ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂਆਂ ਵੱਲੋਂ ਜਥੇਦਾਰ ਕਰਨੈਲ ਸਿੰਘ ਪੰਜੋਲੀ ਨਾਲ ਪੰਥਕ ਵਿਚਾਰਾਂ ਦੀ ਸਾਂਝ

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂਆਂ ਵੱਲੋਂ ਜਥੇਦਾਰ ਕਰਨੈਲ ਸਿੰਘ ਪੰਜੋਲੀ ਨਾਲ ਪੰਥਕ ਵਿਚਾਰਾਂ ਦੀ ਸਾਂਝ

ਸਮੁੱਚੀਆਂ ਪੰਥਕ ਧਿਰਾਂ ਦਾ ਏਕਾ ਸਮੇਂ ਦੀ ਮੁੱਖ ਲੋੜ : ਭਾਈ ਕਰਨੈਲ ਸਿੰਘ ਪੰਜੋਲੀ/ਭਾਈ ਰਣਜੀਤ ਸਿੰਘ 

ਸ੍ਰੀ ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਕੁਲਵਿੰਦਰ ਸਿੰਘ ਚੰਦੀ): ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂਆਂ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਭਾਈ ਕਰਨੈਲ ਸਿੰਘ ਪੰਜੋਲੀ ਨਾਲ ਉਹਨਾਂ ਦੇ ਗ੍ਰਹਿ, ਪਿੰਡ ਪੰਜੋਲੀ, ਨੇੜੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੁਲਾਕਾਤ ਕਰਕੇ ਪੰਥ ਅਤੇ ਪੰਜਾਬ ਦੇ ਵੱਖ-ਵੱਖ ਮਸਲਿਆਂ ਬਾਰੇ ਵਿਚਾਰਾਂ ਦੀ ਸਾਂਝ ਕੀਤੀ। ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਸਤਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਖ਼ਾਲਸਾ (ਸੁਪਤਨੀ ਸ਼ਹੀਦ ਭਾਈ ਪਰਮਜੀਤ ਸਿੰਘ ਤੁਗਲਵਾਲਾ) ਹਾਜ਼ਰ ਸਨ।

ਜਥੇਦਾਰ ਭਾਈ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਗੁਰੂਆਂ, ਸੂਰਬੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਨੂੰ ਬਚਾਉਣ ਲਈ ਸਮੁੱਚੀਆਂ ਪੰਥਕ ਧਿਰਾਂ ਦਾ ਏਕਾ ਬੇਹੱਦ ਜ਼ਰੂਰੀ ਹੈ। ਪੰਥ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਬੜੇ ਨਾਜ਼ੁਕ ਹਨ ਅਤੇ ਸਿੱਖਾਂ ਦੀ ਧਾਰਮਿਕ, ਸਿਆਸੀ ਤੇ ਸਮਾਜਿਕ ਹੋਂਦ ਨੂੰ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਸਮੇਂ ਪੰਥਕ ਧਿਰਾਂ ਨੂੰ ਆਪਣੇ ਨਿੱਜੀ ਮਤਭੇਦਾਂ ਤੋਂ ਉੱਪਰ ਉੱਠ ਕੇ ਕੌਮੀ ਹਿੱਤਾਂ ਲਈ ਇਕੱਠੇ ਹੋਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ 2027 ਦੀਆਂ ਚੋਣਾਂ ਲਈ ਸਮੁੱਚੀਆਂ ਪੰਥਕ ਧਿਰਾਂ ਨੂੰ ਇੱਕ ਸਾਂਝੇ ਮੰਚ ਉੱਤੇ ਇਕੱਤਰ ਹੋ ਕੇ ਚੋਣਾਂ ਲੜਨ ਵੱਲ ਕਦਮ ਵਧਾਉਣੇ ਚਾਹੀਦੇ ਹਨ। ਜਥੇਬੰਦੀਆਂ ਦੀ ਆਪਸੀ ਫੁੱਟ ਕਾਰਨ ਪੰਥਕ ਤਾਕਤ ਖਿੰਡ ਜਾਂਦੀ ਹੈ, ਪੰਥਕ ਧਿਰਾਂ ਹਾਸ਼ੀਏ ਉੱਤੇ ਧੱਕੀਆਂ ਜਾਂਦੀਆਂ ਹਨ ਅਤੇ ਰਾਸ਼ਟਰੀ ਪਾਰਟੀਆਂ ਇਸ ਦਾ ਲਾਹਾ ਲੈ ਜਾਂਦੀਆਂ ਹਨ। ਜੇ ਇਸ ਵਾਰ ਵੀ ਪੰਥਕ ਧਿਰਾਂ ਇਕੱਠੀਆਂ ਨਾ ਹੋਈਆਂ ਤਾਂ ਪੰਥ ਅਤੇ ਪੰਜਾਬ ਦੀ ਗੁਲਾਮੀ ਹੋਰ ਪੱਕੀ ਹੋਵੇਗੀ।

