ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ- ਗਿਆਨੀ ਕੁਲਦੀਪ ਸਿੰਘ ਗੜਗੱਜ

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ- ਗਿਆਨੀ ਕੁਲਦੀਪ ਸਿੰਘ ਗੜਗੱਜ

ਨੌਜੁਆਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬਾਣੀ ਬਾਣੇ ਨਾਲ ਜੋੜਨ ਦੀ ਵੱਡੀ ਲਹਿਰ ਬਣਿਆ ਮੀਰੀ ਪੀਰੀ ਖਾਲਸਾ ਮਾਰਚ- ਐਡਵੋਕੇਟ ਧਾਮੀ
- ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ ਤੋਂ ਅਗਲੇ ਪੜਾਅ ਬਾਬਾ ਬਕਾਲਾ ਸਾਹਿਬ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ
ਬਟਾਲਾ/ਅੰਮ੍ਰਿਤਸਰ, 23 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  -ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਆਪਣੇ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਪਾਤਸ਼ਾਹੀ ਪੰਜਵੀਂ, ਓਠੀਆਂ, ਬਟਾਲਾ ਤੋਂ ਖ਼ਾਲਸਈ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਲਈ ਰਵਾਨਾ ਹੋਇਆ।

 ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। 

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਜਾਗਰੂਕਤਾ, ਗੁਰਮਤਿ ਚੇਤਨਾ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੀ ਇੱਕ ਵੱਡੀ ਲਹਿਰ ਹੈ। ਇਸ ਮਾਰਚ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਹੈ ਕਿ ਇਸ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬਾਣੀ-ਬਾਣੇ ਨਾਲ ਜੋੜਨ ਦਾ ਸੁਨੇਹਾ ਪਿੰਡ-ਪਿੰਡ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿੱਚ ਨਸ਼ਿਆਂ ਸਬੰਧੀ ਚਿੰਤਾਜਨਕ ਗੱਲਾਂ ਨੇ ਇਹ ਅਹਿਸਾਸ ਹੋਰ ਗਹਿਰਾ ਕੀਤਾ ਹੈ ਕਿ ਜੇ ਅਸੀਂ ਆਪਣੇ ਬੱਚਿਆਂ ਨੂੰ ਬਚਾਉਣਾ ਹੈ ਤਾਂ ਕੇਵਲ ਸਰਕਾਰੀ ਦਾਅਵਿਆਂ ਦੀ ਉਡੀਕ ਨਹੀਂ ਕੀਤੀ ਜਾ ਸਕਦੀ। ਨੌਜਾਵਾਨਾਂ ਨੂੰ ਗੁਰੂ ਦੀ ਵਿਚਾਰਧਾਰਾ, ਅੰਮ੍ਰਿਤ ਦੀ ਦਾਤ ਅਤੇ ਗੁਰਮਤਿ ਜੀਵਨ ਨਾਲ ਜੋੜਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਲੰਮੇ ਸਮੇਂ ਤੋਂ ਲਟਕ ਰਿਹਾ ਮਸਲਾ ਵੀ ਪੰਥ ਦੇ ਸਾਹਮਣੇ ਗੰਭੀਰ ਚੁਣੌਤੀ ਵਜੋਂ ਮੌਜੂਦ ਹੈ।ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਪੰਥ ਨੂੰ ਇਕਜੁੱਟ ਹੋਣ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਮਾਰਚ ਦੀ ਸੰਪੂਰਨਤਾ ਤੋਂ ਬਾਅਦ ਹਰ ਹਲਕੇ ਵਿੱਚ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ, ਤਾਂ ਜੋਂ ਹਰ ਪਿੰਡ ਵਿੱਚ ਗੁਰਮਤਿ ਦੀ ਗੱਲ ਹੋਵੇ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਦਾ ਯਤਨ ਹੋਵੇ। ਉਨ੍ਹਾਂ ਕਿਹਾ ਕਿ ਇਸ ਲਈ ਇਸ ਲਹਿਰ ਨੂੰ ਅੱਗੇ ਵੀ ਨਿਰੰਤਰ ਜਾਰੀ ਰੱਖਣਾ ਅਤੇ ਗੁਰੂ ਸਾਹਿਬ ਦੀ ਬਖ਼ਸ਼ੀ ਬਾਣੀ-ਬਾਣੇ ਦੀ ਦਾਤ ਨੂੰ ਜੀਵਨ ਦਾ ਹਿੱਸਾ ਬਣਾਉਣਾ ਹੀ ਸਾਡਾ ਅਸਲ ਪੰਥਕ ਫਰਜ਼ ਹੈ।

ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਵਿੱਚ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬਾਨ ਪ੍ਰਤੀ ਆਪਣੀ ਸ਼ਰਧਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਪੰਥ ਪ੍ਰਤੀ ਸਮਰਪਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮੀਰੀ-ਪੀਰੀ ਖ਼ਾਲਸਾ ਮਾਰਚ ਵਿਲੱਖਣ ਇਤਿਹਾਸਕ ਉਪਰਾਲਾ ਹੈ, ਜੋ ਪੰਜਾਬ ਦੇ ਹਜ਼ਾਰਾਂ ਪਿੰਡਾਂ ਦੇ ਕੋਨਿਆਂ ਵਿੱਚੋਂ ਹੁੰਦਾ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਦਾ ਹੋਇਆ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮਾਰਚ ਨੇ ਉਨ੍ਹਾਂ ਧਾਰਨਾਵਾਂ ਨੂੰ ਵੀ ਗਲਤ ਸਾਬਤ ਕੀਤਾ ਹੈ ਕਿ ਸਿੱਖ ਪੰਥ ਢਿੱਲਾ ਜਾਂ ਕਮਜ਼ੋਰ ਪੈ ਗਿਆ ਹੈ। ਹਕੀਕਤ ਇਹ ਹੈ ਕਿ ਜਦੋਂ ਪੰਥਕ ਸੱਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੁੜਿਆ ਹੋਵੇ ਤਾਂ ਸੰਗਤਾਂ ਅੱਜ ਵੀ ਵੱਡੀ ਗਿਣਤੀ ਵਿੱਚ ਇਕੱਠੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਨੌਜਵਾਨਾਂ ਦੀ ਸ਼ਮੂਲੀਅਤ ਇਸ ਮਾਰਚ ਦੀ ਵੱਡੀ ਪ੍ਰਾਪਤੀ ਰਹੀ ਹੈ। ਹਜ਼ਾਰਾਂ ਨੌਜਵਾਨਾਂ ਵੱਲੋਂ ਕੇਸ ਰੱਖਣ ਅਤੇ ਗੁਰੂ ਦੀ ਵਿਚਾਰਧਾਰਾ ਨਾਲ ਜੁੜਨ ਦਾ ਪ੍ਰਣ ਕਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਨੌਜਵਾਨੀ ਅੰਦਰ ਗੁਰਬਾਣੀ, ਗੁਰੂ-ਸਿਧਾਂਤ ਅਤੇ ਪੰਥਕ ਚੇਤਨਾ ਪ੍ਰਤੀ ਡੂੰਘੀ ਖਿੱਚ ਅੱਜ ਵੀ ਮੌਜੂਦ ਹੈ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਨਿਭਾਈ। ਖ਼ਾਲਸਾ ਮਾਰਚ ਦੌਰਾਨ ਜਿਥੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸੀਨੀਅਰ ਅਕਾਲੀ ਆਗੂ ਤੇ ਹਲਕਾ ਇੰਚਾਰਜ ਸ. ਲਖਬੀਰ ਸਿੰਘ ਲੋਧੀ ਨੰਗਲ, ਸ੍ਰੀ ਨਰੇਸ਼ ਮਹਾਜਨ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਸਤਨਾਮ ਸਿੰਘ ਰਿਆੜ, ਇੰਚਾਰਜ ਸ. ਮਨਦੀਪ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਅਕਾਲੀ ਆਗੂ ਸ. ਸੰਤੋਖ ਸਿੰਘ, ਸ. ਬਲਜਿੰਦਰ ਸਿੰਘ ਬੱਜੂਮਾਨ, ਸ. ਅਮਰੀਕ ਸਿੰਘ ਬਾਲੇਵਾਲ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ ਦੇ ਮੈਨੇਜਰ ਸ. ਦਵਿੰਦਰ ਸਿੰਘ, ਬਾਬਾ ਮੇਜਰ ਸਿੰਘ ਸੋਢੀ ਵੱਲੋਂ ਨਿਹੰਗ ਸਿੰਘ, ਬਾਬਾ ਗੁਰਪ੍ਰੀਤ ਸਿੰਘ ਕਾਰ ਸੇਵਾ ਵਾਲੇ, ਬਾਬਾ ਮਨਜੀਤ ਸਿੰਘ ਮੜੀਆਂਵਾਲਾ, ਬਾਬਾ ਹਰਜਿੰਦਰ ਸਿੰਘ, ਬਾਬਾ ਬਲਦੇਵ ਸਿੰਘ ਲੋਪੋਕੇ, ਬਾਬਾ ਕਸ਼ਮੀਰ ਸਿੰਘ, ਬਾਬਾ ਬਲਦੇਵ ਸਿੰਘ ਮੁਤਫ਼ਾਪੁਰ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗਿਆਨੀ ਬਲਦੇਵ ਸਿੰਘ ਮੁਹਾਲੀ, ਸ. ਭੁਪਿੰਦਰ ਸਿੰਘ ਬੁੱਟਰ, ਸ. ਮੋਹਨਦੀਪ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.