ਇੰਸਬਰੁੱਕ ਵਿਖੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ : ਭਾਈ ਹਰਪ੍ਰੀਤ ਸਿੰਘ ਪੰਮਾ

ਇੰਸਬਰੁੱਕ ਵਿਖੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ : ਭਾਈ ਹਰਪ੍ਰੀਤ ਸਿੰਘ ਪੰਮਾ

ਅਸਟਰੀਆ, 24 ਨਵੰਬਰ , ਰਣਜੀਤ ਸਿੰਘ ਖਾਲਸਾ ਗੁਰਦੁਆਰਾ ਇੰਸਬਰੁੱਕ ਵਿਖੇ ਐਤਵਾਰ ਨੂੰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਇਸ ਮੌਕੇ ਅਸਟਰੀਆ, ਇਟਲੀ, ਜਰਮਨੀ ਅਤੇ ਸਵਿਟਜ਼ਰਲੈਂਡ ਤੋਂ ਪਹੁੰਚੀਆਂ ਸੰਗਤਾਂ ਨੇ ਰਲ-ਮਿਲ ਕੇ ਗੁਰਪੁਰਬ ਮਨਾਇਆ ਅਤੇ ਗੁਰੂ ਜਸ ਦਾ ਲਾਹਾ ਲਿਆ।

ਗੁਰਦੁਆਰਾ ਇੰਸਬਰੁੱਕ ਦੇ ਪ੍ਰਬੰਧਕ ਅਤੇ ਸਿੱਖ ਏਡ ਅਸਟਰੀਆ ਦੇ ਮੁੱਖ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਪੰਮਾ ਨੇ ਸਮੂਹ ਸਾਧ ਸੰਗਤ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਵਿੱਚ ਇੰਗਲੈਂਡ ਤੋਂ ਜਾਗੋਵਾਲਾ ਕਵੀਸ਼ਰੀ ਜਥਾ ਵਿਸ਼ੇਸ਼ ਤੌਰ ’ਤੇ ਪਹੁੰਚਿਆ। ਜਥੇ ਦੇ ਭਾਈ ਜਰਨੈਲ ਸਿੰਘ ਗੰਡੀ ਵਿੰਡ, ਭਾਈ ਸੁਲੱਖਣ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਵੀਸ਼ਰੀ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਭਾਈ ਹਰਪ੍ਰੀਤ ਸਿੰਘ ਪੰਮਾ ਨੇ ਕਿਹਾ ਕਿ ਗੁਰੂ ਸਾਹਿਬ ਦਾ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੁਨੇਹਾ ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੀ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ।

ਸਮਾਗਮ ਦੌਰਾਨ ਸਿੱਖ ਏਡ ਅਸਟਰੀਆ ਵੱਲੋਂ ਕਿਤਾਬਾਂ ਦਾ ਲੰਗਰ ਲਾਇਆ ਗਿਆ, ਤਾਂ ਜੋ ਸੰਗਤਾਂ, ਖ਼ਾਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਸਿੱਖ ਸਾਹਿਤ ਪੜ੍ਹਨ ਦੀ ਰੁਚੀ ਵਧੇ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.