Nazrana Times

ਪੰਜਾਬੀ

ਗੈਂਗਸਟਰਾਂ ਦੀਆਂ ਧਮਕੀਆਂ ਅਤੇ ਫਿਰੌਤੀ ਦੀਆਂ ਕਾਲਾਂ ਨਾਲ ਵਪਾਰੀ ਵਰਗ ਵਿੱਚ ਦਹਿਸ਼ਤ

11 Jun, 2026 11:54 PM

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,11 ਜੂਨ
 ਪੰਜਾਬ ਵਿੱਚ ਵਧ ਰਹੇ ਗੈਂਗਸਟਰਵਾਦ ਅਤੇ ਫਿਰੌਤੀ ਲਈ ਆ ਰਹੀਆਂ ਧਮਕੀ ਭਰੀਆਂ ਕਾਲਾਂ ਕਾਰਨ ਵਪਾਰੀ ਅਤੇ ਦੁਕਾਨਦਾਰ ਵਰਗ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਦਾ ਜਾ ਰਿਹਾ ਹੈ।ਜ਼ਿਲ੍ਹਾ ਤਰਨਤਾਰਨ ਸਮੇਤ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਨੇ ਕਾਰੋਬਾਰੀਆਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ।
 ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰਾਂ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਜਾਂਦੀ ਹੈ।ਕਈ ਮਾਮਲਿਆਂ ਵਿੱਚ ਤਾਂ ਡਰ ਦਾ ਮਾਹੌਲ ਪੈਦਾ ਕਰਨ ਲਈ ਗੋਲੀਬਾਰੀ ਵਰਗੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ।ਸੂਤਰਾਂ ਮੁਤਾਬਕ ਵਿਦੇਸ਼ੀ ਨੰਬਰਾਂ ਤੋਂ ਕੀਤੀਆਂ ਜਾਣ ਵਾਲੀਆਂ ਕਾਲਾਂ ਰਾਹੀਂ ਧਮਕੀਆਂ ਦੇ ਕੇ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਦਾ ਜਾਨੀ ਨੁਕਸਾਨ ਕਰਨ ਦੀ ਧਮਕੀ ਦਿੱਤੀ ਜਾਂਦੀ ਹੈ।ਕਈ ਵਪਾਰੀਆਂ ਨੇ ਤਾਂ ਅਣਜਾਣ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਦੇ ਡਰ ਅਤੇ ਸਹਿਮ ਕਰਕੇ ਆਪਣੇ ਵਟਸਐਪ ਨੰਬਰ ਬੰਦ ਕਰ ਦਿੱਤੇ ਹਨ ਜਾਂ ਆਪਣੀਆਂ ਦੁਕਾਨਾਂ ਅਤੇ ਕਾਰੋਬਾਰ ਦੇ ਬਾਹਰ ਲੱਗੇ ਬੋਰਡਾਂ ਤੋਂ ਮੋਬਾਈਲ ਨੰਬਰ ਤੱਕ ਹਟਾ ਦਿੱਤੇ ਹਨ।
 ਸੂਤਰਾਂ ਅਨੁਸਾਰ ਧਮਕੀ ਦੇਣ ਵਾਲੇ ਅਨਸਰ ਇਹ ਵੀ ਚੇਤਾਵਨੀ ਦਿੰਦੇ ਹਨ ਕਿ ਜੇਕਰ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਤਾਂ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।ਇਸ ਕਾਰਨ ਕੁਝ ਲੋਕਾਂ ਵਲੋਂ ਡਰ ਦੇ ਮਾਹੌਲ ਹੇਠ ਮਾਮਲੇ ਨੂੰ ਜਨਤਕ ਕਰਨ ਦੀ ਬਜਾਏ ਅੰਦਰੂਨੀ ਤੌਰ 'ਤੇ ਸਮਝੌਤੇ ਕਰਕੇ ਪੈਸੇ ਦੇਣ ਦੀਆਂ ਵੀ ਚਰਚਾਵਾਂ ਹਨ।[FACTBOX]