ਜਥੇਦਾਰ ਪੰਜੋਲੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਬੰਦੀ ਸਿੰਘਾਂ ਦੀ ਰਿਹਾਈ, ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਿੱਖਾਂ ਦੀ ਵੱਖਰੀ ਕੌਮੀ ਹੋਂਦ ਨੂੰ ਮਾਨਤਾ ਦਿਵਾਉਣ ਵਰਗੇ ਅਹਿਮ ਮਸਲੇ ਅਜੇ ਵੀ ਲਟਕ ਰਹੇ ਹਨ। ਇਹਨਾਂ ਮਸਲਿਆਂ ਦੇ ਹੱਲ ਲਈ ਪੰਥ ਦੀ ਆਪਣੀ ਸਿਆਸੀ ਤਾਕਤ ਹੋਣੀ ਜ਼ਰੂਰੀ ਹੈ। ਪੰਥਕ ਧਿਰਾਂ ਦੇ ਹੱਥ ਵਿੱਚ ਤਾਕਤ ਆਉਣ ਨਾਲ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਲਟਕਦੇ ਮਸਲਿਆਂ ਦੇ ਹੱਲ ਵੱਲ ਮਜ਼ਬੂਤੀ ਨਾਲ ਵਧਿਆ ਜਾ ਸਕਦਾ ਹੈ।

ਫੈਡਰੇਸ਼ਨ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਜਥੇਦਾਰ ਭਾਈ ਕਰਨੈਲ ਸਿੰਘ ਪੰਜੋਲੀ ਨੇ ਹਮੇਸ਼ਾਂ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕੀਤੀ ਹੈ। ਉਹਨਾਂ ਦੇ ਤਜਰਬੇ ਅਤੇ ਪੰਥਕ ਸੋਚ ਤੋਂ ਨੌਜਵਾਨ ਪੀੜ੍ਹੀ ਨੂੰ ਬਹੁਤ ਕੁਝ ਸਿੱਖਣ ਦੀ ਲੋੜ ਹੈ। ਸਮੁੱਚੀਆਂ ਪੰਥਕ ਧਿਰਾਂ ਨੂੰ ਉਹਨਾਂ ਦੇ ਏਕਤਾ ਦੇ ਹੋਕੇ ਨੂੰ ਗੰਭੀਰਤਾ ਨਾਲ ਸੁਣਦਿਆਂ ਆਪਸੀ ਸਾਂਝ ਮਜ਼ਬੂਤ ਕਰਨ ਲਈ ਅਮਲੀ ਕਦਮ ਚੁੱਕਣੇ ਚਾਹੀਦੇ ਹਨ।

ਭਾਈ ਰਣਜੀਤ ਸਿੰਘ ਨੇ ਕਿਹਾ ਕਿ ਕਾਂਗਰਸ, ਬਾਦਲ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਤੋਂ ਪੰਥ ਦੇ ਭਲੇ ਦੀ ਆਸ ਨਹੀਂ ਰੱਖੀ ਜਾ ਸਕਦੀ। ਇਹਨਾਂ ਪਾਰਟੀਆਂ ਦੀਆਂ ਨੀਤੀਆਂ ਨੇ ਪੰਜਾਬ ਨੂੰ ਕੰਗਾਲੀ ਦੇ ਰਾਹ ਉੱਤੇ ਲਿਆ ਖੜ੍ਹਾ ਕੀਤਾ ਹੈ। ਉਹਨਾਂ ਕਿਹਾ ਕਿ ਸਾਡੀਆਂ ਧਾਰਮਿਕ ਸੰਸਥਾਵਾਂ ਨੂੰ ਵੀ ਇਹਨਾਂ ਪਾਰਟੀਆਂ ਦੇ ਪ੍ਰਭਾਵ ਤੋਂ ਮੁਕਤ ਹੋ ਕੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਨੀ ਚਾਹੀਦੀ ਹੈ ਅਤੇ ਪੰਥ ਦੀ ਆਪਣੀ ਸਿਆਸੀ ਤਾਕਤ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਜਥੇਦਾਰ ਭਾਈ ਕਰਨੈਲ ਸਿੰਘ ਪੰਜੋਲੀ ਨੇ ਫੈਡਰੇਸ਼ਨ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜੀਵਨ ਬਾਰੇ ਮਾਲਵਿੰਦਰ ਸਿੰਘ ਮਾਲੀ ਵੱਲੋਂ ਸੰਪਾਦਿਤ ਕਿਤਾਬ ਵੀ ਭੇਟ ਕੀਤੀ। ਫੈਡਰੇਸ਼ਨ ਆਗੂਆਂ ਨੇ ਉਹਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਥੇਦਾਰ ਪੰਜੋਲੀ ਦੇ ਸਹਿਯੋਗ ਨਾਲ ਸਿੱਖੀ ਪ੍ਰਚਾਰ ਦੀਆਂ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ ਅਤੇ ਨੌਜਵਾਨਾਂ ਨੂੰ ਗੁਰਬਾਣੀ, ਗੁਰਮਤਿ ਅਤੇ ਪੰਥ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਨ ਲਈ ਯਤਨ ਹੋਰ ਮਜ਼ਬੂਤ ਕੀਤੇ ਜਾਣਗੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.