ਜਾਂਚ ਰਿਪੋਰਟ ਤੋਂ ਪਹਿਲਾਂ ਇਕਪਾਸੜ ਬਿਆਨਬਾਜ਼ੀ ਕਰਨਾ ਉੱਚਿਤ ਨਹੀਂ- ਸ਼੍ਰੋਮਣੀ ਕਮੇਟੀ ਅਹੁਦੇਦਾਰ

ਜਾਂਚ ਰਿਪੋਰਟ ਤੋਂ ਪਹਿਲਾਂ ਇਕਪਾਸੜ ਬਿਆਨਬਾਜ਼ੀ ਕਰਨਾ ਉੱਚਿਤ ਨਹੀਂ- ਸ਼੍ਰੋਮਣੀ ਕਮੇਟੀ ਅਹੁਦੇਦਾਰ

ਅੰਮ੍ਰਿਤਸਰ, 5 ਅਕਤੂਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ 

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਗਠਿਤ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਕਿਸੇ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਅੰਤਿਮ ਸੱਚ ਮੰਨ ਲੈਣਾ ਅਤੇ ਉਸ ਦੇ ਆਧਾਰ ’ਤੇ ਇਕਪਾਸੜ ਧਾਰਨਾ ਬਣਾਉਣਾ ਨਿਆਂਸੰਗਤ ਨਹੀਂ ਹੈ। ਇਸ ਤਰ੍ਹਾਂ ਦੀ ਇਕਪਾਸੜ ਬਿਆਨਬਾਜ਼ੀ ਨਾ ਸਿਰਫ਼ ਮਾਮਲੇ ਦੀ ਨਿਰਪੱਖਤਾ ਨੂੰ ਪ੍ਰਭਾਵਿਤ ਕਰਦੀ ਹੈ, ਸਗੋਂ ਜਾਂਚ ਦੀ ਦਿਸ਼ਾ ਬਾਰੇ ਵੀ ਗ਼ਲਤ ਧਾਰਨਾ ਪੈਦਾ ਕਰ ਸਕਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਬਾਵਾ ਸਿੰਘ ਗੁਮਾਨਪੁਰਾ ਤੇ ਸ. ਅਮਰਜੀਤ ਸਿੰਘ ਬੰਡਾਲਾ ਨੇ ਸੋਸ਼ਲ ਮੀਡੀਆ ’ਤੇ ਸਿੱਖ ਸ਼ਖ਼ਸੀਅਤਾਂ ਅਤੇ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਜਾ ਰਹੇ ਗ਼ਲਤ ਪ੍ਰਚਾਰ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ।

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦਿਆਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਵੀ ਦਰਜ ਹੋਈ ਐਫਆਈਆਰ ਦੇ ਮਾਮਲੇ ਵਿਚ ਪੜਤਾਲ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਵਿਚ ਜਾਂਚ ਦੇ ਨਤੀਜੇ ਤੋਂ ਪਹਿਲਾਂ ਹੀ ਕਿਸੇ ਇੱਕ ਪੱਖ ਦੇ ਬਿਆਨ ਨੂੰ ਪੂਰਾ ਸੱਚ ਮੰਨ ਲੈਣਾ ਅਤੇ ਕਿਸੇ ਵਿਅਕਤੀ, ਸੰਸਥਾ ਜਾਂ ਅਹੁਦੇਦਾਰ ਬਾਰੇ ਨਿਰਣਾ ਸੁਣਾ ਦੇਣਾ ਨਿਰਪੱਖ ਜਾਂਚ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਵਾਲਾ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਹ ਵੀ ਜ਼ਰੂਰੀ ਹੈ ਕਿ ਇਸ ਤਰ੍ਹਾਂ ਦੇ ਸੰਵੇਦਨਸ਼ੀਲ ਮਾਮਲਿਆਂ ਨੂੰ ਸੋਸ਼ਲ ਮੀਡੀਆ ਦੀਆਂ ਧਾਰਨਾਵਾਂ ਜਾਂ ਇਕਪਾਸੜ ਬਿਆਨਬਾਜ਼ੀ ਦੇ ਆਧਾਰ ’ਤੇ ਨਹੀਂ, ਸਗੋਂ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਦੇਖਿਆ ਜਾਵੇ। ਜੇਕਰ ਕਿਸੇ ਵਿਅਕਤੀ ਵੱਲੋਂ ਕੋਈ ਦੋਸ਼ ਲਗਾਇਆ ਗਿਆ ਹੈ ਤਾਂ ਉਸ ਦੀ ਸੱਚਾਈ ਜਾਂਚ ਦਾ ਵਿਸ਼ਾ ਹੈ।

ਅਹੁਦੇਦਾਰਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਸਪੱਸ਼ਟ ਮਤ ਹੈ ਕਿ ਜੋ ਵੀ ਸੱਚ ਹੈ, ਉਹ ਜਾਂਚ ਰਿਪੋਰਟ ਰਾਹੀਂ ਤੱਥਾਂ ਸਮੇਤ ਸਾਹਮਣੇ ਆਉਣਾ ਚਾਹੀਦਾ ਹੈ। ਜੇਕਰ ਕਿਸੇ ਪੱਧਰ ’ਤੇ ਕੋਈ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਉਸ ਬਾਰੇ ਨਿਯਮਾਂ ਅਤੇ ਸੰਸਥਾਗਤ ਪ੍ਰਕਿਰਿਆ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ, ਪਰ ਜਾਂਚ ਪੂਰੀ ਹੋਣ ਤੋਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਨਾਲ ਜੁੜੀਆਂ ਸ਼ਖ਼ਸੀਅਤਾਂ ਬਾਰੇ ਨਕਾਰਾਤਮਕ ਧਾਰਨਾ ਬਣਾਉਣਾ ਕਿਸੇ ਵੀ ਤਰ੍ਹਾਂ ਉਚਿਤ ਨਹੀਂ।

ਉਨ੍ਹਾਂ ਕਿਹਾ ਕਿ ਇਹ ਗੱਲ ਵੀ ਮਹੱਤਵਪੂਰਨ ਹੈ ਕਿ ਸ਼੍ਰੋਮਣੀ ਕਮੇਟੀ ਕਿਸੇ ਵੀ ਮਾਮਲੇ ਨੂੰ ਦਬਾਉਣ ਜਾਂ ਅਣਦੇਖਾ ਕਰਨ ਦੇ ਪੱਖ ਵਿਚ ਨਹੀਂ ਹੈ। ਸੰਸਥਾ ਦੀ ਜ਼ਿੰਮੇਵਾਰੀ ਹੈ ਕਿ ਗੰਭੀਰ ਮਾਮਲਿਆਂ ਦੀ ਤੱਥਾਂ ਦੇ ਆਧਾਰ ’ਤੇ ਜਾਂਚ ਕਰਕੇ ਜੇਕਰ ਕੋਈ ਦੋਸ਼ੀ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਉਚਿਤ ਕਦਮ ਚੁੱਕੇ ਜਾਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਸਿਆਸੀ ਮੁਫ਼ਾਦ ਲਈ ਸਿੱਖ ਸੰਸਥਾ ਅਤੇ ਸ਼ਖ਼ਸੀਅਤਾਂ ਖਿਲਾਫ਼ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ। ਕਿਸੇ ਵੀ ਧਿਰ ਨੂੰ ਅਜਿਹੇ ਗੰਭੀਰ ਮਾਮਲੇ ’ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸੱਚਾਈ ਨੂੰ ਸਾਹਮਣੇ ਲਿਆਉਣ ਲਈ ਜਾਂਚ ਨੂੰ ਆਪਣਾ ਕੰਮ ਕਰਨ ਦਿੱਤਾ ਜਾਣਾ ਚਾਹੀਦਾ ਹੈ। ਕਿਸੇ ਵੀ ਤਰ੍ਹਾਂ ਦੀ ਇਕਪਾਸੜ ਬਿਆਨਬਾਜ਼ੀ ਜਾਂ ਬਿਨਾਂ ਤੱਥਾਂ ਦੇ ਨਤੀਜੇ ਕੱਢਣ ਦੀ ਬਜਾਏ ਨਿਰਪੱਖ ਜਾਂਚ ਅਤੇ ਤੱਥਾਂ ’ਤੇ ਭਰੋਸਾ ਕਰਨਾ ਹੀ ਸਿਆਣਪ ਹੈ। 

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਇਹ ਵੀ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸ਼ਖ਼ਸੀਅਤ ਸੱਚੀ ਸੁੱਚੀ ਅਤੇ ਇਮਾਨਦਾਰੀ ਵਾਲੀ ਹੈ। ਉਨ੍ਹਾਂ ਦੀਆਂ ਨਿਰਸਵਾਰਥ ਅਤੇ ਸਮਰਪਣ ਭਾਵ ਨਾਲ ਕੀਤੀਆਂ ਸੇਵਾਵਾਂ ਨੂੰ ਨਜ਼ਰਅੰਦਾਜ਼ ਕਰਕੇ ਬਿਨਾਂ ਤੱਥਾਂ ਤੋਂ ਇਲਜ਼ਾਮਬਾਜ਼ੀ ਕਰਨਾ ਉੱਚਿਤ ਨਹੀਂ। ਅਜਿਹੀ ਸ਼ਖ਼ਸੀਅਤ ਦੇ ਘਰ ਦੇ ਬਾਹਰ ਧਰਨੇ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਕਿਹਾ ਜਾ ਸਕਦਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.