Nazrana Times

ਪੰਜਾਬੀ

ਧਾਰਮਿਕ ਮੁਕਾਬਲਿਆਂ ਵਿੱਚ ਬਲਜੀਤ ਮੈਮੋਰੀਅਲ ਸਕੂਲ ਕਾਹਲਵਾਂ ਦੀ ਸ਼ਾਨਦਾਰ ਕਾਰਗੁਜ਼ਾਰੀ

21 Oct, 2026 06:26 PM

ਕੁਇੱਜ ਮੁਕਾਬਲਿਆਂ ਵਿੱਚ ਜੂਨੀਅਰ ਤੇ ਸੀਨੀਅਰ ਵਰਗ ਵਿੱਚ ਪਹਿਲਾ ਸਥਾਨ,ਹੋਰਨਾਂ ਮੁਕਾਬਲਿਆਂ ਵਿੱਚ ਵੀ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,21 ਅਕਤੂਬਰ 

ਪੰਡੋਰੀ ਰਣ ਸਿੰਘ ਸਥਿਤ ਭਾਈ ਗੁਰਦਾਸ ਅਕੈਡਮੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਤਾ-ਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਇਲਾਕੇ ਦੇ 20 ਤੋਂ ਵੱਧ ਨਾਮਵਰ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਕੁਇੱਜ ਮੁਕਾਬਲੇ (ਜੂਨੀਅਰ ਅਤੇ ਸੀਨੀਅਰ ਵਰਗ),ਸ਼ਬਦ ਗਾਇਨ,ਕਵੀਸ਼ਰੀ,ਗੁਰਬਾਣੀ ਕੰਠ (ਜੂਨੀਅਰ ਅਤੇ ਸੀਨੀਅਰ ਵਰਗ) ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ,ਕਾਹਲਵਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।ਵਿਦਿਆਰਥੀਆਂ ਨੇ ਕੁਇੱਜ ਮੁਕਾਬਲਿਆਂ ਦੇ ਜੂਨੀਅਰ ਅਤੇ ਸੀਨੀਅਰ ਦੋਵਾਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

ਇਸੇ ਤਰ੍ਹਾਂ ਗੁਰਬਾਣੀ ਕੰਠ ਦੇ ਜੂਨੀਅਰ ਵਰਗ ਵਿੱਚ ਦੂਜਾ ਅਤੇ ਸੀਨੀਅਰ ਵਰਗ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ,ਜਦਕਿ ਕਵੀਸ਼ਰੀ ਅਤੇ ਸ਼ਬਦ ਗਾਇਨ ਦੇ ਮੁਕਾਬਲਿਆਂ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ।ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਸੁਖਜਿੰਦਰ ਸਿੰਘ ਗਿੱਲ,ਐਮਡੀ ਅਮਰਜੀਤ ਸਿੰਘ ਪੰਨੂ ਅਤੇ ਸਮੂਹ ਸਟਾਫ਼ ਵੱਲੋਂ ਜੇਤੂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ।

ਇਸ ਮੌਕੇ ਸਵੇਰ ਦੀ ਸਭਾ ਦੌਰਾਨ ਪ੍ਰਿੰਸੀਪਲ ਸੁਖਜਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਮੁਕਾਬਲੇ ਵਿਦਿਆਰਥੀਆਂ ਅੰਦਰ ਗੁਰਬਾਣੀ,ਸਿੱਖੀ ਸਿਧਾਂਤਾਂ ਅਤੇ ਧਾਰਮਿਕ ਵਿਰਸੇ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਨੇ ਇਨ੍ਹਾਂ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਵਿਸ਼ੇਸ਼ ਤਿਆਰੀ ਕਰਵਾਉਣ ਅਤੇ ਉਨ੍ਹਾਂ ਦੀ ਅਗਵਾਈ ਕਰਨ ਲਈ ਮੈਡਮ ਰਮਨਦੀਪ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ।ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਦੇ ਰਹਿਣਗੇ।

Latest News