ਤਰਨਤਾਰਨ ਦੇ ਚਾਰ ਅਧਿਆਪਕਾਂ ਨੂੰ ਸਟੇਟ ਐਵਾਰਡ ਮਿਲਣਾ ਮਾਣ ਵਾਲੀ ਗੱਲ : ਸੁਪਰਡੈਂਟ ਸਰਬਜੀਤ ਸਿੰਘ
- ਰਾਸ਼ਟਰੀ
- (Asia/Kolkata)
ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ ਦੀ ਅਗਵਾਈ ਦੀ ਕੀਤੀ ਸ਼ਲਾਘਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,6 ਸਤੰਬਰ
ਜ਼ਿਲ੍ਹਾ ਤਰਨਤਾਰਨ ਦੇ ਚਾਰ ਮਿਹਨਤੀ ਅਤੇ ਸਮਰਪਿਤ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਲਈ ਸਟੇਟ ਐਵਾਰਡ ਵਰਗੇ ਮਾਣਮੱਤੇ ਸਨਮਾਨ ਨਾਲ ਨਿਵਾਜੇ ਜਾਣ ’ਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਤਰਨਤਾਰਨ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਾਰਦਿਕ ਮੁਬਾਰਕਬਾਦ ਦਿੱਤੀ ਗਈ ਹੈ। ਸੁਪਰਡੈਂਟ ਸਰਬਜੀਤ ਸਿੰਘ ਚੋਹਲਾ ਸਾਹਿਬ ਨੇ ਇਸ ਪ੍ਰਾਪਤੀ ਨੂੰ ਸਮੁੱਚੇ ਜ਼ਿਲ੍ਹੇ ਲਈ ਮਾਣ ਅਤੇ ਗੌਰਵ ਦਾ ਵਿਸ਼ਾ ਕਰਾਰ ਦਿੱਤਾ।
ਸਰਬਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੀਵ ਕੁਮਾਰ ਛਾਬੜਾ ਦੀ ਸੁਚੱਜੀ ਅਗਵਾਈ, ਦੂਰਦਰਸ਼ੀ ਸੋਚ, ਨਿਰੰਤਰ ਹੌਸਲਾ-ਅਫ਼ਜ਼ਾਈ ਅਤੇ ਅਧਿਆਪਕ ਵਰਗ ਪ੍ਰਤੀ ਸਨੇਹ ਤੇ ਸਤਿਕਾਰ ਸਦਕਾ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਆਪਣੀ ਪ੍ਰਤਿਭਾ ਅਤੇ ਸਮਰੱਥਾ ਦਾ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਟੇਟ ਐਵਾਰਡ ਨਾਲ ਸਨਮਾਨਿਤ ਹੋਣ ਵਾਲਿਆਂ ਵਿੱਚ ਅਰੁਣ ਕੁਮਾਰ ਸ਼ਰਮਾ, ਸਾਇੰਸ ਮਾਸਟਰ, ਪੀਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੱਟੀ, ਸੁਖਜਿੰਦਰਪਾਲ ਸਿੰਘ, ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ, ਸੁਖਜੀਤ ਕੌਰ, ਪੀਟੀਆਈ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਅਤੇ ਨੀਰਜ ਸੇਠੀ, ਸੈਂਟਰ ਹੈੱਡ ਟੀਚਰ, ਪੰਡੋਰੀ ਗੋਲਾ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਇਹ ਉਪਲਬਧੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਿੱਖਿਆ ਪ੍ਰਤੀ ਸਮਰਪਣ ਦਾ ਨਤੀਜਾ ਹੈ। ਸਟੇਟ ਪੱਧਰ ’ਤੇ ਮਿਲਿਆ ਇਹ ਸਨਮਾਨ ਹੋਰਨਾਂ ਅਧਿਆਪਕਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗਾ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਬਿਹਤਰ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰੇਗਾ।
ਸਰਬਜੀਤ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੀਵ ਕੁਮਾਰ ਛਾਬੜਾ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਸਮਰੱਥਾ ਨੂੰ ਪਛਾਣ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸਨਮਾਨਿਤ ਅਧਿਆਪਕਾਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਭਵਿੱਖ ਵਿੱਚ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਰਾਹੀਂ ਜ਼ਿਲ੍ਹਾ ਤਰਨਤਾਰਨ ਦਾ ਨਾਮ ਰੌਸ਼ਨ ਕਰਦੇ ਰਹਿਣਗੇ।
Leave a Reply