾਲ ਤੱਕ ਨਿਭਾਈਆਂ ਅਹਿਮ ਸੇਵਾਵਾਂ
ਸੰਗਤ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਬਾਬਾ ਜੀ ਦੀ ਅਗਵਾਈ ਹੇਠ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੰਗਰ,ਰਾਸ਼ਨ ਅਤੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਹੜ੍ਹਾਂ ਦੀ ਰੋਕਥਾਮ ਲਈ ਮਿੱਟੀ ਦੇ ਬੋਰੇ ਲਗਾਉਣ ਦੀ ਸੇਵਾ ਵੀ ਕੀਤੀ ਜਾਂਦੀ ਹੈ। ਇਸ ਤਰ੍ਹਾਂ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਮੁਸ਼ਕਲ ਸਮੇਂ ਵਿੱਚ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅਹਿਮ ਭੂਮਿਕਾ ਨਿਭਾਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਚਲਾਏ ਜਾ ਰਹੇ ਹਰਿਆਲੀ ਮਿਸ਼ਨ ਤਹਿਤ ਹਰ ਸਾਲ ਵੱਡੀ ਗਿਣਤੀ ਵਿੱਚ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੱਖਿਆ ਅਤੇ ਗੁਰਮਤਿ ਸੰਗੀਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੀ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜੋ ਸਮਾਜ ਨੂੰ ਧਾਰਮਿਕ, ਸੱਭਿਆਚਾਰਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਸਹਾਈ ਹੋ ਰਹੀਆਂ ਹਨ।
ਸੰਗਤ ਦੇ ਨੁਮਾਇੰਦਿਆਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਬਾਬਾ ਜੀ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਉਨ੍ਹਾਂ ਨੇ ਆਪਣੀ ਅੱਖੀਂ ਦੇਖਿਆ ਹੈ। ਪਿੰਡ ਲੱਲੇ ਬੂਹ ਦੀ ਸੰਗਤ ਵੀ ਇਨ੍ਹਾਂ ਸੇਵਾ ਕਾਰਜਾਂ ਵਿੱਚ ਸ਼ਾਮਲ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਬਾ ਜੀ ਨੇ ਦਿਨ-ਰਾਤ,ਧੁੱਪ-ਛਾਂ ਅਤੇ ਮੁਸ਼ਕਲ ਹਾਲਾਤਾਂ ਦੀ ਪਰਵਾਹ ਕੀਤੇ ਬਿਨਾਂ ਸੰਗਤ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੇਵਾ ਕੀਤੀ। ਉਨ੍ਹਾਂ ਨੇ ਖੁਦ ਕਹੀ ਚਲਾਈ, ਮਿੱਟੀ ਪੁੱਟੀ ਅਤੇ ਬੋਰੇ ਢੋਏ।
ਸੰਗਤ ਦੇ ਨੁਮਾਇੰਦਿਆਂ ਨੇ ਕਿਹਾ ਕਿ ਦਰਿਆਵਾਂ ਵਿੱਚ ਪਏ ਵੱਡੇ-ਵੱਡੇ ਪਾੜਾਂ ਨੂੰ ਪੂਰਨ ਲਈ ਬਾਬਾ ਜੀ ਵੱਲੋਂ ਕੀਤੇ ਗਏ ਉਪਰਾਲੇ ਮਾਨਵਤਾ ਦੀ ਸੇਵਾ ਦੀ ਇੱਕ ਅਦੁੱਤੀ ਮਿਸਾਲ ਹਨ। ਉਨ੍ਹਾਂ ਦੀ ਸੇਵਾ ਭਾਵਨਾ ਅਤੇ ਸਮਰਪਣ ਤੋਂ ਪ੍ਰੇਰਨਾ ਲੈ ਕੇ ਸਮਾਜ ਦੇ ਹਰ ਵਰਗ ਨੂੰ ਲੋੜਵੰਦਾਂ ਦੀ ਮਦਦ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਸੰਤ ਬਾਬਾ ਸੁੱਖਾ ਸਿੰਘ ਜੀ ਨੇ ਸੰਗਤ ਵੱਲੋਂ ਦਿੱਤੇ ਮਾਣ-ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਰੀਆਂ ਸੇਵਾਵਾਂ ਗੁਰੂ ਸਾਹਿਬਾਨ ਦੀ ਅਪਾਰ ਕਿਰਪਾ ਅਤੇ ਸੰਗਤ ਦੇ ਸਹਿਯੋਗ ਸਦਕਾ ਹੀ ਸੰਭਵ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਨਿਰਸਵਾਰਥ ਸੇਵਾ ਕਰਨਾ ਹੀ ਗੁਰੂ ਸਾਹਿਬਾਨ ਵੱਲੋਂ ਦਰਸਾਇਆ ਗਿਆ ਸੱਚਾ ਮਾਰਗ ਹੈ ਅਤੇ ਸੇਵਾ ਦੇ ਇਸ ਕਾਰਜ ਨੂੰ ਅੱਗੇ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਜਥੇਦਾਰ ਜੱਜ ਸਿੰਘ,ਜਥੇਦਾਰ ਕੁਲਦੀਪ ਸਿੰਘ, ਜਥੇਦਾਰ ਜਗਤਾਰ ਸਿੰਘ, ਸਰਪੰਚ ਬਲਵਿੰਦਰ ਸਿੰਘ, ਕਸ਼ਮੀਰ ਸਿੰਘ,ਕੇਹਰ ਸਿੰਘ,ਮਨਪ੍ਰੀਤ ਸਿੰਘ,ਦਲਜੀਤ ਸਿੰਘ,ਪ੍ਰਭਾਤ ਸਿੰਘ,ਸਰਬਜੀਤ ਸਿੰਘ ਸਮੇਤ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।