Nazrana Times

ਪੰਜਾਬੀ

ਪੰਜਾਬ ਦੀ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਪ੍ਰਫੁੱਲਿਤ ਕਰਨਾ ਸਾਡੀ ਪਹਿਲੀ ਤਰਜ਼ੀਹ ਹੋਵੇਗੀ -ਸੁਖਬੀਰ ਸਿੰਘ ਬਾਦਲ

24 Nov, 2026 01:48 PM

ਹਰਵਿੰਦਰ ਕੌਰ ਖੁੱਡੀ ਕਲਾਂ 
ਬਰਨਾਲਾ , 24 ਨਵੰਬਰ 

:ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਅਤੇ ਇਸ ਪੂਰੇ ਖੇਤਰ ਨੂੰ ਟੈਕਸ ਮੁਕਤ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਖੇਤੀਬਾੜੀ, ਕਿਸਾਨਾਂ ਦੀ ਆਰਥਿਕ ਖੁਸ਼ਹਾਲੀ ਅਤੇ ਫੂਡ ਪ੍ਰੋਸੈਸਿੰਗ ਖੇਤਰ ਬਾਰੇ ਆਪਣਾ ਵਿਜ਼ਨ ਅਤੇ ਆਗਾਮੀ ਚੋਣ ਵਾਅਦੇ ਜਨਤਕ ਕਰਦਿਆਂ ਕੀਤਾ। 

ਇੱਕ ਵਿਸ਼ਾਲ ਜਨਤਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਮੂਲ ਰੂਪ ਵਿੱਚ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਦੀ ਡਗਮਗਾ ਰਹੀ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਲਈ ਖੇਤੀ ਸੈਕਟਰ ਵਿੱਚ ਕ੍ਰਾਂਤੀਕਾਰੀ ਬਦਲਾਅ ਅਤੇ ਵੱਡੇ ਉਦਯੋਗਿਕ ਨਿਵੇਸ਼ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਟੈਕਸਾਂ ਵਿੱਚ ਪੂਰੀ ਛੋਟ ਮਿਲਣ ਨਾਲ ਦੇਸ਼ ਅਤੇ ਵਿਦੇਸ਼ ਦੀਆਂ ਵੱਡੀਆਂ ਕੰਪਨੀਆਂ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਪਲਾਂਟ ਲਗਾਉਣ ਲਈ ਅੱਗੇ ਆਉਣਗੀਆਂ।ਜਿਸ ਨਾਲ ਜਿੱਥੇ ਕਿਸਾਨਾਂ ਦੀਆਂ ਫਸਲਾਂ ਦੀ ਸਿੱਧੀ ਖਰੀਦ ਯਕੀਨੀ ਬਣੇਗੀ, ਉੱਥੇ ਹੀ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਵੀ ਪੈਦਾ ਹੋਣਗੇ।

​ ਆਪਣੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਕਿਸਾਨਾਂ ਨੂੰ ਵਿਸ਼ਵ ਪੱਧਰੀ ਆਧੁਨਿਕ ਖੇਤੀ ਤਕਨਾਲੋਜੀ ਨਾਲ ਜੋੜਨ ਦਾ ਵਾਅਦਾ ਕਰਦਿਆਂ ਕਿਹਾ ਕਿ ਖੇਤੀਬਾੜੀ ਦੇ ਖੇਤਰ ਵਿੱਚ ਉੱਚ-ਤਕਨੀਕ ਵਾਲੀ ਤਕਨਾਲੋਜੀ ਲਿਆਂਦੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਦੀ ਆਰਥਿਕ ਮਦਦ ਕਰਨ ਅਤੇ ਉਨ੍ਹਾਂ 'ਤੇ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਲਈ ਇਸ ਆਧੁਨਿਕ ਤਕਨਾਲੋਜੀ ਅਤੇ ਮਸ਼ੀਨਰੀ 'ਤੇ 75 ਫੀਸਦੀ ਤੱਕ ਭਾਰੀ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਰਵਾਇਤੀ ਤਰੀਕਿਆਂ ਨਾਲ ਖੇਤੀ ਕਰਨਾ ਆਰਥਿਕ ਤੌਰ 'ਤੇ ਲਾਹੇਵੰਦ ਨਹੀਂ ਰਿਹਾ ਹੈ, ਕਿਉਂਕਿ ਖੇਤੀ ਲਾਗਤਾਂ ਲਗਾਤਾਰ ਵਧ ਰਹੀਆਂ ਹਨ। ਇਸ ਲਈ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ, ਪਾਣੀ ਦੀ ਬੱਚਤ ਕਰਨ ਅਤੇ ਪ੍ਰਤੀ ਏਕੜ ਝਾੜ ਵਧਾਉਣ ਲਈ ਸਰਕਾਰੀ ਪੱਧਰ 'ਤੇ ਵੱਡੀ ਵਿੱਤੀ ਅਤੇ ਤਕਨੀਕੀ ਸਹਾਇਤਾ ਦੇਣੀ ਬੇਹੱਦ ਜ਼ਰੂਰੀ ਹੈ।