 ਵਪਾਰੀ ਵਰਗ ਦਾ ਕਹਿਣਾ ਹੈ ਕਿ ਅਜਿਹੇ ਹਾਲਾਤਾਂ ਵਿੱਚ ਕਾਰੋਬਾਰ ਕਰਨਾ ਦਿਨੋਂ-ਦਿਨ ਮੁਸ਼ਕਲ ਹੁੰਦਾ ਜਾ ਰਿਹਾ ਹੈ।ਲੋਕ ਨਵਾਂ ਕਾਰੋਬਾਰ ਸ਼ੁਰੂ ਕਰਨ,ਜਾਇਦਾਦ ਵਿੱਚ ਨਿਵੇਸ਼ ਕਰਨ ਜਾਂ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਤੋਂ ਪਹਿਲਾਂ ਕਈ ਵਾਰ ਸੋਚਣ ਲਈ ਮਜਬੂਰ ਹਨ।ਵਪਾਰੀਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗੈਂਗਸਟਰਵਾਦ ਅਤੇ ਫ਼ਿਰੌਤੀਆਂ ਦੇ ਵਧ ਰਹੇ ਰੁਝਾਨ 'ਤੇ ਸਖ਼ਤੀ ਨਾਲ ਨੱਥ ਪਾਈ ਜਾਵੇ ਤਾਂ ਜੋ ਆਮ ਲੋਕਾਂ ਅਤੇ ਵਪਾਰੀ ਵਰਗ ਵਿੱਚ ਸੁਰੱਖਿਆ ਦੀ ਭਾਵਨਾ ਮੁੜ ਬਹਾਲ ਹੋ ਸਕੇ।
 ਵਪਾਰੀ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਪ੍ਰਭਾਵਸ਼ਾਲੀ ਹੱਲ ਨਾ ਕੀਤਾ ਗਿਆ ਤਾਂ ਇਸ ਦਾ ਅਸਰ ਨਾ ਸਿਰਫ ਕਾਰੋਬਾਰਾਂ 'ਤੇ ਸਗੋਂ ਸੂਬੇ ਦੀ ਆਰਥਿਕਤਾ ਅਤੇ ਨਿਵੇਸ਼ ਦੇ ਮਾਹੌਲ 'ਤੇ ਵੀ ਪੈ ਸਕਦਾ ਹੈ।
 ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਫਿਰੌਤੀ ਜਾਂ ਧਮਕੀ ਸਬੰਧੀ ਕੋਈ ਵੀ ਕਾਲ,ਵਟਸਐਪ ਸੁਨੇਹਾ ਜਾਂ ਸੋਸ਼ਲ ਮੀਡੀਆ ਰਾਹੀਂ ਪ੍ਰਾਪਤ ਹੋਈ ਧਮਕੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਸਾਈਬਰ ਸੈੱਲ ਨਾਲ ਸੰਪਰਕ ਕੀਤਾ ਜਾਵੇ। ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਮਾਮਲਿਆਂ ਦੀ ਤਕਨੀਕੀ ਅਤੇ ਖੁਫੀਆ ਪੱਧਰ 'ਤੇ ਜਾਂਚ ਕੀਤੀ ਜਾਂਦੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਲਈ ਵਿਸ਼ੇਸ਼ ਟੀਮਾਂ ਕੰਮ ਕਰ ਰਹੀਆਂ ਹਨ। ਪੁਲਿਸ ਨੇ ਭਰੋਸਾ ਦਿਵਾਇਆ ਕਿ ਸ਼ਿਕਾਇਤਕਰਤਾਵਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਲੋਕ ਬਿਨਾਂ ਕਿਸੇ ਡਰ ਦੇ ਪੁਲਿਸ ਦਾ ਸਹਿਯੋਗ ਕਰਨ।

Posted By: GURBHEJ SINGH ANANDPURI

Latest News