ਸ਼੍ਰੋਮਣੀ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਬੰਦ ਕਮਰੇ ਵਿੱਚ ਨਹੀਂ ਤਿਆਰ ਹੋਵੇਗਾ -ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ ਬੰਦ ਕਮਰੇ ਵਿੱਚ ਨਹੀਂ ਤਿਆਰ ਹੋਵੇਗਾ -ਸੁਖਬੀਰ ਸਿੰਘ ਬਾਦਲ

ਚੋਣ ਮਨੋਰਥ ਲੋਕਾਂ ਦੇ ਮਸ਼ਵਰਿਆਂ, ਇੱਛਾਵਾਂ ਅਤੇ ਜ਼ਰੂਰਤਾਂ ਅਨੁਸਾਰ ਤਿਆਰ ਹੋਵੇਗਾ।

ਬਿੰਦਰ ਸਿੰਘ ਖੁੱਡੀ ਕਲਾਂ / ਮੰਗਤ ਸਿੰਘ ਸੈਦਪੁਰ
ਚੰਡੀਗੜ੍ਹ,17 ਅਕਤੂਬਰ 2026

​: ਪੰਜਾਬ ਵਿਧਾਨ ਸਭਾ 2027 ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਚੋਣ ਰਣਨੀਤੀ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸੇ ਸਿਲਸਿਲੇ ਵਿੱਚ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਇੱਕ ਉੱਚ-ਪੱਧਰੀ ਅਤੇ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਾਰਟੀ ਲੀਡਰਸ਼ਿਪ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ, ਬੀ.ਸੀ. ਵਿੰਗ ਅਤੇ ਯੂਥ ਵਿੰਗ ਦੇ ਪ੍ਰਮੁੱਖ ਆਗੂਆਂ ਅਤੇ ਭਾਰੀ ਗਿਣਤੀ ਵਿੱਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ, ਆਗਾਮੀ ਚੋਣਾਂ ਦੀ ਰਣਨੀਤੀ ਅਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਲੋਕ ਹਿੱਤ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਮੌਜੂਦਾ ਰਾਜਸੀ ਹਾਲਾਤਾਂ ਦਾ ਡੂੰਘਾਈ ਨਾਲ ਜਾਇਜ਼ਾ ਲਿਆ ਗਿਆ ਅਤੇ ਆਗਾਮੀ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਵੱਖ-ਵੱਖ ਮੋਰਚਿਆਂ 'ਤੇ ਕੰਮ ਕਰਨ ਦੀ ਰੂਪ-ਰੇਖਾ ਉਲੀਕੀ ਗਈ। ਆਗੂਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਥ ਅਤੇ ਪੰਜਾਬ ਦੀ ਸੱਚੀ ਨੁਮਾਇੰਦਾ ਜਥੇਬੰਦੀ ਹੋਣ ਦੇ ਨਾਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮਕਸਦ ਹਮੇਸ਼ਾ ਤੋਂ ਹੀ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਅੱਗੇ ਵਧਾਉਣਾ ਰਿਹਾ ਹੈ। ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਵਿੰਗਾਂ ਦੇ ਨੁਮਾਇੰਦਿਆਂ ਨੇ ਆਪੋ-ਆਪਣੇ ਹਲਕਿਆਂ ਵਿੱਚ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਕੀਮਤੀ ਸੁਝਾਅ ਸਾਂਝੇ ਕੀਤੇ ਅਤੇ ਪਾਰਟੀ ਹਾਈਕਮਾਂਡ ਨੂੰ ਪੂਰਨ ਤੌਰ 'ਤੇ ਵਿਸ਼ਵਾਸ ਦਿਵਾਇਆ ਕਿ ਵਰਕਰ ਜ਼ਮੀਨੀ ਪੱਧਰ 'ਤੇ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣਗੇ।


ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾਵਾਰ ਚਲਾਈ ਜਾ ਰਹੀ 'ਡੋਰ-ਟੂ-ਡੋਰ' ਮੁਹਿੰਮ ਦੀ ਪ੍ਰਗਤੀ ਬਾਰੇ ਵੀ ਸਮੀਖਿਆ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੰਜਾਬ ਭਰ ਤੋਂ ਲੋਕਾਂ ਵੱਲੋਂ ਬਹੁਤ ਹੀ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਵੱਲੋਂ ਮਿਲ ਰਹੇ ਸੁਝਾਵਾਂ, ਉਨ੍ਹਾਂ ਦੀਆਂ ਪ੍ਰਮੁੱਖ ਲੋੜਾਂ, ਮੁਸ਼ਕਿਲਾਂ ਅਤੇ ਇੱਛਾਵਾਂ ਨੂੰ ਬਾਰੀਕੀ ਨਾਲ ਨੋਟ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਸਭ ਨੂੰ ਪਾਰਟੀ ਦੇ ਆਉਣ ਵਾਲੇ ਚੋਣ ਮੈਨੀਫ਼ੈਸਟੋ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੈਨੀਫ਼ੈਸਟੋ ਕਿਸੇ ਬੰਦ ਕਮਰੇ ਵਿੱਚ ਤਿਆਰ ਨਹੀਂ ਕੀਤਾ ਜਾਵੇਗਾ, ਸਗੋਂ ਇਹ ਸੂਬੇ ਦੇ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਨੌਜਵਾਨਾਂ, ਬੀ.ਸੀ. ਅਤੇ ਐੱਸ.ਸੀ. ਵਰਗਾਂ ਦੀ ਅਸਲ ਰਾਇ ਅਤੇ ਆਸਾਂ ਦੇ ਅਨੁਸਾਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਅਤੇ ਪੰਜਾਬੀਆਂ ਦੀਆਂ ਸੱਚੀਆਂ ਉਮੀਦਾਂ ਨੂੰ ਪੂਰਾ ਕੀਤਾ ਜਾ ਸਕੇ।
​ ਮੀਟਿੰਗ ਵਿੱਚ ਨੌਜਵਾਨ ਸ਼ਕਤੀ ਦੀ ਭੂਮਿਕਾ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਕਿਹਾ ਗਿਆ ਕਿ ਯੂਥ ਵਿੰਗ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਜੋ ਹਰ ਚੋਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਦੇ ਨਾਲ ਹੀ ਐੱਸ.ਸੀ. ਅਤੇ ਬੀ.ਸੀ. ਵਿੰਗਾਂ ਦੇ ਆਗੂਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਵਰਕਰਾਂ ਨੂੰ ਨਾਲ ਲੈ ਕੇ ਸਮਾਜ ਦੇ ਪਛੜੇ ਅਤੇ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ। ਪਾਰਟੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਰਬਸਾਂਝੀਵਾਲਤਾ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਰ ਵਰਗ ਦੇ ਸਤਿਕਾਰ ਅਤੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ।
​ ਪੰਜਾਬ ਦੀ ਭਲਾਈ, ਅਮਨ-ਸ਼ਾਂਤੀ ਅਤੇ ਤਰੱਕੀ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦੀ ਸੂਚੀ ਵਿੱਚ ਹਮੇਸ਼ਾ ਸਭ ਤੋਂ ਉੱਤੇ ਰਹੀ ਹੈ। ਮੀਟਿੰਗ ਦੇ ਅੰਤ ਵਿੱਚ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੇ ਇੱਕ ਸੁਰ ਵਿੱਚ ਪ੍ਰਣ ਲਿਆ ਕਿ ਉਹ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਸੂਬੇ ਦੀ ਮੁੜ-ਤਰੱਕੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਪਾਰਟੀ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕਰਨਗੇ ਅਤੇ ਪੰਜਾਬ ਨੂੰ ਪੁਰਾਣੇ ਲੀਹਾਂ 'ਤੇ ਲਿਆਉਣ ਲਈ ਆਪਣਾ ਯੋਗਦਾਨ ਪਾਉਣਗੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.