​ਫਸਲੀ ਵਿਭਿੰਨਤਾ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਰਵਾਇਤੀ ਫਸਲੀ ਚੱਕਰ ਤੋਂ ਬਾਹਰ ਨਿਕਲਣ ਦੀ ਲੋੜ ਹੈ, ਜੋ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਲਈ ਵੀ ਵੱਡਾ ਖ਼ਤਰਾ ਬਣ ਚੁੱਕਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਕਿਸਾਨਾਂ ਦੀ ਆਮਦਨ ਵਿੱਚ ਕਈ ਗੁਣਾ ਵਾਧਾ ਕਰਨ ਲਈ ਕੰਟਰੋਲਡ ਵਾਤਾਵਰਨ (ਜਿਵੇਂ ਕਿ ਪੌਲੀਹਾਊਸ, ਨੈੱਟ ਹਾਊਸ ਅਤੇ ਗ੍ਰੀਨਹਾਊਸ ਆਦਿ) ਵਿੱਚ ਉੱਚ-ਮੁੱਲ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕੀਤਾ ਜਾਵੇਗਾ। ਇਸ ਯੋਜਨਾ ਤਹਿਤ ਸਟ੍ਰਾਬੇਰੀ, ਬਲੂਬੇਰੀ ਅਤੇ ਟਮਾਟਰ ਵਰਗੀਆਂ ਨਕਦੀ ਫਸਲਾਂ ਦੀ ਖੇਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜਿਨ੍ਹਾਂ ਦੀ ਘਰੇਲੂ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਭਾਰੀ ਮੰਗ ਰਹਿੰਦੀ ਹੈ ਅਤੇ ਜਿਨ੍ਹਾਂ ਤੋਂ ਕਿਸਾਨ ਰਵਾਇਤੀ ਫਸਲਾਂ ਦੇ ਮੁਕਾਬਲੇ ਕਈ ਗੁਣਾ ਵੱਧ ਮੁਨਾਫ਼ਾ ਕਮਾ ਸਕਦੇ ਹਨ।

​ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਿਛਲੀ ਸਰਕਾਰ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਅਤੇ ਲੋਕ-ਪੱਖੀ ਨੀਤੀਆਂ ਦਾ ਹਵਾਲਾ ਵੀ ਦਿੱਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2 ਨਵੰਬਰ 2026 ਨੂੰ ਸਾਹਮਣੇ ਆਈ ਇੱਕ ਹੋਰ ਸੋਸ਼ਲ ਮੀਡੀਆ ਵੀਡੀਓ ਵਿੱਚ ਵੀ ਉਨ੍ਹਾਂ ਨੇ ਆਪਣੀ ਪਿਛਲੀ ਸਰਕਾਰ ਵੇਲੇ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਦਿੱਤੀਆਂ ਗਈਆਂ ਵਿਸ਼ੇਸ਼ ਟੈਕਸ ਛੋਟਾਂ ਅਤੇ ਸਹੂਲਤਾਂ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਫਲ, ਸਬਜ਼ੀਆਂ ਅਤੇ ਹੋਰ ਖੇਤੀ ਉਤਪਾਦਾਂ ਦੀ ਬਰਬਾਦੀ ਨੂੰ ਰੋਕਣ ਲਈ ਸੂਬੇ ਭਰ ਵਿੱਚ ਆਧੁਨਿਕ ਕੋਲਡ ਸਟੋਰੇਜ ਚੇਨ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਿਰਯਾਤ-ਮੁਖੀ ਖੇਤੀ ਨੂੰ ਹੁਲਾਰਾ ਦੇਣ ਲਈ ਠੋਸ ਸਰਕਾਰੀ ਸਹਾਇਤਾ, ਮੰਡੀਕਰਨ ਦੇ ਸੁਚੱਜੇ ਪ੍ਰਬੰਧ ਅਤੇ ਬੁਨਿਆਦੀ ਢਾਂਚੇ ਦੀ ਉਸਾਰੀ 'ਤੇ ਜ਼ੋਰ ਦਿੰਦਿਆਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਇਨ੍ਹਾਂ ਸਾਰੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ 'ਤੇ ਲਾਗੂ ਕਰਕੇ ਪੰਜਾਬ ਦੀ ਕਿਸਾਨੀ ਨੂੰ ਮੁੜ ਖੁਸ਼ਹਾਲ ਬਣਾਇਆ ਜਾਵੇਗਾ।

Latest News