ਨਵੰਬਰ 1984 ਦੇ ਪੀੜਤਾਂ ਨੂੰ ਇਨਸਾਫ਼ ਨਾ ਮਿਲਣਾ ਹਕੂਮਤਾਂ ਦੇ ਮੱਥੇ ’ਤੇ ਕਲੰਕ: ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ
- ਰਾਜਨੀਤੀ
- (Asia/Kolkata)
ਅੰਮ੍ਰਿਤਸਰ 4 ਨਵੰਬਰ , ਨਜ਼ਰਾਨਾ ਟਾਈਮਜ ਬਿਊਰੋ
ਪੰਥਕ ਆਗੂ ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਬੇਦੋਸ਼ੇ ਸਿੱਖਾਂ ਦੇ ਕਤਲ, ਬੀਬੀਆਂ ਦੀ ਬੇਪਤੀ ਅਤੇ ਘਰਾਂ ਤੇ ਗੁਰਦੁਆਰਿਆਂ ਨੂੰ ਸਾੜਨ ਦੇ ਜ਼ਖ਼ਮ ਅੱਜ ਵੀ ਕੌਮ ਦੇ ਸੀਨੇ ਵਿੱਚ ਤਾਜ਼ੇ ਹਨ। ਉਨ੍ਹਾਂ ਕਿਹਾ ਕਿ ਇਹ ਆਮ ਫ਼ਿਰਕੂ ਝੜਪਾਂ ਨਹੀਂ ਸਨ, ਸਗੋਂ ਸਿੱਖਾਂ ਨੂੰ ਉਨ੍ਹਾਂ ਦੀ ਧਾਰਮਿਕ ਪਛਾਣ ਕਾਰਨ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ 42 ਸਾਲ ਬੀਤਣ ਮਗਰੋਂ ਵੀ ਸਮੁੱਚਾ ਇਨਸਾਫ਼ ਨਾ ਮਿਲਣਾ ਹਕੂਮਤਾਂ ਅਤੇ ਨਿਆਂ ਪ੍ਰਣਾਲੀ ਦੀ ਜਵਾਬਦੇਹੀ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪੀੜਤ ਪਰਿਵਾਰਾਂ ਨੂੰ ਸਿਰਫ਼ ਹਮਦਰਦੀ ਦੇ ਬਿਆਨ ਸੁਣਾ ਕੇ ਟਾਲਿਆ ਨਹੀਂ ਜਾ ਸਕਦਾ। ਕਤਲੇਆਮ ਵਿੱਚ ਸ਼ਾਮਲ ਵਿਅਕਤੀਆਂ, ਉਨ੍ਹਾਂ ਦੇ ਸਿਆਸੀ ਸਰਪ੍ਰਸਤਾਂ ਅਤੇ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਵਾਲੇ ਅਧਿਕਾਰੀਆਂ ਦੀ ਭੂਮਿਕਾ ਦੀ ਨਿਰਪੱਖ ਜਾਂਚ ਕਰਕੇ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਭਾਈ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਆਪਣੇ ਨਾਲ ਹੋਏ ਇਸ ਕਹਿਰ ਨੂੰ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰਾਂ ਦੀ ਬਾਂਹ ਫੜੀ ਜਾਵੇ, ਨੌਜਵਾਨ ਪੀੜ੍ਹੀ ਨੂੰ ਸੱਚੇ ਇਤਿਹਾਸ ਨਾਲ ਜੋੜਿਆ ਜਾਵੇ ਅਤੇ ਸਬੂਤਾਂ ਤੇ ਗਵਾਹੀਆਂ ਨੂੰ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਇਨਸਾਫ਼, ਕੌਮੀ ਮਾਣ ਅਤੇ ਮਨੁੱਖੀ ਹੱਕਾਂ ਲਈ ਇਕਜੁੱਟ, ਸ਼ਾਂਤਮਈ ਅਤੇ ਦ੍ਰਿੜ੍ਹ ਸੰਘਰਸ਼ ਜਾਰੀ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
Leave a Reply