ਖਾਲਸਾ ਕਾਲਜ ਚੋਹਲਾ ਸਾਹਿਬ 'ਚ ਖਾਲਸਾ ਪੰਥ ਦੇ ਸਾਜਣਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ
'ਨੈਤਿਕ ਸਿੱਖਿਆ' ਪ੍ਰੀਖਿਆ 'ਚ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,3 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿੱਚ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਧਾਰਮਿਕ ਵਿਭਾਗ ਦੇ ਮੁਖੀ ਪ੍ਰੋ.ਕਿਰਨਜੀਤ ਕੌਰ ਦੀ ਯੋਗ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ‘ਨੈਤਿਕ ਸਿੱਖਿਆ’ ਪ੍ਰੀਖਿਆ ਦੇ ਨਤੀਜੇ ਵੀ ਐਲਾਨੇ ਗਏ।ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਗੁਰਮਤਿ ਮੁੱਲਾਂ ਅਤੇ ਉੱਚੇ ਆਚਰਨ ਦੀ ਪ੍ਰੇਰਨਾ ਪੈਦਾ ਕਰਨਾ ਸੀ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹਰਜਿੰਦਰ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਖਾਲਸਾ ਪੰਥ ਦੀ ਸਥਾਪਨਾ,ਇਸ ਦੀ ਮਹੱਤਤਾ ਅਤੇ ਅਜੋਕੀ ਪੀੜ੍ਹੀ ਲਈ ਇਸ ਦੇ ਸੰਦੇਸ਼ ਬਾਰੇ ਵਿਸਥਾਰ ਨਾਲ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਖਾਲਸਾ ਸਿਰਫ਼ ਇੱਕ ਪਹਿਚਾਣ ਨਹੀਂ,ਸਗੋਂ ਸੱਚਾਈ,ਹਿੰਮਤ ਅਤੇ ਨਿਆਂ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਹੈ।
ਉਨ੍ਹਾਂ ਨੇ ਇਹ ਵੀ ਉਲੇਖ ਕੀਤਾ ਕਿ ਆਧੁਨਿਕ ਜੀਵਨ ਵਿੱਚ ਨੈਤਿਕ ਮੁੱਲਾਂ ਦੀ ਬਹੁਤ ਜ਼ਰੂਰਤ ਹੈ,ਜੋ ਵਿਅਕਤੀ ਨੂੰ ਸਫਲ ਅਤੇ ਸਮਾਜ ਲਈ ਲਾਭਕਾਰੀ ਬਣਾਉਂਦੇ ਹਨ। ਇਸ ਦੌਰਾਨ ਸਾਲ 2025 ਦੀ ਨੈਤਿਕ ਸਿੱਖਿਆ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਅਤੇ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਪੱਧਰ ‘ਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਮਨਜੋਤ ਕੌਰ ਨੇ ਪਹਿਲਾ, ਸੁਖਮਨਪ੍ਰੀਤ ਕੌਰ ਨੇ ਦੂਜਾ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪੱਧਰ ‘ਤੇ ਬੀਏ ਭਾਗ ਦੂਜਾ ਦੀ ਵਿਦਿਆਰਥਣ ਨਵਜੋਤ ਕੌਰ ਨੇ ਪਹਿਲਾ, ਬੀਸੀਏ ਦੀ ਰਮਨਦੀਪ ਕੌਰ ਨੇ ਦੂਜਾ ਅਤੇ ਬੀਏ ਭਾਗ ਦੂਜਾ ਦੀ ਕਵਲਜੀਤ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਇਸ ਤੋਂ ਇਲਾਵਾ, ਸਟੱਡੀ ਸਰਕਲ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੀਆਂ ਵਿਦਿਆਰਥਣਾਂ ਵੀਰਪਾਲ ਕੌਰ ਅਤੇ ਮਹਿਕਪ੍ਰੀਤ ਕੌਰ ਨੂੰ ਵਿਸ਼ੇਸ਼ ਸਨਮਾਨ ਚਿੰਨ ਦੇ ਕੇ ਨਵਾਜਿਆ ਗਿਆ।ਅੰਤ ਵਿੱਚ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਗਿੱਲ ਨੇ ਮੁੱਖ ਮਹਿਮਾਨ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਉਨ੍ਹਾਂ ਵੱਲੋਂ ਸਾਂਝੇ ਕੀਤੇ ਗੁਰਮਤਿ ਅਤੇ ਨੈਤਿਕ ਮੁੱਲਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ । ਉਨ੍ਹਾਂ ਨੇ ਇਨਾਮ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ‘ਤੇ ਕਾਲਜ ਦਾ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
Posted By: GURBHEJ SINGH ANANDPURI